ਐੱਸ.ਡੀ.ਐੱਮ. ਗੁਰਦਾਸਪੁਰ ਦੀ ਅਗਵਾਈ ਹੇਠ ਅਧਿਕਾਰੀਆਂ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ
ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਹੈ ਜਿਸ ਤਹਿਤ ਅੱਜ ਤਹਿਸੀਲ ਗੁਰਦਾਸਪੁਰ ਦੇ ਪਿੰਡ ਸਿਧਵਾਂ ਵਿਖੇ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਇਆ ਗਿਆ। ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਜਨ ਸੁਵਿਧਾ ਕੈਂਪ ਵਿੱਚ ਹਿੱਸਾ ਲੈ ਕੇ ਪਿੰਡ ਵਾਸੀਆਂ ਨੂੰ ਬੁਢਾਪਾ ਪੈਨਸ਼ਨ ਸਮੇਤ ਹੋਰ ਪੈਨਸ਼ਨਾਂ, ਲੇਬਰ ਵਿਭਾਗ ਨਾਲ ਸਬੰਧਤ ਸੇਵਾਵਾਂ, ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਮੇਤ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਨਾਲ-ਨਾਲ ਸਾਰੇ ਵਿਭਾਗਾਂ ਵੱਲੋਂ ਇੱਕੋ ਛੱਤ ਥੱਲੇ ਸਰਕਾਰੀ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਗਿਆ।
ਕੈਂਪ ਵਿੱਚ ਹਾਜ਼ਰ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਜਨ ਸੁਵਿਧਾ ਕੈਂਪਾਂ ਵਿੱਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਪਿੰਡਾਂ ਵਿਚ ਰਹਿ ਰਹੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਫਾਰਮ ਭਰਕੇ ਲੋੜਵੰਦ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਮੁਸ਼ਕਲਾਂ ਵੀ ਸੁਣੀਆਂ ਗਈਆਂ ਹਨ ਅਤੇ ਅਧਿਕਾਰੀਆਂ ਵੱਲੋਂ ਸਬੰਧਤ ਵਿਭਾਗਾਂ ਨੂੰ ਉਨਾਂ ਮੁਸ਼ਕਲਾਂ ਦੇ ਹੱਲ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਐੱਸ.ਡੀ.ਐੱਮ. ਘੁੰਮਣ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ।