ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲਾ ਹੈਰੀਟੇਜ ਸੁਸਾਇਟੀ ਦਾ ‘ਵਿਰਸਾ ਗੁਰਦਾਸਪੁਰ’ ਕੈਲੰਡਰ ਜਾਰੀ

ਗੁਰਦਾਸਪੁਰ

ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੀ ਇਤਿਹਾਸਿਕ ਵਿਰਾਸਤ ਨੂੰ ਉਜ਼ਾਗਰ ਕਰਨ ਲਈ ਕੀਤੇ ਜਾ ਰਹੇ ਉੱਦਮਾਂ ਦੀ ਕੈਬਨਿਟ ਮੰਤਰੀਆਂ ਵੱਲੋਂ ਸਰਾਹਨਾ

ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਤਿਆਰ ਕੀਤਾ ਸਾਲ 2023 ਦਾ ‘ਵਿਰਸਾ ਗੁਰਦਾਸਪੁਰ’ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਬਲਬੀਰ ਸਿੰਘ ਪੰਨੂ ਅਤੇ ਗੁਰਦੀਪ ਸਿੰਘ ਰੰਧਾਵਾ ਵੀ ਮੌਜੂਦ ਸਨ।

ਜ਼ਿਲਾ ਹੈਰੀਟੇਜ ਸੁਸਾਇਟੀ ਦੇ ਵਿਰਸਾ ਕੈਲੰਡਰ ਨੂੰ ਜਾਰੀ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਇਸ ਕੈਲੰਡਰ ਜਰੀਏ ਜ਼ਿਲ੍ਹਾ ਗੁਰਦਾਸਪੁਰ ਦੇ ਅਮੀਰ ਵਿਰਸੇ ਨੂੰ ਦਰਸਾਉਣ ਦਾ ਉਪਰਾਲਾ ਕਾਬਲ-ਏ-ਤਰੀਫ਼ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਦ੍ਰਿੜ ਸੰਕਲਪ ਹੈ ਅਤੇ ਆਪਣੇ ਅਮੀਰ ਵਿਰਸੇ ਤੇ ਇਤਿਹਾਸ ਨੂੰ ਪੂਰੀ ਦੁਨੀਆਂ ਅੱਗੇ ਪੇਸ਼ ਕਰਨ ਲਈ ਸੁਹਿਰਦ ਯਤਨ ਕੀਤੇ ਜਾਣਗੇ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਆਪਣੇ ਅੰਦਰ ਬਹੁਤ ਸਾਰਾ ਅਮੀਰ ਇਤਿਹਾਸਕ ਵਿਰਸਾ ਸਮੋਈ ਬੈਠਾ ਹੈ ਜਿਸ ਬਾਰੇ ਦੁਨੀਆਂ ਨੂੰ ਦੱਸਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਦੀਆਂ ਬਹੁਤ ਸਾਰੀਆਂ ਸੰਭਾਵਨਾਵਾਂ ਮੌਜੂਦ ਹਨ। ਉਨ੍ਹਾਂ ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਵੱਲੋਂ ਵਿਰਸੇ ਦੀ ਸੰਭਾਲ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਭਰਪੁਰ ਸਰਾਹਨਾ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲੇ੍ਹ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜਲਦੀ ਹੀ ਕਾਫੀ ਟੇਬਲ ਬੁੱਕ ਅਤੇ ਬਰਾਊਸ਼ਰ ਵੀ ਤਿਆਰ ਕੀਤੇ ਜਾਣਗੇ। ਉਨਾਂ ਕਿਹਾ ਕਿ ਇਹ ਬਰਾਊਸ਼ਰ ਜਨਤਕ ਟਰਾਂਸਪੋਰਟ, ਰਾਜ ਭਰ ਦੇ ਸਰਕਾਰੀ ਦਫ਼ਤਰਾਂ, ਲਾਇਬ੍ਰੇਰੀਆਂ ਆਦਿ ਵਿੱਚ ਰੱਖੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਬਾਰੇ ਜਾਣਕਾਰੀ ਹਾਸਲ ਕਰ ਸਕਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਆਪਣੇ ਵਿਰਸੇ ਅਤੇ ਇਤਿਹਾਸ ਦੀ ਸੰਭਾਲ ਦੇ ਨਾਲ ਇਸਦੇ ਪ੍ਰਚਾਰ-ਪ੍ਰਸਾਰ ਲਈ ਯਤਨ ਜਾਰੀ ਹਨ। ਉਨ੍ਹਾਂ ਨੇ ਵਿਰਸਾ ਗੁਰਦਾਸਪੁਰ ਕੈਲੰਡਰ ਜਾਰੀ ਕਰਨ ਅਤੇ ਹੈਰੀਟੇਜ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਬਦਲੇ ਸ਼ਾਬਾਸ਼ੀ ਦੇਣ ਲਈ ਮੰਤਰੀ ਸਾਹਿਬਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ ਰੰਧਾਵਾ, ਸਹਾਇਕ ਕਮਿਸ਼ਨਰ (ਜਨਰਲ) ਡਾ. ਵਰੁਣ ਕੁਮਾਰ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਜ਼ਿਲ੍ਹਾ ਹੈਰੀਟੇਜ਼ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾਂ, ਦਮਨਜੀਤ ਸਿੰਘ, ਪ੍ਰਧਾਨ ਨਵਦੀਪ ਸਿੰਘ ਗਿੱਲ, ਰਾਕੇਸ਼ ਤੁੱਲੀ, ਯਸਪਾਲ ਚੌਹਾਨ, ਕਾਕੇ ਸ਼ਾਹ ਬਟਾਲਾ, ਰਾਕੇਸ਼ ਗੋਇਲ, ਭਰਤ ਅਗਰਵਾਲ ਸਮੇਤ ਹੋਰ ਵੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *