ਆਮ ਆਦਮੀ ਕਲੀਨਿਕ ਨੀਤੀ ਨੇ ਬਰਬਾਦ ਕਰ ਦਿੱਤੀਆਂ ਸਿਹਤ ਸੇਵਾਵਾਂ – ਬਾਜਵਾ

ਪੰਜਾਬ

ਅਧਿਆਪਕ-ਵਿਦਿਆਰਥੀ ਅਨੁਪਾਤ ‘ਚ ਦਿੱਲੀ ਦੇ ਸਕੂਲਾਂ ਦਾ ਸਭ ਤੋਂ ਮਾੜਾ ਹਾਲ

ਗੁਰਦਾਸਪੁਰ, 15 ਫਰਵਰੀ (ਸਰਬਜੀਤ ਸਿੰਘ)–ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਵਿਗੜ ਰਹੀਆਂ ਐਮਰਜੈਂਸੀ ਸਿਹਤ ਸੇਵਾਵਾਂ ਲਈ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ।
ਬਾਜਵਾ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਤੋਂ 200 ਤੋਂ ਵੱਧ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ (ਪੀਸੀਐਮਐਸ) ਡਾਕਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕੀਤਾ ਗਿਆ ਹੈ। ਇਸ ਨਾਲ ਪੂਰੇ ਪੰਜਾਬ ਵਿੱਚ ਖਾਸ ਕਰਕੇ ਬਠਿੰਡਾ, ਬਰਨਾਲਾ, ਫਰੀਦਕੋਟ, ਲੁਧਿਆਣਾ ਅਤੇ ਮੁਕਤਸਰ ਜ਼ਿਲ੍ਹਿਆਂ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਗਿਆ ਹੈ।
ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹਸਪਤਾਲਾਂ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਨਾਲ ਨਜਿੱਠਣ ਲਈ ਕੋਈ ਅਗਾਊਂ ਪ੍ਰਬੰਧ ਕੀਤੇ ਬਿਨਾਂ ਡਾਕਟਰਾਂ ਨੂੰ ਆਮ ਆਦਮੀ ਦੇ ਕਲੀਨਿਕਾਂ ਵਿਚ ਤਾਇਨਾਤ ਕੀਤਾ ਹੈ ਤਾਂ ਜੋ ਸਸਤੀ ਸ਼ੋਹਰਤ ਹਾਸਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੇਂਡੂ ਡਿਸਪੈਂਸਰੀਆਂ ਦੇ ਡਾਕਟਰਾਂ ਨੂੰ ਵੀ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤ ਕੀਤਾ ਗਿਆ ਸੀ, ਜਿਸ ਦੀ ਪੂਰੇ ਪੰਜਾਬ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਵਿਆਪਕ ਆਲੋਚਨਾ ਕੀਤੀ ਗਈ ਸੀ।
ਬਾਜਵਾ ਨੇ ਅੱਗੇ ਕਿਹਾ, “ਮੇਰੇ ਧਿਆਨ ਵਿਚ ਇਹ ਵੀ ਆਇਆ ਹੈ ਕਿ ਰੇਡੀਓਲੋਜੀ, ਬਾਲ ਰੋਗਾਂ, ਐਨਸਥੀਟਿਸਟ ਅਤੇ ਗਾਇਨੀਕੋਲੋਜੀ ਵਿਭਾਗਾਂ ਦੇ ਮਾਹਿਰਾਂ ਨੂੰ ਵੀ ਹਸਪਤਾਲਾਂ ਵਿਚ ਇਨ੍ਹਾਂ ਸੇਵਾਵਾਂ ਲਈ ਬਦਲਵੇਂ ਅਤੇ ਢੁਕਵੇਂ ਪ੍ਰਬੰਧ ਕੀਤੇ ਬਿਨਾਂ ਹੀ ਬਾਹਰ ਭੇਜ ਦਿੱਤਾ ਗਿਆ ਸੀ। ਬਾਜਵਾ ਨੇ ਕਿਹਾ ਕਿ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਡਾ. ਕੰਵਲਜੀਤ ਸਿੰਘ ਬਾਜਵਾ ਨੇ ਵੀ ਪੰਜਾਬ ਸਰਕਾਰ ਦੇ ਉਪਰੋਕਤ ਕਦਮਾਂ ਨੂੰ ਜਲਦਬਾਜੀ ਅਤੇ ਸੋਚ ਤੋਂ ਰਹਿਤ ਕਰਾਰ ਦਿੱਤਾ ਹੈ।
ਬਾਜਵਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਵਿੱਚ ਸਿੱਖਿਆ ਦੇ ਫੇਲ੍ਹ ਹੋਏ ਮਾਡਲ ਦੀ ਵੀ ਆਲੋਚਨਾ ਕੀਤੀ ਜਿਸ ਨੂੰ ਉਹ ਭਗਵੰਤ ਮਾਨ ਦਾ ਗਲਾ ਦਬਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਕੇਂਦਰੀ ਸਿੱਖਿਆ ਮੰਤਰਾਲੇ ਦੁਆਰਾ ਪੇਸ਼ ਕੀਤੀ ਗਈ ਤਾਜ਼ਾ ਰਿਪੋਰਟ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਵਿਦਿਆਰਥੀ ਅਨੁਪਾਤ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਪਛੜਿਆ ਹੈ।
ਬਾਜਵਾ ਨੇ ਅੱਗੇ ਕਿਹਾ, “ਪ੍ਰਾਇਮਰੀ ਜਮਾਤਾਂ ਤੱਕ ਸਿਰਫ਼ ਬਿਹਾਰ ਹੀ ਦਿੱਲੀ ਤੋਂ ਪਿੱਛੇ ਹੈ।” ਦੂਜੇ ਪਾਸੇ ਇਸੇ ਕੇਂਦਰੀ ਸਿੱਖਿਆ ਮੰਤਰਾਲੇ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਕੂਲਾਂ ਨੂੰ ਦੇਸ਼ ਵਿੱਚੋਂ ਸਰਵੋਤਮ ਸਕੂਲਾਂ ਦਾ ਦਰਜਾ ਦਿੱਤਾ ਸੀ, ਜੋ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੂੰ ਬਿਲਕੁਲ ਮਨਜ਼ੂਰ ਨਹੀਂ ਸੀ ਕਿਉਂਕਿ ਇਹ ਸਿਆਸੀ ਤੌਰ ’ਤੇ ਉਨ੍ਹਾਂ ਦੇ ਅਨੁਕੂਲ ਨਹੀਂ ਸੀ।

Leave a Reply

Your email address will not be published. Required fields are marked *