ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੁਨੇਹਾ ਦੇਣ ਲਈ ਐੱਸ.ਐੱਸ.ਪੀ. ਅਤੇ ਏ.ਡੀ.ਸੀ. ਦੀ ਅਗੁਵਾਈ ਵਿੱਚ ਪੁਲਿਸ ਤੇ ਅਰਧ ਸੈਨਿਕ ਬਲਾਂ ਵੱਲੋਂ ਫਲੈਗ ਮਾਰਚ

ਗੁਰਦਾਸਪੁਰ

ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਸੋਸ਼ਲ ਮੀਡੀਆ ਉੱਪਰ ਗੁੰਮਰਾਹਕੁੰਨ ਤੇ ਝੂਠੀ ਜਾਣਕਾਰੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ

ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)—ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸੰਦੇਸ਼ ਦੇਣ ਅਤੇ ਲੋਕਾਂ ਵਿੱਚ ਕਾਨੂੰਨ ਅਤੇ ਵਿਵਸਥਾ ਦਾ ਭਰੋਸਾ ਬਰਕਰਾਰ ਰੱਖਣ ਲਈ ਐੱਸ.ਐੱਸ.ਪੀ. ਗੁਰਦਾਸਪੁਰ ਦਿਯਾਮਾ ਹਰੀਸ਼ ਓਮ ਪ੍ਰਕਾਸ਼ ਦੀ ਅਗਵਾਈ ਹੇਠ ਅੱਜ ਇੱਕ ਵਾਰ ਫਿਰ ਗੁਰਦਾਸਪੁਰ ਸ਼ਹਿਰ ਵਿੱਚ ਹਥਿਆਰਬੰਦ ਜ਼ਿਲ੍ਹਾ ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਵੱਲੋਂ  ਫਲੈਗ ਮਾਰਚ ਕੱਢਿਆ ਗਿਆ। ਇਹ ਮਾਰਚ ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿਚੋਂ ਦੀ ਲੰਗਿਆ। ਇਸ ਮੌਕੇ ਉਨ੍ਹਾਂ ਨਾਲ ਸਿਵਲ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਅਤੇ ਤਹਿਸੀਲਦਾਰ ਗੁਰਦਾਸਪੁਰ ਜਗਤਾਰ ਸਿੰਘ ਵੀ ਮੌਜੂਦ ਸਨ।  

ਹਥਿਆਰਬੰਦ ਸੈਨਾਵਾਂ ਦੇ ਫਲੈਗ ਮਾਰਚ ਦੀ ਅਗਵਾਈ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਗੁਰਦਾਸਪੁਰ ਦਿਯਾਮਾ ਹਰੀਸ਼ ਓਮ ਪ੍ਰਕਾਸ਼ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਮੰਤਵ ਸ਼ਰਾਰਤੀ ਅਨਸਰਾਂ ’ਚ ਕਾਨੂੰਨ ਦਾ ਭੈਅ, ਆਮ ਲੋਕਾਂ ਵਿੱਚ ਸੁਰੱਖਿਆ ਅਤੇ ਅਮਨ-ਕਾਨੂੰਨ ਦੇ ਮਾਹੌਲ ਨੂੰ ਬਣਾਈ ਰੱਖਣ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਝੂਠੀਆਂ ਖ਼ਬਰਾਂ ’ਤੇ ਯਕੀਨ ਨਹੀਂ ਕਰਨਾ ਚਾਹੀਦਾ ਅਤੇ ਪੁਲਿਸ ਫੋਰਸ ’ਤੇ ਭਰੋਸਾ ਕਰਕੇ ਪ੍ਰਸ਼ਾਸਨ ਦਾ ਸਮਰਥਨ ਕਰਨਾ ਚਾਹੀਦਾ ਹੈ।

ਐੱਸ.ਐੱਸ.ਪੀ. ਗੁਰਦਾਸਪੁਰ ਦਿਯਾਮਾ ਹਰੀਸ਼ ਓਮ ਪ੍ਰਕਾਸ਼ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜ਼ਿਲ੍ਹਾ ਪੁਲਿਸ ਹਰ ਕੀਮਤ ’ਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਆਪਣੀ ਚੌਕਸੀ ਅਤੇ ਮੌਜੂਦਗੀ ਦਾ ਭਰੋਸਾ ਦਿਵਾਉਣ ਲਈ 24 ਘੰਟੇ ਗਸ਼ਤ ਕਰ ਰਹੇ ਹਾਂ। ਐੱਸ.ਐੱਸ.ਪੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸੇ ਨੇ ਜ਼ਿਲ੍ਹੇ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਸਦੀ ਸੂਚਨਾ ਤੁਰੰਤ  ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੀ ਜਾਵੇ।

ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਵੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਵਾਹਾਂ ਤੋਂ ਪੂਰੀ ਤਰਾਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ’ਤੇ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਪਾਈ ਜਾਂਦੀ ਹੈ ਜਿਸ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਚਨਾ ਦੇ ਸੱਚ ਹੋਣ ਦੀ ਪਹਿਲਾਂ ਜਾਂਚ ਕੀਤੀ ਜਾਵੇ ਅਤੇ ਫਿਰ ਹੀ ਉਸਨੂੰ ਸਹੀ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉੱਪਰ ਕਿਸੇ ਵੀ ਅਫ਼ਵਾਹ ਜਾਂ ਗਲਤ ਜਾਣਕਾਰੀ ਨੂੰ ਬਿਲਕੁਲ ਸ਼ੇਅਰ ਨਾ ਕੀਤਾ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਸਮਾਜ ਦੀ ਸ਼ਾਂਤੀ ਭੰਗ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਜਿਹੀ ਹਰ ਗਤੀਵਿਧੀ ਉੱਪਰ ਬੜੀ ਬਰੀਕੀ ਨਾਲ ਨਜ਼ਰ ਰੱਖ ਰਿਹਾ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

Leave a Reply

Your email address will not be published. Required fields are marked *