ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ) – ਐੱਸ.ਐੱਸ.ਪੀ. ਗੁਰਦਾਸਪੁਰ ਦਿਯਾਮਾ ਹਰੀਸ਼ ਓਮ ਪ੍ਰਕਾਸ਼ ਵੱਲੋਂ ਅੱਜ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦਾ ਜਾਇਜਾ ਲੈਣ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਓਮ ਪ੍ਰਕਾਸ਼ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਫਲੈਗ ਮਾਰਚ ਕਰਨ ਤੋਂ ਇਲਾਵਾ ਨਾਕਿਆਂ ’ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰ ਸਮਾਜ ਵਿੱਚ ਗੜਬੜ ਨਾ ਫੈਲਾਅ ਸਕਣ। ਉਨ੍ਹਾਂ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਜਿਥੇ ਵਧਾਈ ਦਿੱਤੀ ਉੱਥੇ ਹੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਤੇ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ੋਸਲ ਮੀਡੀਆ ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਕਿਸੇ ਵੀ ਤਰਾਂ ਦੀ ਗਲਤ ਸੂਚਨਾ ਜਾਂ ਮੈਸੇਜ ਅੱਗੇ ਨਾ ਭੇਜਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸ਼ੋਸ਼ਲ ਮੀਡੀਆ ਰਾਹੀਂ ਗਲਤ ਅਫ਼ਵਾਹਾਂ ਫ਼ੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਨੇੜੇ ਦੇ ਥਾਣੇ ’ਚ ਜਾਂ ਜ਼ਿਲ੍ਹਾ ਪ੍ਰਸ਼ਾਸਨ ਕੋਲ ਦਰਜ਼ ਕਰਵਾਈ ਜਾਵੇ।