ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ) – ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰੀਜ਼ਨਲ ਕੈਂਪਸ ਗੁਰਦਾਸਪੁਰ ਵਿਖੇ ਕਾਨੂੰਨੀ ਜਾਗਰੂਕ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਜਾਗਰੂਕਤਾ ਸੈਮੀਨਾਰ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਨਾਲਸਾ ਕੰਪਨਸੇਸ਼ਨ ਸਕੀਮ ਫਾਰ ਵੋਮੈਨ-2018, ਲੀਗਲ ਏਡ ਅਤੇ ਨਾਲਸਾ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ। ਇਹਨਾਂ ਸੈਮੀਨਾਰਾਂ ਦੌਰਾਨ ਉਹਨਾਂ ਨੇ ਮੁਫਤ ਕਾਨੂੰਨੀ ਸਹਾਇਤਾ ਲੈਣ ਬਾਰੇ ਵੀ ਜਾਗਰੂਕ ਕੀਤਾ ਅਤੇ ਇਹ ਵੀ ਕਿਹਾ ਕਿ ਉਹ ਆਪਣੇ ਆਸ-ਪਾਸ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਉਣ ਤਾਂ ਜੋ ਵੱਧ-ਵੱਧ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਣ। ਇਸ ਸੈਮੀਨਾਰ ਦੌਰਾਨ ਰੀਜ਼ਨਲ ਕੈਂਪਸ ਦੇ ਲਗਭਗ 125 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।


