ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਸਹਾਇਕ ਕਮਿਸ਼ਨਰ (ਜ) ਡਾ. ਵਰੁਣ ਕੁਮਾਰ ਨੇ ਰਿਹਰਸਲ ਦੌਰਾਨ ਤਿਰੰਗਾ ਝੰਡਾ ਲਹਿਰਾ ਕੇ ਪਰੇਡ ਦਾ ਮੁਆਇਨਾ ਕੀਤਾ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐੱਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ। ਇਸ ਤੋਂ ਬਾਅਦ ਭਾਰਤੀ ਫੌਜ ਦੀ 8-ਜਾਟ ਰੈਜੀਮੈਂਟ ਦੇ ਜਵਾਨਾਂ ਵੱਲੋਂ ਬੈਂਡ ਦੀ ਸ਼ਾਨਦਾਰ ਪ੍ਰਸਤੂਤੀ ਕੀਤੀ। ਉਪਰੰਤ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀ ਅਗਲੀ ਰਿਹਰਸਲ 23 ਜਨਵਰੀ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ, ਜਦਕਿ 26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਸਮਾਗਮ ਮਨਾਇਆ ਜਾਵੇਗਾ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਜੀ.ਏ. ਡਾ. ਵਰੁਣ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਜਿੰਮੇ ਆਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਦਿੱਤੇ ਗਏ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਨੂੰ ਦਰਸਾਇਆ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ। ਡਿਪਟੀ ਕਮਿਸ਼ਨਰ ਨੇ ਇਸਦੇ ਨਾਲ ਹੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ।


