ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੀ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਸਖਤ ਨਿਖੇਧੀ ਕੀਤੀ

ਗੁਰਦਾਸਪੁਰ

ਭਾਜਪਾ ਰਾਜਨੀਤਿਕ ਬਦਲਾਖੋਰੀ ਤਹਿਤ ਅਜਿਹੀਆਂ ਲੋਕਤੰਤਰ ਵਿਰੋਧੀ ਕਾਰਵਾਈਆਂ ਬੰਦ ਕਰੇ : ਚੇਅਰਮੈਨ ਸੇਖਵਾਂ

ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ) – ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਮੈਂਬਰ ਮਨੀਸ਼ ਸਿਸੋਦੀਆ ਇੱਕ ਇਮਾਨਦਾਰ ਅਤੇ ਦੇਸ਼ ਭਗਤ ਆਗੂ ਹਨ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਰਾਜਨੀਤਿਕ ਬਦਲਾਖੋਰੀ ਤਹਿਤ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ।

ਆਪ ਆਗੂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਭਾਜਪਾ ਦੀ ਇਹ ਕਾਰਵਾਈ ਨਾਲ ਲੋਕਤੰਤਰੀ ਢਾਂਚੇ ਉੱਪਰ ਸੱਟ ਮਾਰਨ ਵਾਲੀ ਹੈ। ਚੇਅਰਮੈਨ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜ਼ਰੀਵਾਲ ਅਤੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਵਿੱਚ ਰਿਕਾਰਡ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਰਿਕਾਰਡ ਵਿਕਾਸ ਦੀ ਬਦੌਲਤ ਭਾਜਪਾ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ ਅਤੇ ਇਹੀ ਕਾਰਨ ਹੈ ਕਿ ਭਾਜਪਾ ਹੁਣ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਬਹੁਤ ਇਮਾਨਦਾਰੀ ਨਾਲ ਦਿੱਲੀ ਦੀ ਸੇਵਾ ਕੀਤੀ ਹੈ। ਦਿੱਲੀ ਦੇ ਸਰਕਾਰੀ ਸਕੂਲਾਂ `ਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ ਅਤੇ ਦਿੱਲੀ ਦੇ ਸਕੂਲਾਂ ਦੀ ਚਰਚਾ ਵਿਦੇਸ਼ਾਂ `ਚ ਵੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਇਮਾਨਦਾਰ ਅਤੇ ਮਿਹਨਤੀ ਆਗੂ ਨੂੰ ਜਾਣਬੁੱਝ ਕੇ ਗ੍ਰਿਫਤਾਰ ਕਰਨਾ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਨੂੰ ਢਾਹ ਲਗਾਉਣ ਦੀਆਂ ਇਹ ਕੋਸ਼ਿਸ਼ਾਂ ਕਦੀ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਕਾਰਵਾਈ ਦੀ ਪੂਰੇ ਦੇਸ਼ ਵਿੱਚ ਨਿਖੇਧੀ ਹੋ ਰਹੀ ਹੈ। ਸੇਖਵਾਂ ਨੇ ਕਿਹਾ ਕਿ ਉਹ ਮੋਦੀ ਸਰਕਾਰ ਦੀ ਇਸ ਲੋਕਤੰਤਰ ਵਿਰੋਧੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।  

Leave a Reply

Your email address will not be published. Required fields are marked *