ਮੁੱਖ ਮੰਤਰੀ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਵਿਸ਼ੇਸ਼ ਐਵਾਰਡ ਨਾਲ ਕੀਤਾ ਸਨਮਾਨਤ

ਗੁਰਦਾਸਪੁਰ

ਸਿੰਗਲ ਵਿੰਡੋ ਪ੍ਰਣਾਲੀ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਨ ਅਤੇ ਸਨਅਤੀ ਨਿਵੇਸ਼ ਤੇ ਕਾਰੋਬਾਰ ਕਰਨ ਵਿੱਚ ਸਹੂਲਤਾਂ ਦੇਣ ਬਦਲੇ ਜ਼ਿਲ੍ਹਾ ਗੁਰਦਾਸਪੁਰ ਨੇ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਨੇ ਸੂਬੇ ਭਰ ਵਿਚੋਂ ਉਦਯੋਗਿਕ ਨਿਵੇਸ਼ ਲਈ ਸਿੰਗਲ ਵਿੰਡੋ ਸਿਸਟਮ ਅਤੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਵਧੀਆ ਸਹੂਲਤਾਂ ਦੇਣ ਬਦਲੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਅੱਜ ਮੁਹਾਲੀ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਇਸ ਪ੍ਰਾਪਤੀ ਲਈ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਹੈ।

ਰਾਜ ਸਰਕਾਰ ਵੱਲੋਂ ਸਿੰਗਲ ਵਿੰਡੋ ਪ੍ਰਣਾਲੀ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਉਦਯੋਗ ਵਿਭਾਗ ਵੱਲੋਂ ਸੂਬੇ ਵਿੱਚ ਸਨਅਤੀ ਨਿਵੇਸ਼ ਅਤੇ ਕਾਰੋਬਾਰ ਕਰਨ ਵਿੱਚ ਸਹੂਲਤ ਅਤੇ ਸਹਾਇਤਾ ਦੇਣ ਦੇ ਅਧਾਰ ’ਤੇ ਵੱਖ-ਵੱਖ ਜ਼ਿਲ੍ਹਿਆਂ  ਦਰਜਾਬੰਦੀ ਕੀਤੀ ਗਈ ਹੈ। ਰਾਜ ਸਰਕਾਰ ਵੱਲੋਂ ਪ੍ਰਵਾਨਿਤ ਮਾਪਦੰਡਾਂ, ਦਿਸ਼ਾ-ਨਿਰਦੇਸ਼ਾਂ ਅਤੇ ਸਕੋਰਿੰਗ ਦੇ ਆਧਾਰ ’ਤੇ ਅਪ੍ਰੈਲ 2022 ਤੋਂ ਜਨਵਰੀ 2023 ਤੱਕ ਵੱਡੇ ਜ਼ਿਲ੍ਹਿਆਂ ਅਤੇ ਹੋਰ ਜ਼ਿਲ੍ਹਿਆਂ ਦੀ ਰੈਂਕਿੰਗ ਕੀਤੀ ਗਈ ਹੈ। ਇਸ ਸੂਚੀ ਵਿੱਚ ਅਦਰ ਡਿਸਟਰਿਕਟ ਕੈਟਾਗਰੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਦੂਸਰੇ ਸਥਾਨ ’ਤੇ ਤਰਨਤਾਰਨ ਅਤੇ ਤੀਸਰੇ ਸਥਾਨ ’ਤੇ ਬਰਨਾਲਾ ਰਿਹਾ ਹੈ। ਇਸ ਤੋਂ ਇਲਾਵਾ ਲਾਰਜ ਡਿਸਟਰਿਕਟ ਕੈਟਾਗਰੀ ਵਿੱਚ ਪਹਿਲਾ ਸਥਾਨ ਜ਼ਿਲ੍ਹਾ ਸੰਗਰੂਰ, ਦੂਸਰਾ ਸਥਾਨ ਕਪੂਰਥਲਾ ਅਤੇ ਤੀਸਰਾ ਸਥਾਨ ਬਠਿੰਡਾ ਨੇ ਹਾਸਲ ਕੀਤਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਕੋਲੋਂ ਇਹ ਐਵਾਰਡ ਪ੍ਰਾਪਤ ਕਰਨ ਤੋਂ ਬਾਅਦ ਜ਼ਿਲ੍ਹਾ ਵਾਸੀਆਂ ਅਤੇ ਪ੍ਰਸ਼ਾਸਨ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਸਦਕਾ ਜ਼ਿਲ੍ਹਾ ਗੁਰਦਾਸਪੁਰ ਨੇ ਸੂਬੇ ਭਰ ਵਿਚੋਂ ਉਦਯੋਗਿਕ ਨਿਵੇਸ਼ ਲਈ ਸਿੰਗਲ ਵਿੰਡੋ ਸਿਸਟਮ ਅਤੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਦਿੱਤੀਆਂ ਜਾ ਰਹੀਆਂ ਵਧੀਆ ਸਹੂਲਤਾਂ ਸਦਕਾ ਅਦਰ ਡਿਸਟਰਿਕਟ ਕੈਟਾਗਰੀ ਵਿਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਐਵਾਰਡ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਹੋਰ ਵੀ ਸਮਰਪਿਤ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਨਾ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਅਤੇ ਚੱਲ ਰਹੇ ਸਨਅਤੀ ਅਦਾਰਿਆਂ ਨੂੰ ਸਨਅਤ ਪੱਖੀ ਮਹੌਲ ਦੇਣ ਲਈ ਵਚਨਬੱਧ ਹੈ।  

Leave a Reply

Your email address will not be published. Required fields are marked *