25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਫਾਰਮ
ਜ਼ਿਲ੍ਹੇ ‘ਚ ਐਸ.ਆਈ.ਆਰ ਅਧੀਨ 85.02 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ
ਸਮੂਹ ਵੋਟਰਾਂ ਨੂੰ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ
-ਕਿਹਾ, ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਐਸ.ਆਈ.ਆਰ ਦਾ ਕੰਮ
ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (SIR) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਅਧੀਨ ਪੰਜਾਬ ਰਾਜ ਵਿੱਚ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਐਸ.ਆਈ.ਆਰ ਕਰਵਾਉਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਸ ਕੰਮ ਨੂੰ ਪੂਰੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ 1553 ਬੂਥਾਂ ‘ਤੇ 1555 ਬੀ.ਐਲ.ਓਜ਼, 161 ਸੁਪਰਵਾਈਜ਼ਰ, 7 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤੇ 7 ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਮੇਂ 1289140 ਵੋਟਰ ਹਨ।ਐਸ.ਆਈ.ਆਰ ਅਧੀਨ ਜ਼ਿਲ੍ਹਾ ਗੁਰਦਾਸਪੁਰ ਵਿੱਚ 1289140 ਵੋਟਰਾਂ ਵਿੱਚੋਂ 1095988 ਵੋਟਰ ਮੈਪ ਕਰ ਦਿੱਤੇ ਗਏ ਹਨ, ਜੋ ਕਿ ਤਕਰੀਬਨ 85.02 ਫੀਸਦੀ ਬਣਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਜਰੂਰੀ ਹੈ, ਫਿਰ ਵੀ ਮੈਪ ਕੀਤੇ ਹੋਏ ਵੋਟਰਾਂ ਲਈ ਐਸ.ਆਈ.ਆਰ ਦੀ ਪ੍ਰਕਿਰਿਆ ਕਾਫੀ ਆਸਾਨ ਹੋਵੇਗੀ। ਜੇਕਰ ਕੋਈ ਵੋਟਰ ਐਸ.ਆਈ.ਆਰ ਅਧੀਨ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵੇ ਅਤੇ ਇਤਰਾਜ਼ ਮਿਤੀ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਲਏ ਜਾਣਗੇ ਜਿਨਾਂ ਦਾ ਨਿਪਟਾਰਾ ਮਿਤੀ 28 ਸਤੰਬਰ 2026 ਤੱਕ ਕਰਦੇ ਹੋਏ ਮਿਤੀ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਐਸ.ਆਈ.ਆਰ ਅਧੀਨ ਹੀ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕਾਰਜ ਮਿਤੀ 24 ਜੁਲਾਈ 2026 ਤੱਕ ਕੀਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ।
ਆਦਿਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਲਈ 1 ਅਕਤੂਬਰ 2026 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ।


