ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਜਨਵਰੀ ਨੂੰ ਬਟਾਲਾ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਿਵ ਸਨੇਹੀਆਂ ਨੂੰ ਕਵੀ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ

ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਪਹਿਲਕਦਮੀ ਕਰਦੇ ਹੋਏ ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ 24 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸ਼ਿਵ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ, ਬਟਾਲਾ ਵਿਖੇ ਹੋਣ ਵਾਲਾ ਇਹ ਸੰਮੇਲਨ 24 ਜਨਵਰੀ ਨੂੰ ਸ਼ਾਮ 4 ਵਜੇ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਕਵੀ ਸੰਮੇਲਨ ਵਿੱਚ ਪੰਜਾਬੀ ਮਾਂ ਬੋਲੀ ਦੇ ਨਾਮਵਰ ਕਵੀਆਂ ਤੋਂ ਇਲਾਵਾ ਪੰਜਵੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀ, ਅੱਠਵੀਂ ਜਮਾਤ ਤੋਂ ਬਾਹਰਵੀਂ ਜਮਾਤ ਤੱਕ ਦੇ ਵਿਦਿਆਰਥੀ ਅਤੇ 12ਵੀਂ ਜਮਾਤ ਤੋਂ ਗਰੈਜੂਏਸ਼ਨ ਤੱਕ ਦੇ ਵਿਦਿਆਰਥੀ ਜਾਂ ਹੋਰ ਵੀ ਕੋਈ ਕਵੀ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕਵੀ ਸੰਮੇਲਨ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਦੇ ਨਾਲ ਨਗਦ ਇਨਾਮ ਵੀ ਦਿੱਤੇ ਜਾਣਗੇ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸ਼ਿਵ ਬਟਾਲਵੀ ਪੰਜਾਬੀ ਮਾਂ ਬੋਲੀ ਦਾ ਉਹ ਸ਼ਾਇਰ ਹੈ ਜਿਸ ਨੇ ਪੂਰੀ ਦੁਨੀਆਂ ਵਿੱਚ ਮਾਂ ਬੋਲੀ ਪੰਜਾਬੀ ਅਤੇ ਆਪਣੇ ਸ਼ਹਿਰ ਬਟਾਲਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਇਰ ਦੀ ਯਾਦ ਵਿੱਚ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮਿਲ ਕੇ ਲੜੀਵਾਰ ਸੈਮੀਨਾਰ, ਨਾਟਕ ਅਤੇ ਕਵੀ ਦਰਬਾਰ ਕਰਵਾਏ ਜਾਣਗੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਵੱਧ ਤੋਂ ਵੱਧ ਜੋੜਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਤੇ ਸ਼ਿਵ ਕੁਮਾਰ ਬਟਾਲਵੀ ਨੂੰ ਚਾਹੁਣ ਵਾਲਿਆਂ ਨੂੰ 24 ਜਨਵਰੀ ਸ਼ਾਮ 4 ਵਜੇ ਹੋ ਰਹੇ ਇਸ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ ਹੈ।

Leave a Reply

Your email address will not be published. Required fields are marked *