ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ) — ਜ਼ਿਲ੍ਹੇ ਦੀਆਂ ਦੀਨਾਨਗਰ ਮਿਊਂਸਪਲ ਕਮੇਟੀਆਂ ਅਤੇ ਨਗਰ ਕੌਂਸਲਾਂ ਅਧੀਨ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ।
ਐਡਵੋਕੇਟ ਰਾਕੇਸ਼ ਕੁਮਾਰ ਨਡਾਲਾ, ਸੈਂਟਰਲ ਗਵਰਨਮੈਂਟ ਕੌਂਸਲ ਅਤੇ ਐਡੀਸ਼ਨਲ ਸਟੈਂਡਿੰਗ ਗਵਰਨਮੈਂਟ ਕੌਂਸਲ ਨੇ ਕਿਹਾ ਕਿ ਸਫਾਈ ਕਰਮਚਾਰੀ ਸਮਾਜ ਦਾ ਬਹੁਤ ਹੀ ਮਹੱਤਵਪੂਰਨ ਹਿੱਸਾ ਹਨ, ਜੋ ਹਰ ਮੌਸਮ ਅਤੇ ਹਰ ਮੁਸ਼ਕਲ ਹਾਲਾਤ ਵਿੱਚ ਆਪਣੀ ਡਿਊਟੀ ਨਿਭਾਉਂਦੇ ਹਨ। ਉਹ ਆਪਣੇ ਅਤੇ ਆਪਣੇ ਪਰਿਵਾਰਾਂ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਣ ਲਈ ਦਿਨ-ਰਾਤ ਮਿਹਨਤ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਤਨਖਾਹਾਂ, ਨੌਕਰੀ ਦੀ ਸੁਰੱਖਿਆ, ਸਰਕਾਰੀ ਸਹੂਲਤਾਂ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਕਈ ਦਿਨਾਂ ਤੋਂ ਹੜਤਾਲ ਜਾਰੀ ਹੋਣ ਦੇ ਬਾਵਜੂਦ ਵੀ ਕੋਈ ਉੱਚ ਸਰਕਾਰੀ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਜਾਂ ਹੱਰਨ ਲਈ ਅੱਗੇ ਨਹੀਂ ਆਇਆ।
ਐਡਵੋਕੇਟ ਨਡਾਲਾ ਨੇ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਉਨ੍ਹਾਂ ਨਾਲ ਗੱਲਬਾਤ ਕਰਕੇ ਮਾਮਲੇ ਦਾ ਹੱਲ ਕੱਢਿਆ ਜਾਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਵੀ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਗਈ ਹੈ।


