ਕੱਲ੍ਹ 26 ਮਈ ਨੂੰ ਨਗਰ ਨਿਗਮ ਤੇ ਨਗਰ ਕੌਸਲਾਂ ਦੀਆਂ ਵੋਟਾਂ ਦੀਆਂ ਤਿਆਰੀਆਂ ਮੁਕੰਮਲ
ਹਰੇਕ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ
ਗੁਰਦਾਸਪੁਰ, 25 ਮਈ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਕੱਲ੍ਹ 26 ਮਈ ਨੂੰ ਨਗਰ ਨਿਗਮ ਬਟਾਲਾ, ਨਗਰ ਕੌਂਸਲ ਧਾਰੀਵਾਲ, ਫਤਿਹਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪੈ ਰਹੀਆਂ ਵੋਟਾਂ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ।
ਇਸ ਮੌਕੇ ਗੱਲ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜਿਲਾ ਚੋਣਕਾਰ ਅਫਸਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਮੁਕੰਮਲ ਕੀਤੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਕੱਲ ਵੋਟਾਂ ਸਬੰਧੀ ਵੱਖ-ਵੱਖ ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ ਹੋ ਗਈਆਂ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੋਣਾਂ ਪੂਰੀ ਤਰਾਂ ਨਿਰਪੱਖ ਅਤੇ ਅਜ਼ਾਦ ਮਾਹੌਲ ਵਿੱਚ ਕਰਵਾਈਆਂ ਜਾਣਗੀਆਂ। ਸਾਰੇ ਪੋਲਿੰਗ ਬੂਥਾਂ ਉੱਪਰ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਸਾਂਤੀ ਦਾ ਮਾਹੋਲ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ 26 ਨੂੰ ਬਿਨ੍ਹਾਂ ਕਿਸੇ ਲਾਲਚ ਜਾਂ ਡਰ-ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਜਰੂਰ ਕਰਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰ ਸਾਡੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਲੋਕ ਆਪਣੀ ਇੱਛਾ ਅਨੁਸਾਰ ਆਪਣੀ ਸਰਕਾਰ ਚੁਣਨਗੇ।
ਜ਼ਿਕਰਯੋਗ ਹੈ ਕਿ ਬਟਾਲਾ ਨਗਰ ਨਿਗਮ ਦੇ 50 ਵਾਰਡ, 122 ਪੋਲਿੰਗ ਬੂਥ ਅਤੇ 1 ਲੱਖ 18 ਹਜ਼ਾਰ 422 ਵੋਟਰ ਹਨ। ਧਾਰੀਵਾਲ ਨਗਰ ਕੌਂਸਲ ਦੇ 13 ਵਾਰਡ, 14 ਬੂਥ ਅਤੇ 12473 ਵੋਟਰ ਹਨ। ਸ੍ਰੀ ਹਰਗੋਬਿੰਦਪੁਰ ਸਾਹਿਬ ਨਗਰ ਕੌਂਸਲ ਦੇ 11 ਵਾਰਡ, 11 ਪੋਲਿੰਗ ਬੂਥ ਅਤੇ 7041 ਵੋਟਰ ਹਨ ਅਤੇ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ 13 ਵਾਰਡ, 17 ਪੋਲਿੰਗ ਬੂਥ ਅਤੇ 14821 ਵੋਟਰ ਹਨ।


