ਡੇਰਾ ਬਾਬਾ ਨਾਨਕ ਵਿਖੇ ਟ੍ਰੇਡਰਜ਼ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 17 ਜੂਨ (ਸਰਬਜੀਤ ਸਿੰਘ)– ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਡੇਰਾ ਬਾਬਾ ਨਾਨਕ ਦੇ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰਨ ਸਬੰਧੀ ਮੇਨ ਬਾਜ਼ਾਰ ਡੇਰਾ ਬਾਬਾ ਨਾਨਕ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ.ਡੀ.ਐੱਮ ਲਛਮਣ ਸਿੰਘ, ਹਲਕਾ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਵਿਪਨ ਸੋਨੀ, ਚੇਅਰਮੈਨ ਬਲਵਿੰਦਰ ਸਿੰਘ, ਡੀ.ਐੱਸ.ਪੀ ਜੋਗਾ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਟਰੇਡ ਕਮਿਸ਼ਨ’ ਦਾ ਗਠਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਮਜ਼ਬੂਤ ਹੁੰਦਾ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਮਿਲ ਰਿਹਾ ਹੈ।
ਇਸ ਮੌਕੇ ਐੱਸ.ਡੀ.ਐੱਮ ਡੇਰਾ ਬਾਬਾ ਨਾਨਕ ਲਛਮਣ ਸਿੰਘ, ਹਲਕਾ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਵਿਪਨ ਸੋਨੀ, ਡੀ.ਐੱਸ.ਪੀ ਜੋਗਾ ਵਲੋਂ ਵੀ ਸੰਬੋਧਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ ਅਤੇ ਪਾਰਦਰਸ਼ੀ ਬਣਾਉਣਾ ਹੈ। ਇਸ ਮੌਕੇ ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।


