ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ ਨਿਰਦੇਸ਼
ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ)– ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ NCORD ਭਾਵ ਨਾਰਕੋਟਿਕਸ ਕੋਆਰਡੀਨੇਸ਼ਨ ਮਕੈਨਿਜ਼ਮ ਕਮੇਟੀ ਦੀ ਮੀਟਿੰਗ ਗੁਰਸਿਮਰਨ ਸਿੰਘ ਢਿੱਲੋਂ ,ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿੱਚ ਐੱਸ ਪੀ ਬਟਾਲਾ ਰਮਨਦੀਪ ਸਿੰਘ ਸਮੇਤ ਸਿਵਲ ਤੇ ਪੁਲਸ ਵਿਭਾਗ ਸਬੰਧਤ ਦੇ ਅਧਿਕਾਰੀ ਮੌਜੂਦ ਸਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਸਥਿਤੀ, ਪਿਛਲੇ ਮਹੀਨੇ ਕੀਤੀਆਂ ਗਈਆਂ ਕਾਰਵਾਈਆਂ ਅਤੇ NDPS ਐਕਟ ਤਹਿਤ ਦਰਜ ਕੇਸਾਂ ਦੀ ਸਮੀਖਿਆ ਕੀਤੀ। ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਉੱਪਲ ਦੀ ਅਗਵਾਈ ਵਿੱਚ ਪ੍ਰਸ਼ਾਸਨ ਅਤੇ ਪੁਲਸ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ।
ਉਨ੍ਹਾਂ ਨੇ ਪੁਲਸ, ਸਿਹਤ, ਸਿੱਖਿਆ, ਪੇਂਡੂ ਵਿਕਾਸ ਤੇ ਪੰਚਇਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ, ਕਾਲਜਾਂ, ਅਤੇ ਪਿੰਡਾਂ ਆਦਿ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮਾਂ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਿਹਤ ਤੇ ਡਰੱਗਜ਼ ਵਿਭਾਗ ਦੇ ਅਧਿਕਾਰੀਆਂ ਨੂੰ ਓਟ ਕੇਂਦਰਾਂ ਅਤੇ ਮੈਡੀਕਲ ਸਟੋਰਾਂ ਦੀ ਸਮੇਂ-ਸਮੇਂ ਜਾਂਚ ਕਰਨ ਅਤੇ ਮਰੀਜ਼ਾਂ ਨੂੰ ਇਨ੍ਹਾਂ ਕੇਂਦਰਾਂ ਤੱਕ ਲਿਜਾਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਨੂੰ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਪੈਂਫਲਿਟ ਛਪਵਾ ਕੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਕਾਰਜਸਾਧਕ ਅਫਸਰਾਂ ਰਾਹੀਂ ਵੰਡਣ ਨੂੰ ਯਕੀਨੀ ਬਣਾਉਣ। ਇਸ ਮੌਕੇ ਗੁਰਦਾਸਪੁਰ ਤੇ ਬਟਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਵਿਭਾਗ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਪੈਸ਼ਲ ਡਰਾਈਵ ਚਲਾਈ ਜਾ ਰਹੀ ਹੈ ਅਤੇ ਸਰਹੱਦੀ/ਸ਼ੱਕੀ ਥਾਵਾਂ ’ਤੇ ਨਾਕਾਬੰਦੀ ਸਖਤ ਕੀਤੀ ਗਈ ਹੈ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਛੋਟੇ-ਮੋਟੇ ਨਸ਼ਾ ਵਿਕਰੇਤਾਵਾਂ ਦੇ ਨਾਲ-ਨਾਲ ਪਿੱਛੇ ਬੈਠੇ ਵੱਡੇ ਸਪਲਾਇਰਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਛੁਡਾਊ ਕੇਂਦਰਾਂ ਦੀ ਕਾਰਗੁਜ਼ਾਰੀ, ਮੁੜ-ਵਸੇਬੇ ਅਤੇ ਕਾਊਂਸਲਿੰਗ ਪ੍ਰਬੰਧਾਂ ’ਤੇ ਵੀ ਚਰਚਾ ਹੋਈ।


