ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਹੀਨੇ 3 ਮੈਗਾ ਰੋਜ਼ਗਾਰ ਮੇਲਿਆਂ ਦਾ ਕੀਤਾ ਜਾਵੇਗਾ ਆਯੋਜਿਨ – ਡਿਪਟੀ ਕਮਿਸ਼ਨਰ

ਗੁਰਦਾਸਪੁਰ

14 ਮਾਰਚ ਨੂੰ ਸੁਖਜਿੰਦਰਾ ਕਾਲਜ ਗੁਰਦਾਸਪੁਰ, 15 ਮਾਰਚ ਨੂੰ ਆਰ.ਆਰ. ਬਾਵਾ ਕਾਲਜ ਬਟਾਲਾ ਅਤੇ 16 ਮਾਰਚ ਨੂੰ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਲੱਗਣਗੇ ਮੈਗਾ ਰੋਜ਼ਗਾਰ ਮੇਲੇ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਲਾਭ ਉਠਾਉਣ ਦੀ ਅਪੀਲ

ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਰਚ ਮਹੀਨੇ ਵਿੱਚ ਤਿੰਨ ਵੱਡੇ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਇਹ ਮੈਗਾ ਰੋਜ਼ਗਾਰ ਮੇਲੇ 14 ਮਾਰਚ 2023 ਨੂੰ ਸੁਖਜਿੰਦਰਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੌਜੀ, ਹਰਦੋਛੰਨੀ ਰੋਡ ਗੁਰਦਾਸਪੁਰ, 15 ਮਾਰਚ ਨੂੰ ਆਰ.ਆਰ. ਬਾਵਾ ਡੀ.ਏ.ਵੀ ਕਾਲਜ ਬਟਾਲਾ ਅਤੇ 16 ਮਾਰਚ ਨੂੰ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਲਗਾਏ ਜਾਣਗੇ।

ਇਨ੍ਹਾਂ ਰੋਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਵਿੱਚ ਸ਼ਾਮਲ ਕੀਤਾ ਜਾਵੇ ਤਾਂ ਜੋ ਉਹ ਆਪਣੀ ਯੋਗਤਾ ਅਨੁਸਾਰ ਰੁਜ਼ਗਾਰ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਸਮੇਤ ਸੂਬੇ ਦੀਆਂ ਵੱਡੀਆਂ ਰੁਜ਼ਗਾਰ ਕੰਪਨੀਆਂ, ਫੈਕਟਰੀਆਂ, ਬੈਂਕਾਂ, ਸਿੱਖਿਆ ਸੰਸਥਾਵਾਂ, ਸਿਵਲ ਦਾ ਕੰਮ ਕਰਦੀਆਂ ਫਰਮਾਂ ਸਮੇਤ ਜਿਥੇ-ਜਿਥੇ ਵੀ ਰੁਜ਼ਗਾਰ ਪੈਦਾ ਹੋਣ ਦੀਆਂ ਸੰਭਾਵਨਾਵਾਂ ਹਨ ਉਨ੍ਹਾਂ ਸਭ ਨੂੰ ਇਨ੍ਹਾਂ ਰੁਜ਼ਗਾਰ ਮੇਲਿਆਂ ਸ਼ਾਮਲ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੇਕਰ ਉਨ੍ਹਾਂ ਕਿਸੇ ਵੀ ਪ੍ਰਕਾਰ ਦੀ ਨੌਂਕਰੀ ਦੇਣੀ ਹੈ ਤਾਂ ਉਹ ਰੋਜ਼ਗਾਰ ਬਿਊਰੋ ਦੇ ਜਰੀਏ ਨੌਜਵਾਨਾਂ ਦੀ ਚੋਣ ਕਰਿਆ ਕਰਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਲੱਗ ਰਹੇ ਰੋਜ਼ਗਾਰ ਮੇਲਿਆਂ ਬਾਰੇ ਪਿੰਡਾਂ ਤੇ ਸ਼ਹਿਰਾਂ ਵਿੱਚ ਮੁਨਾਦੀ ਕਰਵਾ ਕੇ ਨੌਜਵਾਨਾਂ ਨੂੰ ਜਾਗਰੂਕ ਕਰਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹ ਬੇਰੁਜ਼ਗਾਰ ਹਨ ਤਾਂ ਆਪਣਾ ਨਾਮ ਰੋਜ਼ਗਾਰ ਬਿਊਰੋ ਗੁਰਦਾਸਪੁਰ ਵਿਖੇ ਜਰੂਰ ਰਜਿਸਟਰਡ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਰਾਹੀਂ ਲਾਭ ਉਠਾਉਣ ਦੀ ਅਪੀਲ ਕੀਤੀ।

ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੱਗ ਰਹੇ ਤਿੰਨ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਨਾਮੀ ਕੰਪਨੀਆਂ ਪਹੁੰਚ ਰਹੀਆਂ ਹਨ ਅਤੇ ਇਨ੍ਹਾਂ ਕੰਪਨੀਆਂ ਵੱਲੋਂ ਚੰਗੀਆਂ ਤਨਖਾਹਾਂ ਉੱਪਰ ਨੌਜਵਾਨਾਂ ਦੀ ਨੌਂਕਰੀ ਲਈ ਚੋਣ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਤੀਸ਼ ਕੁਮਾਰ, ਜੀ.ਐੱਮ. ਇੰਡਸਟਰੀ ਸੁਖਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸ਼ਾਮ ਸਿੰਘ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਵਿੰਦਰ ਸਿੰਘ, ਪ੍ਰਿੰਸੀਪਲ ਸਰਕਾਰੀ ਕਾਲਜ ਗੁਰਦਾਸਪੁਰ ਗੁਰਿੰਦਰ ਸਿੰਘ ਕਲਸੀ, ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਬਾਜਵਾ, ਉੱਪ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਰਾਜੀਵ ਸਿੰਘ, ਬਲਾਕ ਮਿਸ਼ਨ ਮੈਨੇਜਰ ਸਕਿੱਲ ਡਿਵੈਲਪਮੈਂਟ ਚਾਂਦ ਠਾਕੁਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।    

Leave a Reply

Your email address will not be published. Required fields are marked *