ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ, ਕਿਸਾਨਾਂ ਤੱਕ ਯੋਜਨਾਵਾਂ ਦਾ ਲਾਭ ਪਹੁੰਚਾਉਣ ’ਤੇ ਦਿੱਤਾ ਜ਼ੋਰ
ਗੁਰਦਾਸਪੁਰ, 18 ਜੂਨ (ਸਰਬਜੀਤ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸ਼ਾਹਬਾਜ਼ ਸਿੰਘ ਚੀਮਾ ਵੱਲੋਂ ਖੇਤੀ ਅਧਿਕਾਰੀਆਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਮੀਟਿੰਗ ਕਰਕੇ ਵਿਭਾਗ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।
ਮੀਟਿੰਗ ਦੌਰਾਨ ਡਾ. ਸ਼ਾਹਬਾਜ਼ ਸਿੰਘ ਚੀਮਾ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਅਤੇ ਖੇਤੀ ਨੂੰ ਹੋਰ ਟਿਕਾਊ ਅਤੇ ਲਾਭਕਾਰੀ ਬਣਾਉਣਾ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਘਟ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੂੰ ਪਾਣੀ ਦੀ ਸੰਭਾਲ ਅਤੇ ਸੁਚੱਜੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਸੰਤੁਲਿਤ ਅਤੇ ਵਿਗਿਆਨਕ ਢੰਗ ਨਾਲ ਵਰਤੋਂ ਸਬੰਧੀ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਏ ਜਾਣ।
ਡਾ. ਚੀਮਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਹਰ ਯੋਗ ਕਿਸਾਨ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਫਾਰਮ ਰਜਿਸਟਰੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਨਿਰੰਤਰ ਸਰਗਰਮ ਰਹਿਣ ਲਈ ਵੀ ਕਿਹਾ।
ਮੀਟਿੰਗ ਦੌਰਾਨ ਖਾਲੀ ਪਏ ਖੇਤਾਂ ਵਿੱਚੋਂ ਮਿੱਟੀ ਦੇ ਸੈਂਪਲ ਇਕੱਠੇ ਕਰਕੇ ਉਨ੍ਹਾਂ ਦੀ ਜਾਂਚ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਗਿਆ ਤਾਂ ਜੋ ਕਿਸਾਨ ਮਿੱਟੀ ਪਰਖ ਰਿਪੋਰਟ ਦੇ ਆਧਾਰ ’ਤੇ ਹੀ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤੀ ਲਾਗਤ ਘਟੇਗੀ ਅਤੇ ਉਤਪਾਦਨ ਵਿੱਚ ਵੀ ਸੁਧਾਰ ਆਵੇਗਾ।
ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲਣਾ ਯਕੀਨੀ ਬਣਾਉਣ ਲਈ ਵੱਖ-ਵੱਖ ਕੇਸਾਂ ਵਿੱਚ ਰਹਿ ਗਈਆਂ ਤਰੁਟੀਆਂ ਨੂੰ ਤੁਰੰਤ ਦੂਰ ਕਰਨ ਦੇ ਨਿਰਦੇਸ਼ ਦਿੱਤੇ ਗਏ।
ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦਾ ਸਮੂਹ ਅਮਲਾ ਕਿਸਾਨਾਂ ਦੀ ਸੇਵਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰੇ ਅਤੇ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਕਿਸਾਨਾਂ ਨੂੰ ਯੋਜਨਾਵਾਂ, ਤਕਨੀਕੀ ਜਾਣਕਾਰੀ ਅਤੇ ਸਰਕਾਰੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਖੇਤੀ ਅਧਿਕਾਰੀ ਅਤੇ ਵਿਭਾਗ ਦੀਆਂ ਵੱਖ-ਵੱਖ ਵਿੰਗਾਂ ਦੇ ਮੁਖੀ ਵੀ ਹਾਜ਼ਰ ਸਨ।


