ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥਣਾਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਗਰੂਕ ਕਰਨ ਦੀਆਂ ਹਦਾਇਤਾਂ ਜਾਰੀ

ਪੰਜਾਬ

ਬਾਲ ਭਿੱਖਿਆ ਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਅਰੰਭਣ ਦੇ ਹੁਕਮ

ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਅਤੇ ਬਾਲ ਭਲਾਈ ਕਮੇਟੀ ਦੇ ਕੰਮ-ਕਾਜ ਦਾ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਲੜਕੀਆਂ ਨੂੰ ਗੁੱਡ ਟੱਚ ਤੇ ਬੈਡ ਟੱਚ ਬਾਰੇ ਜਾਗਰੂਕ ਕੀਤਾ ਜਾਵੇ।

ਇਸ ਤੋਂ ਇਲਾਵਾ ਕਿਰਤ ਵਿਭਾਗ, ਬਾਲ ਸੁਰੱਖਿਆ ਯੂਨਿਟ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਵੱਲੋਂ ਮਿਲ ਕੇ ਜ਼ਿਲ੍ਹੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਵਿਚੋਂ ਕੱਢ ਕੇ ਉਨ੍ਹਾਂ ਨੂੰ ਪੜ੍ਹਾਈ ਲਈ ਸਕੂਲਾਂ ਵਿੱਚ ਭੇਜਿਆ ਜਾਵੇ ਅਤੇ ਸਿੱਖਿਆ ਵਿਭਾਗ ਅਤੇ ਬਾਲ ਸੁਰੱਖਿਆ ਯੂਨਿਟ ਵੱਲੋਂ ਉਨ੍ਹਾਂ ਬੱਚਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਇਸਦੇ ਨਾਲ ਹੀ ਅਜਿਹੇ ਬੱਚਿਆਂ ਦਾ ਮੁੜ ਵਸੇਬਾ ਕਰਨ ਦੇ ਉਪਰਾਲੇ ਵੀ ਕੀਤੇ ਜਾਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਿੰਡ ਅਤੇ ਬਲਾਕ ਪੱਧਰ ’ਤੇ ਸਥਾਪਤ ਬਾਲ ਭਲਾਈ ਕਮੇਟੀਆਂ ਦੇ ਮੈਂਬਰਾਂ ਨੂੰ ਇਸ ਖੇਤਰ ਵਿੱਚ ਅੱਗੇ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ ਉਨ੍ਹਾਂ ਨੂੰ ਬਾਲ ਭਲਾਈ ਕਮੇਟੀਆਂ ਦੇ ਅਧਿਕਾਰਾਂ ਤੇ ਕਾਰਜ ਖੇਤਰ ਬਾਰੇ ਵੀ ਜਾਗਰੂਕ ਕੀਤਾ ਜਾਵੇ।

ਮੀਟਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਵੀ ਵਿਚਾਰ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲੀ ਵਾਹਨਾਂ ਦੀ ਚੈਕਿੰਗ ਕਰਕੇ ਇਹ ਯਕੀਨੀ ਬਣਾਉਣ ਕਿ ਸਾਰੇ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੀ ਚੱਲਦੇ ਹੋਣ। ਇਸਤੋਂ ਇਲਾਵਾ ਸਕੂਲੀ ਵਾਹਨ ਚਲਾਉਣ ਵਾਲੇ ਡਰਾਇਵਰਾਂ ਅਤੇ ਸਕੂਲ ਪ੍ਰਬੰਧਕਾਂ ਨੂੰ ਸਕੂਲ ਵਾਹਨ ਪਾਲਿਸੀ ਬਾਰੇ ਟ੍ਰੇਨਿੰਗ ਦਿੱਤੀ ਜਾਵੇ।

ਮੀਟਿੰਗ ਦੌਰਾਨ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਰੀਵਿਊ ਵੀ ਕੀਤਾ ਗਿਆ। ਮੀਟਿੰਗ ਦੌਰਾਨ ਏ.ਡੀ.ਸੀ. (ਜ) ਡਾ. ਨਿਧੀ ਕੁਮੁਦ ਬਾਮਬਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਡੀ.ਐੱਸ.ਪੀ. ਪਰਵਿੰਦਰ ਕੌਰ, ਡਿਪਟੀ ਡੀ.ਈ.ਓ. ਸ. ਲਖਵਿੰਦਰ ਸਿੰਘ, ਬਲਬੀਰ ਸਿੰਘ ਘੁੰਮਣ, ਸੁੱਚਾ ਸਿੰਘ ਮੁਲਤਾਨੀ, ਜ਼ਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ

Leave a Reply

Your email address will not be published. Required fields are marked *