ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਐੱਸ.ਸੀ.ਈ.ਆਰ.ਟੀ ਪੰਜਾਬ ਦੀ ਸਹਾਇਕ ਡਾਇਰੈਕਟਰ ਸ਼ਰੂਤੀ ਸ਼ੁਕਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਪਰਮਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਅਤੇ ਵੇਦ ਕੌਰ ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਵਿਸ਼ੇਸ਼ ਵਿਦਿਅਕ ਦੌਰਾ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੂੰ ਕਰੀਅਰ ਨਿਰਮਾਣ, ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਰੋਜ਼ਗਾਰਮੁਖੀ ਮੌਕਿਆਂ ਸਬੰਧੀ ਮਹੱਤਵਪੂਰਨ ਅਤੇ ਪ੍ਰੇਰਣਾਦਾਇਕ ਜਾਣਕਾਰੀ ਪ੍ਰਦਾਨ ਕੀਤੀ ਗਈ।
ਕਾਰਜਕ੍ਰਮ ਦੌਰਾਨ ਸਕੂਲ ਆਫ ਐਮੀਨੈਂਸ ਗੁਰਦਾਸਪੁਰ ਦੇ ਪ੍ਰਿੰਸੀਪਲ ਅਨਿਲ ਭੱਲਾ, ਵੇਦ ਕੌਰ ਆਰਿਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਿੰਸੀਪਲ ਮਮਤਾ ਡੋਗਰਾ, ਗਾਈਡੈਂਸ ਕੌਂਸਲਰ ਸ਼ੈਲਜਾ ਅਤੇ ਰੰਜੂ ਬਾਲਾ ਨੇ ਵਿਦਿਆਰਥੀਆਂ ਨੂੰ ਅਜਿਹੇ ਮਾਰਗਦਰਸ਼ਨ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਆਪਣੇ ਸੰਬੋਧਨ ਦੌਰਾਨ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਤੋਂ ਬਾਅਦ ਉਪਲੱਬਧ ਵੱਖ-ਵੱਖ ਕਰੀਅਰ ਵਿਕਲਪਾਂ, ਪ੍ਰਤੀਯੋਗੀ ਪ੍ਰੀਖਿਆਵਾਂ, ਸਕਿੱਲ ਡਿਵੈਲਪਮੈਂਟ ਪ੍ਰੋਗਰਾਮਾਂ ਅਤੇ ਕਿੱਤਾਮੁਖੀ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਦੇ ਮੁਕਾਬਲੇਭਰੇ ਯੁੱਗ ਵਿੱਚ ਸਹੀ ਸਮੇਂ ‘ਤੇ ਮਿਲਿਆ ਸਹੀ ਮਾਰਗਦਰਸ਼ਨ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਟੀਚੇ ਨਿਰਧਾਰਤ ਕਰਕੇ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਐਨ.ਡੀ.ਏ., ਸੀ.ਡੀ.ਐੱਸ., ਸੀ.ਯੂ.ਈ.ਟੀ., ਬੈਂਕਿੰਗ, ਰੇਲਵੇ, ਪੈਰਾਮੈਡੀਕਲ, ਆਈ.ਟੀ.ਆਈ., ਪਾਲੀਟੈਕਨਿਕ ਅਤੇ ਹੋਰ ਰੋਜ਼ਗਾਰਮੁਖੀ ਕੋਰਸਾਂ ਬਾਰੇ ਵੀ ਜਾਗਰੂਕ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੇ ਕਰੀਅਰ ਅਤੇ ਭਵਿੱਖ ਨਾਲ ਸਬੰਧਤ ਕਈ ਪ੍ਰਸ਼ਨ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਵੱਲੋਂ ਸੌਖੇ, ਵਿਹਾਰਕ ਅਤੇ ਪ੍ਰੇਰਣਾਦਾਇਕ ਢੰਗ ਨਾਲ ਜਵਾਬ ਦਿੱਤੇ ਗਏ।


