ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨਵਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕਾਨੂੰਨਾਂ ਬਾਰੇ ਦਿੱਤੀ ਜਾਣਕਾਰੀ
ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘਈਏ ਕੇ ਬਾਂਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਫਤਿਹਗੜ੍ਹ ਚੂੜੀਆਂ ਅਤੇ ਮੈਰੀਗੋਲਡ ਸੀਨੀਅਰ ਸੈਕੰਡਰੀ ਸਕੂਲ, ਅਲੀਵਾਲ ਵਿਖੇ ਕਾਨੂੰਨੀ ਜਾਗਰੂਕਤਾ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਏ ਗਏ। ਇਹਨਾਂ ਸੈਮੀਨਾਰਾਂ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਵੱਲੋਂ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਕੰਪਨਸੇਸ਼ਨ ਸਕੀਮ ਫਾਰ ਵੋਮੈਨ-2018, ਲੀਗਲ ਏਡ, ਲੋਕ ਅਦਾਲਤਾਂ, ਪੋਸਕੋ ਐਕਟ-2012 ਬਾਰੇ ਜਾਗਰੂਕ ਕੀਤਾ ਗਿਆ।
ਲੋਕ ਅਦਾਲਤਾਂ ਬਾਰੇ ਜਾਣਕਾਰੀ ਦਿੰਦਿਆਂ ਨਵਦੀਪ ਕੌਰ ਗਿੱਲ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੋਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ ਉਹਨਾਂ ਦੀ ਆਪਸੀ ਦੁਸਮਣੀ ਘਟਾਈ ਜਾ ਸਕੇ। ਉਨਾਂ ਕਿਹਾ ਕਿ ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸਾਮਿਲ ਕੀਤੇ ਜਾ ਸਕਦੇ ਹਨ। ਇਸਤੋਂ ਇਲਾਵਾ ਜੋ ਝਗੜਾ ਅਦਾਲਤ ਵਿੱਚ ਨਾ ਚੱਲਦਾ ਹੋਵੇ, ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਾਖਸਤ ਦੇ ਕੇ ਰਾਜੀਨਾਮੇ ਲਈ ਲਿਆਂਦਾ ਜਾ ਸਕਦਾ ਹੈ ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਇਹਨਾਂ ਸੈਮੀਨਾਰਾਂ ਦੌਰਾਨ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਲੋੜਵੰਦ ਵਿਅਕਤੀ ਮੁਫ਼ਤ ਕਾਨੂੰਨੀ ਸਹਾਇਤਾ ਹਾਸਲ ਕਰ ਸਕਣ। ਅੱਜ ਦੇ ਸੈਮੀਨਾਰਾਂ ਦੌਰਾਨ ਸਕੂਲਾਂ ਦੇ ਲਗਭਗ 930 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।