ਕੀਟਨਾਸ਼ਕ ਰਸਾਇਣਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਜ਼ਰੂਰੀ: ਡਾ. ਅਮਰੀਕ ਸਿੰਘ

ਗੁਰਦਾਸਪੁਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਜਗਤਪੁਰ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ

ਗੁਰਦਾਸਪੁਰ, 16 ਫਰਵਰੀ (ਸਰਬਜੀਤ ਸਿੰਘ) – ਮੌਸਮੀ ਤਬਦੀਲੀਆਂ ਕਾਰਨ ਹੋ ਰਹੇ ਤਾਪਮਾਨ ਵਿਚ ਵਾਧੇ ਕਾਰਨ ਫ਼ਸਲਾਂ ਉੱਪਰ ਪੈਣ ਵਾਲੇ ਪ੍ਰਭਾਵ ਅਤੇ ਬਚਾਅ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜਿਲਾ ਕਿਸਾਨ  ਸਿਖਲਾਈ ਕੇਂਦਰ ਵੱਲੋਂ ਪਿੰਡ ਜਗਤਪੁਰ ਬਲਾਕ ਗੁਰਦਾਸਪੁਰ ਵਿਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਡਾ.ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਦੀ ਅਗਵਾਈ ਹੇਠ ਲਗਾਏ ਗਏ ਜਾਗਰੂਕਤਾ ਕੈਂਪ ਮੌਕੇ ਦਾ ਹਰਪਿੰਦਰ ਸਿੰਘ ਵਿਸ਼ਾ ਵਸਤੂ ਮਾਹਿਰ, ਡਾ.ਦਿਲਰਾਜ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ (ਸਿਖਲਾਈ), ਮੁਨੀਸ਼ ਕੁਮਾਰ, ਸਤਪਾਲ, ਜਨਕ ਰਾਜ, ਬੀਬੀ ਸੁਰਿੰਦਰ ਕੌਰ, ਦਰਸ਼ਨ ਲਾਲ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

           ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ  ਦਾਲਾਂ ਸਾਕਾਹਾਰੀ ਲੋਕਾਂ ਦੀ ਖੁਰਾਕ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨਾਂ ਕਿਹਾ ਕਿ  ਦਾਲਾਂ ਵਾਲੀਆਂ ਫਸਲਾਂ ਨੂੰ ਅੰਤਰ-ਫਸਲਾਂ ਵੱਜੋਂ ਕਾਸ਼ਤ ਕਰਨ ਨਾਲ ਜਿਥੇ ਵਾਧੂ ਆਮਦਨ ਮਿਲਦੀ ਹੈ ਉਥੇ ਜ਼ਮੀਨ ਸਿਹਤ ਵਿੱਚ ਸੁਧਾਰ ਹੋਣ ਨਾਲ ਮੁੱਖ ਫਸਲ ਦੀ ਪੈਦਾਵਾਰ ਵੀ ਵਧਦੀ ਹੈ। ਉਨਾਂ ਕਿਹਾ ਕਿ ਦਾਲਾਂ ਦੀ ਕਾਸ਼ਤ ਕਰਨ ਨਾਲ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਣ ਨਾਲ ਖੇਤੀ ਲਾਗਤ ਖਰਚੇ ਘੱਟ ਹੁੰਦੇ ਹਨ। ਉਨਾਂ ਕਿਹਾ ਕਿ ਵਧ ਰਹੇ ਤਾਪਮਾਨ ਕਾਰਨ ਸਿਰਫ ਫਸਲਾਂ ਦੀ ਪੈਦਾਵਾਰ ਹੀ ਨਹੀਂ ਪ੍ਰਭਾਵਤ ਹੋ ਰਹੀ ਸਗੋਂ ਮਨੁੱਖੀ ਅਤੇ ਪਸ਼ੂ ਸਿਹਤ ਵੀ ਪ੍ਰਭਾਵਤ ਹੋ ਰਹੀ ਹੈ। ਉਨਾਂ ਕਿਹਾ ਕਿ ਮੌਜੁਦਾ ਸਮੇਂ ਵਿੱਚ ਵੀ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਚੱਲ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਦਿਨ ਦਾ ਤਾਪਮਾਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਾੜ੍ਹੀ ਦੀਆਂ ਫਸਲਾਂ ਖਾਸ ਕਰਕੇ ਕਣਕ ਦੀ ਪੈਦਾਵਾਰ ‘ਤੇ ਬੁਰਾ ਪ੍ਰਭਾਵ ਪੈ ਸਕਦਾ ਹੈ।

ਡਾ.ਹਰਪਿੰਦਰ ਸਿੰਘ ਨੇ ਕਿਹਾ ਕਿ ਵਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਜ਼ਰੂਰੀ ਹੈ ਫਸਲਾਂ ਦਾ ਨਿਰੰਤਰ ਨਿਰੀਖਣ ਕਰਦੇ ਰਹੀਏ। ਉਨਾਂ ਕਿਹਾ ਕਿ ਇਸ ਪ੍ਰਭਾਵ ਨੂੰ ਘਟਾਉਣ ਲਈ ਜ਼ਰੂਰਤ ਅਨੁਸਾਰ ਫਸਲਾਂ ਖਾਸ ਕਰਕੇ ਕਣਕ ਦੀ ਫਸਲ ਨੂੰ ਹਲਕਾ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਕਣਕ ਦੀ ਫਸਲ ਉੱਪਰ 4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ (13:0:45 ) ਪ੍ਰਤੀ ਏਕੜ ਨੂੰ  200 ਲਿਟਰ ਪਾਣੀ ਵਿੱਚ ਘੋਲ ਕੇ ਦੋ ਵਾਰ ਛਿੜਕਾਅ ਕਰ ਦੇਣਾ ਚਾਹੀਦਾ ਹੈ।

ਡਾ. ਦਿਲਰਾਜ ਸਿੰਘ ਨੇ ਕਿਹਾ ਕਿ ਮਾਹਾਂ ਦੀ ਬਿਜਾਈ ਲਈ ਪ੍ਰਤੀ ਏਕੜ 20 ਕਿਲੋ ਬੀਜ ਵਰਤਣਾ ਚਾਹੀਦਾ ਅਤੇ ਬਿਜਾਈ ਮਾਰਚ ਮਹੀਨੇ ਕਰਨੀ ਚਾਹੀਦੀ ਹੈ। ਉਨਾ ਕਿਹਾ ਕਿ ਹਰੇਕ ਕਿਸਾਨ ਨੂੰ  ਸਾਲਾਨਾ ਘਰੇਲੂ ਜ਼ਰੂਰਤਾਂ ਦੀ ਪੂਰਤੀ ਲਈ ਦਾਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਕਰਨੀ ਚਾਹੀਦੀ ਹੈ।

ਇਸ ਮੌਕੇ ਕਿਸਾਨ ਜਨਕ ਰਾਜ, ਸਤਪਾਲ ਅਤੇ ਦਰਸ਼ਨ ਪਾਲ  ਨੇ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ।

Leave a Reply

Your email address will not be published. Required fields are marked *