ਮਾਨ ਸਰਕਾਰ ਪ੍ਰਦਾਨ ਕਰ ਰਹੀ ਹੈ 17,500 ਤੋਂ 23,100 ਰੁਪਏ ਪ੍ਰਤੀ ਦੁਧਾਰੂ ਪਸ਼ੂ ਵਿੱਤੀ ਸਹਾਇਤਾ
ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 5.60 ਲੱਖ ਰੁਪਏ ਸਬਸਿਡੀ ਸਣੇ ਮਿਲਕਿੰਗ ਮਸ਼ੀਨ ’ਤੇ 50 ਫ਼ੀਸਦੀ ਮਿਲਦੀ ਹੈ ਸਬਸਿਡੀ
ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਪੇਂਡੂ ਨੌਜਵਾਨਾਂ ਨੂੰ ਡੇਅਰੀ ਕਿੱਤੇ ਰਾਹੀਂ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਜਿਸ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਸਿਖਲਾਈ ਪ੍ਰੋਗਰਾਮ ਤਹਿਤ ਇਸ ਵਰੇ ਹੁਣ ਤੱਕ 6116 ਕਿਸਾਨਾਂ ਨੇ ਐਡਵਾਂਸ ਡੇਅਰੀ ਫ਼ਾਰਮਿੰਗ ਦੀ ਸਿਖਲਾਈ ਪ੍ਰਾਪਤ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸੂਬੇ ਦੇ 9 ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਾਂ ਵਿੱਚ ਨੌਜਵਾਨਾਂ ਨੂੰ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖ਼ੁਰਾਕ, ਨਸਲ ਸੁਧਾਰ, ਮਨਸੂਈ ਗਰਭਦਾਨ, ਗੱਭਣ ਚੈਕ ਕਰਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ, ਦੁੱਧ ਪਦਾਰਥ ਬਣਾਉਣ, ਪਸ਼ੂਆਂ ਦੀਆਂ ਮੌਸਮੀ ਬਿਮਾਰੀਆਂ, ਘਰੇਲੂ ਪਸ਼ੂ ਫੀਡ ਤਿਆਰ ਕਰਨ ਅਤੇ ਸੁੱਚਜੇ ਮੰਡੀਕਰਨ ਆਦਿ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।
ਉਨਾਂ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਤਹਿਤ ਸਰਟੀਫ਼ਕੇਟ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਨਵਾਂ ਡੇਅਰੀ ਯੂਨਿਟ ਸਥਾਪਤ ਕਰਨ ਅਤੇ ਲੋੜੀਂਦੀਆਂ ਮਸ਼ੀਨਾਂ ਖ਼ਰੀਦਣ ਲਈ ਵਿਭਾਗ ਦੀ ਸਕੀਮ ਅਧੀਨ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕਿਸਾਨਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸਾਨੀ ਦੇ ਨਾਲ-ਨਾਲ ਖੇਤੀਬਾੜੀ ਦੇ ਸਹਾਇਕ ਕਿੱਤੇ ਅਪਨਾਉਣ ਦੀ ਅਪੀਲ ਕਰਦਿਆਂ ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੁਣਵੱਤਾ ਭਰਪੂਰ ਦੁੱਧ ਉਤਪਾਦਨ ਲਈ ਸਿਖਲਾਈ ਦੇਣ ਅਤੇ ਡੇਅਰੀ ਕਿੱਤਾ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨਾਂ ਵਿੱਚ 50 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਨਵਾਂ ਡੇਅਰੀ ਯੂਨਿਟ ਸਥਾਪਤ ਕਰਨ ਲਈ 2 ਤੋਂ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ਵਾਸਤੇ ਜਨਰਲ ਵਰਗ ਨੂੰ 17,500 ਰੁਪਏ ਪ੍ਰਤੀ ਪਸ਼ੂ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀ ਨੂੰ 23,100 ਰੁਪਏ ਪ੍ਰਤੀ ਪਸ਼ੂ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸੇ ਤਰਾਂ ਦੁੱਧ ਉਤਪਾਦਕਾਂ ਨੂੰ ਸਾਫ਼ ਦੁੱਧ ਪੈਦਾ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਡਬਲ ਟੀਟ ਕੱਪ ਮਿਲਕਿੰਗ ਮਸ਼ੀਨ ’ਤੇ 50 ਫ਼ੀਸਦੀ (ਵੱਧ ਤੋਂ ਵੱਧ 24,366 ਰੁਪਏ) ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਰੇ ਚਾਰੇ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ ’ਤੇ 5.60 ਲੱਖ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਦੁੱਧ ਉਤਪਾਦਕ/ਕਿਸਾਨ ਵਾਧੂ ਹਰੇ ਚਾਰੇ ਵਾਲੇ ਮਹੀਨਿਆਂ ਦੌਰਾਨ ਹਰੇ ਚਾਰੇ ਤੋਂ ਸਾਈਲੇਜ ਜਾਂ ਆਚਾਰ ਬਣਾ ਕੇ, ਚਾਰੇ ਦੀ ਤੋਟ ਵਾਲੇ ਮਹੀਨਿਆਂ ਦੌਰਾਨ ਇਨਾਂ ਗੱਠਾਂ ਨੂੰ ਵੇਚ ਸਕਦੇ ਹਨ। ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਨੂੰ ਪੰਜਾਬ ਦੇ ਨਾਲ-ਨਾਲ ਹੋਰਨਾਂ ਰਾਜਾਂ ਵਿੱਚ ਵੀ ਭੇਜ ਕੇ ਮੁਨਾਫ਼ਾ ਕਮਾਇਆ ਜਾ ਸਕਦਾ ਹੈ। ਇਸ ਤਰਾਂ ਛੋਟੇ ਅਤੇ ਸ਼ਹਿਰੀ ਡੇਅਰੀ ਫ਼ਾਰਮਰਾਂ ਨੂੰ ਵਾਜਬ ਕੀਮਤ ਉੱਤੇ ਸਾਰਾ ਸਾਲ ਸੰਤੁਲਿਤ ਪਸ਼ੂ ਖ਼ੁਰਾਕ ਉਪਲਬਧ ਹੋ ਸਕਦੀ ਹੈ ਅਤੇ ਨੌਜਵਾਨ ਨੂੰ ਰੋਜ਼ਗਾਰ ਹਾਸਲ ਹੋਵੇਗਾ। ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਡੇਅਰੀ ਵਿਕਾਸ ਵਿਭਾਗ ਦੇ ਹੈਲਪਲਾਈਨ ਨੰਬਰ 0172-5027285 ’ਤੇ ਸੰਪਰਕ ਕੀਤਾ ਜਾ ਸਕਦਾ ਹੈ।