ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਉੱਪਲ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ
ਗੁਰਦਾਸਪੁਰ, 28 ਫਰਵਰੀ (ਸਰਬਜੀਤ ਸਿੰਘ) – ਮੌਸਮੀ ਤਬਦੀਲੀਆਂ ਕਾਰਨ ਹੋ ਰਹੇ ਤਾਪਮਾਨ ਵਿਚ ਵਾਧੇ ਕਾਰਨ ਫ਼ਸਲਾਂ ਉੱਪਰ ਪੈਣ ਵਾਲੇ ਪ੍ਰਭਾਵ ਅਤੇ ਬਚਾਅ ਅਤੇ ਗੰਨੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਉੱਪਲ ਬਲਾਕ ਕਲਾਨੌਰ ਵਿਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਦੀ ਪ੍ਰਧਾਨਗੀ ਹੇਠ ਲਗਾਏ ਗਏ ਜਾਗਰੂਕਤਾ ਕੈਂਪ ਮੌਕੇ ਡਾ. ਸੰਜੀਵ ਸ਼ਰਮਾ ਬਲਾਕ ਖੇਤੀਬਾੜੀ ਅਫ਼ਸਰ, ਡਾ. ਮਿੱਤਰ ਮਾਨ ਸਿੰਘ ਖੇਤੀਬਾੜੀ ਵਿਕਾਸ ਅਫਸਰ (ਗੰਨਾ), ਡਾ. ਨਵਦੀਪ ਸਿੰਘ ਬਲਾਕ ਤਕਨਾਲੋਜੀ ਪ੍ਰਬੰਧਕ ਸਮੇਤ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਵੱਧ ਰਹੇ ਤਾਪਮਾਨ ਕਾਰਨ ਸਿਰਫ ਫਸਲਾਂ ਦੀ ਪੈਦਾਵਾਰ ਹੀ ਨਹੀਂ ਪ੍ਰਭਾਵਤ ਹੋ ਰਹੀ ਸਗੋਂ ਮਨੁੱਖੀ ਅਤੇ ਪਸ਼ੂ ਸਿਹਤ ਵੀ ਪ੍ਰਭਾਵਤ ਹੋ ਰਹੀ ਹੈ। ਉਨਾਂ ਕਿਹਾ ਕਿ ਮੌਜੁਦਾ ਸਮੇਂ ਵਿੱਚ ਵੀ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਚੱਲ ਰਿਹਾ ਹੈ। ਉਨਾਂ ਕਿਹਾ ਕਿ ਜੇਕਰ ਦਿਨ ਦਾ ਤਾਪਮਾਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਾੜ੍ਹੀ ਦੀਆਂ ਫਸਲਾਂ ਖਾਸ ਕਰਕੇ ਗੰਨਾ ਅਤੇ ਕਣਕ ਦੀ ਪੈਦਾਵਾਰ ਤੇ ਬੁਰਾ ਪ੍ਰਭਾਵ ਪੈ ਸਕਦਾ ਹੈ। ਉਨਾਂ ਕਿਹਾ ਕਿ ਵੱਧ ਰਹੇ ਤਾਪਮਾਨ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਕਣਕ ਦੀ ਫਸਲ ਨੂੰ ਮੌਸਮ ਦੇ ਹਿਸਾਬ ਨਾਲ ਹਲਕਾ ਪਾਣੀ ਦਿੰਦੇ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਕਣਕ ਦੀ ਫਸਲ ਉੱਪਰ 4 ਕਿਲੋਗ੍ਰਾਮ ਪੋਟਾਸ਼ੀਅਮ ਨਾਈਟ੍ਰੇਟ (13:0:45) ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਦੋ ਵਾਰ ਛਿੜਕਾਅ ਕਰ ਦੇਣਾ ਚਾਹੀਦਾ ਹੈ। ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਉੱਪਰ ਫਿਲਹਾਲ ਵੱਡੇ ਪੱਧਰ ਤੇ ਪੀਲੀ ਕੁੰਗੀ ਅਤੇ ਚੇਪਾ ਦਾ ਹਮਲਾ ਨਹੀਂ ਹੋਇਆ ਇਸ ਲਈ ਦੇਖਾ-ਦੇਖੀ ਜਾਂ ਕਿਸੇ ਦੇ ਕਹਿਣ ’ਤੇ ਕੀਟਨਾਸ਼ਕ ਜਾਂ ਉੱਲੀਨਾਸ਼ਕ ਦਾ ਛਿੜਕਾਅ ਨਾ ਕੀਤਾ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਸਮੱਸਿਆ ਦੇ ਹੱਲ ਲਈ ਖੇਤੀ ਮਾਹਿਰਾਂ ਵਲੋਂ ਕੀਤੀਆਂ ਸਿਫਾਰਸ਼ਾਂ ਹੀ ਮੰਨੀਆਂ ਜਾਣ।
ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਦਾਲਾਂ ਸਾਕਾਹਾਰੀ ਲੋਕਾਂ ਦੀ ਖੁਰਾਕ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨਾਂ ਕਿਹਾ ਕਿ ਦਾਲਾਂ ਵਾਲੀਆਂ ਫਸਲਾਂ ਨੂੰ ਅੰਤਰ ਫਸਲਾਂ ਵੱਜੋਂ ਕਾਸ਼ਤ ਕਰਨ ਨਾਲ ਜਿਥੇ ਵਾਧੂ ਆਮਦਨ ਮਿਲਦੀ ਹੈ ਉਥੇ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੋਣ ਨਾਲ ਮੁੱਖ ਫਸਲ ਦੀ ਪੈਦਾਵਾਰ ਵੀ ਵਧਦੀ ਹੈ। ਡਾ. ਮਿੱਤਰ ਮਾਨ ਸਿੰਘ ਨੇ ਗੰਨੇ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਗੰਨੇ ਦੀ ਫਸਲ ਤੋਂ ਵਧੇਰੇ ਆਮਦਨ ਲੈਣ ਲਈ ਗਰਮੀ ਰੁੱਤ ਦੇ ਮਾਂਹ ਅਤੇ ਮੂੰਗੀ ਦੀ ਕਾਸ਼ਤ ਕੀਤੀ ਜਾ ਸਕਦੀ ਹੈ ਅਤੇ ਗੰਨੇ ਦੀ ਬਿਜਾਈ ਅਖੀਰ ਮਾਰਚ ਤੱਕ ਮੁਕੰਮਲ ਕਰ ਲੈਣੀ ਚਾਹੀਦੀ ਹੈ। ਡਾ. ਨਵਦੀਪ ਸਿੰਘ ਨੇ ਕਿਹਾ ਕਿ ਹਰੇਕ ਕਿਸਾਨ ਨੂੰ ਸਾਲਾਨਾ ਘਰੇਲੂ ਜ਼ਰੂਰਤਾਂ ਦੀ ਪੂਰਤੀ ਲਈ ਦਾਲਾਂ ਅਤੇ ਸਬਜੀਆਂ ਦੀ ਪੈਦਾਵਾਰ ਕਰਨੀ ਚਾਹੀਦੀ ਹੈ।