ਆਪ ਸਰਕਾਰ ਦੀ ਸ਼ਰਾਬ ਨੀਤੀ ਵੀ ਸ਼ੱਕੀ ਬਣ ਜਾਂਦੀ ਹੈ ਕਿਉਂਕਿ ਇਸ ਨੇ ਬਹੁਤ ਘੱਟ ਸ਼ਰਾਬ ਕੰਪਨੀਆਂ ਅਤੇ ਵਪਾਰੀਆਂ ਨੂੰ ਬੇਲੋੜਾ ਸਹਿਯੋਗ ਦਿੱਤਾ: ਵਿਰੋਧੀ ਧਿਰ ਦੇ ਆਗੂ
ਚੰਡੀਗੜ੍ਹ, ਗੁਰਦਾਸਪੁਰ 1 ਮਾਰਚ (ਸਰਬਜੀਤ ਸਿੰਘ)– ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਿਤ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਦੀ ਸ਼ਰਾਬ ਨੀਤੀ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ।
ਕਾਂਗਰਸ ਦੇ ਸੀਨੀਅਰ ਆਗੂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਵੀ ਅਜਿਹੀ ਹੀ ਆਬਕਾਰੀ ਨੀਤੀ ਲਾਗੂ ਕੀਤੀ ਸੀ। ਇਸ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਵਿੱਚ ਕਥਿਤ ਭ੍ਰਿਸ਼ਟਾਚਾਰ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਬਾਜਵਾ ਨੇ ਦੋਸ਼ ਲਾਉਂਦੀਆਂ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਸ਼ਰਾਬ ਨੀਤੀ ਵੀ ਸ਼ੱਕੀ ਬਣ ਗਈ ਹੈ ਕਿਉਂਕਿ ਇਸ ਨੇ ਬਹੁਤ ਘੱਟ ਸ਼ਰਾਬ ਕੰਪਨੀਆਂ ਅਤੇ ਵਪਾਰੀਆਂ ਨੂੰ ਬੇਲੋੜਾ ਸਹਿਯੋਗ ਦਿੱਤਾ ਹੈ ਜਦੋਂ ਕਿ ਬਾਕੀਆਂ ਨੂੰ ਮੁਕਾਬਲੇ ਤੋਂ ਬਾਹਰ ਕਰ ਦਿੱਤਾ ਗਿਆ ਹੈ।”
ਇੱਕ ਬਿਆਨ ਵਿੱਚ ਬਾਜਵਾ ਨੇ ਕਿਹਾ ਕਿ ਸ਼ਰਾਬ ਦੀਆਂ ਕੀਮਤਾਂ ਘਟਾ ਕੇ ਮਾਲੀਆ ਵਧਾਉਣ ਦੇ ਉਦੇਸ਼ ਨਾਲ ਪੰਜਾਬ ਵਿੱਚ ‘ਆਪ’ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਜੋ 1 ਜੁਲਾਈ ਤੋਂ ਲਾਗੂ ਹੋ ਗਈ ਸੀ। ਪਿਛਲੇ ਸਾਲ ਸਤੰਬਰ ਵਿੱਚ, ਈਡੀ ਨੇ ਉਸ ਸਮੇਂ ਦੇ ਆਬਕਾਰੀ ਅਤੇ ਕਰ ਕਮਿਸ਼ਨਰ ਵਰੁਣ ਰੂਜਮ ਅਤੇ ਤਤਕਾਲੀ ਸੰਯੁਕਤ ਕਮਿਸ਼ਨਰ ਨਰੇਸ਼ ਦੂਬੇ ਦੇ ਘਰਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਨੇ ਸੂਬੇ ਦੀ ਆਬਕਾਰੀ ਨੀਤੀ ਤਿਆਰ ਕੀਤੀ। ਉਸ ਤੋਂ ਬਾਅਦ ਮਾਨ ਸਰਕਾਰ ਪੂਰੀ ਤਰ੍ਹਾਂ ਚੁੱਪ ਧਾਰ ਲਈ ਸੀ।
ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਇੰਡੀਅਨ ਮੇਡ ਫੋਰਨ ਲਿੱਕਰ (ਆਈਐਮਐਫਐਲ) ਅਤੇ ਬੋਟਲਡ-ਇਨ-ਓਰਿਜਨ (ਬੀਆਈਓ) ਬ੍ਰਾਂਡਾਂ ਲਈ ਥੋਕ ਸ਼ਰਾਬ ਦੇ ਲਾਇਸੈਂਸਾਂ ਦੀ 70 ਫ਼ੀਸਦੀ ਅਲਾਟਮੈਂਟ ਦੋ ਕੰਪਨੀਆਂ ਬ੍ਰਿੰਡਕੋ ਅਤੇ ਅਨੰਤ ਵਾਈਨ ਨੂੰ ਦਿੱਤੀ ਗਈ ਸੀ। ਇਹ ਦੋਵੇਂ ਕੰਪਨੀਆਂ ਦਿੱਲੀ ਵਿੱਚ ਸੀਬੀਆਈ ਵੱਲੋਂ ਪਹਿਲਾਂ ਹੀ ਚਾਰਜਸ਼ੀਟ ਵਿੱਚ ਹਨ।
ਬਾਜਵਾ ਨੇ ਅੱਗੇ ਕਿਹਾ, “ਹੁਣ, ਸੀਨੀਅਰ ‘ਆਪ’ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਨੂੰ ਸੀ.ਬੀ.ਆਈ. ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ, ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਪੰਜਾਬ ਦੀ ਸ਼ਰਾਬ ਨੀਤੀ ‘ਤੇ ਆਪਣੀ ਜਾਂਚ ਜਾਰੀ ਰੱਖਣੀ ਚਾਹੀਦੀ ਹੈ ਤਾਂ ਜੋ ਇਸ ਨੂੰ ਤਰਕਪੂਰਨ ਅੰਤ ਤੱਕ ਪਹੁੰਚਾਇਆ ਜਾ ਸਕੇ।”
ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਆਬਕਾਰੀ ਨੀਤੀ ਜਦੋਂ ਤੋਂ ਬਣੀ ਹੈ, ਉਦੋਂ ਤੋਂ ਹੀ ਵਿਵਾਦਾਂ ਵਿੱਚ ਘਿਰੀ ਹੋਈ ਹੈ। ਜੁਲਾਈ ‘ਚ ਹੀ ਇਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸ਼ਰਾਬ ਦੇ ਕਾਰੋਬਾਰ ‘ਤੇ ਕਥਿਤ ਤੌਰ ‘ਤੇ ਏਕਾਧਿਕਾਰ ਲਈ ਚੁਨੌਤੀ ਦਿੱਤੀ ਗਈ ਸੀ। ਬਾਜਵਾ ਨੇ ਅੱਗੇ ਕਿਹਾ, “ਮੈਂ ‘ਆਪ’ ਦੀ ਸ਼ਰਾਬ ਨੀਤੀ ਦੀ ਆਲੋਚਨਾ ਕਰਦਾ ਰਿਹਾ ਹਾਂ ਅਤੇ ਵੱਖ-ਵੱਖ ਮੰਚਾਂ ‘ਤੇ ਇਸ ‘ਤੇ ਸਵਾਲ ਉਠਾਉਂਦਾ ਰਿਹਾ ਹਾਂ।”