ਸ਼ਹਿਰਾਂ ਦੇ ਨਾਲ ਪਿੰਡ ਵਿੱਚ ਵੀ ਸਾਲਿਡ ਵੇਸਟ ਮੈਨੇਜਮੈਂਟ ਤਹਿਤ ਕੰਮ ਕਰਨ ਦੀਆਂ ਹਦਾਇਤਾਂ ਜਾਰੀ
ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸਾਲਿਡ ਵੇਸਟ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕਰਨ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਸੁੱਕੇ ਅਤੇ ਗਿੱਲੇ ਕੂੜੇ ਨੂੰ ਸੈਗਰੀਗੇਟ ਕਰਕੇ ਇਸਦਾ ਨਿਪਟਾਰਾ ਕੀਤਾ ਜਾਵੇ ਅਤੇ ਪਲਾਸਟਿਕ ਵੇਸਟ ਨੂੰ ਰੀਸਾਈਕਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਕੂੜੇ ਦੇ ਜੋ ਪੁਰਾਣੇ ਡੰਪ ਲੱਗੇ ਹੋਏ ਹਨ ਉਨ੍ਹਾਂ ਨੂੰ 31 ਅਗਸਤ 2023 ਤੱਕ ਖਤਮ ਕੀਤਾ ਜਾਵੇ। ਇਸਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ, ਸਿਹਤ ਸੰਸਥਾਵਾਂ ਅਤੇ ਨਿੱਜੀ ਲੈਬਾਰਟਰੀਆਂ ਵਿਚੋਂ ਪੈਦਾ ਹੁੰਦੇ ਮੈਡੀਕਲ ਬਾਇਓ ਵੇਸਟ ਦਾ ਨਿਪਟਾਰਾ ਵੀ ਨਿਯਮਾਂ ਅਨੁਸਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਈ-ਵੇਸਟ ਮੈਨਜਮੈਂਟ ਉੱਪਰ ਵੀ ਤਰਜੀਹੀ ਤੌਰ ’ਤੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਸਖਤੀ ਵਰਤੀ ਜਾਵੇ ਅਤੇ ਜਿਹੜੇ ਦੁਕਾਨਦਾਰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰ ਰਹੇ ਹਨ ਉਨ੍ਹਾਂ ਦੇ ਚਲਾਨ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਵੀ ਸਾਲਡ ਵੇਸਟ ਮੈਨਜਮੈਂਟ ਤਹਿਤ ਕੰਮ ਕੀਤਾ ਜਾਵੇ। ਪਿੰਡਾਂ ਵਿੱਚ ਵੀ ਪਿਟਸ ਅਤੇ ਐੱਮ.ਆਰ.ਐੱਫ ਯੂਨਿਟ ਬਣਾਏ ਜਾਣ ਤਾਂ ਜੋ ਕੂੜੇ ਦਾ ਨਿਪਟਾਰਾ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰਾਂ ਤੇ ਪਿੰਡਾਂ ਦੀ ਸਾਫ਼-ਸਫ਼ਾਈ ਲਈ ਸਥਾਨਕ ਲੋਕਾਂ ਦਾ ਸਹਿਯੋਗ ਵੀ ਲਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਾਗੀਦਾਰੀ ਨਾਲ ਸਫ਼ਾਈ ਵਿਵਸਥਾ ਨੂੰ ਅਸਾਨੀ ਨਾਲ ਬਹਾਲ ਰੱਖਿਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਵੀ ਕਿ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਆਮ ਲੋਕਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਅਤੇ ਇਸ ਲਈ ਲੋਕਾਂ ਨੂੰ ਅੱਗੇ ਹੋ ਕੇ ਆਪਣਾ ਰੋਲ ਅਦਾ ਕਰਨਾ ਚਾਹੀਦਾ ਹੈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਮਨਮੋਹਨ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਜਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ, ਨਗਰ ਕੌਂਸਲਾਂ ਦੇ ਈ.ਓਜ਼ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।