ਜੇ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹੁਣ ਆਪਣੀ ਆਵਾਜ਼ ਨਾ ਬੁਲੰਦ ਕੀਤੀ ਤਾਂ ਉਨ੍ਹਾਂ ਨੂੰ ਵੀ ਇਸੇ ਤਰਾਂ ਦੇ ਨਤੀਜੇ ਭੁਗਤਣੇ ਪੈਣਗੇ: ਵਿਰੋਧੀ ਧਿਰ ਦੇ ਆਗੂ
ਚੰਡੀਗੜ੍ਹ, ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਦੇ ਵਿਰੋਧ ਚ ਪੰਜਾਬ ਕਾਂਗਰਸ ਕਮੇਟੀ ਨੇ ਐਤਵਾਰ ਨੂੰ ਕਾਂਗਰਸ ਭਵਨ ਚੰਡੀਗੜ੍ਹ ‘ਚ ਸੱਤਿਆਗ੍ਰਹਿ ਕੀਤਾ।
ਇਸ ਮੌਕੇ ਬੋਲਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੇਸ਼ ਦੀਆਂ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਜਿਹੀ ਕਠੋਰ ਪਹੁੰਚ ਵਿਰੁੱਧ ਡਟ ਕੇ ਖੜਨ ਦਾ ਸੱਦਾ ਦਿੱਤਾ।
ਬਾਜਵਾ ਨੇ ਅੱਗੇ ਕਿਹਾ, “ਜੇ ਭਾਜਪਾ ਦੇ ਗੈਰ-ਲੋਕਤੰਤਰੀ ਰੁਖ਼ ਤੋਂ ਬਾਅਦ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਇਕਜੁੱਟ ਹੋਣ ਵਿੱਚ ਅਸਫਲ ਰਹਿੰਦੀਆਂ ਹਨ, ਤਾਂ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵੀ ਇਸੇ ਤਰਾਂ ਦੇ ਨਤੀਜੇ ਭੁਗਤਣੇ ਪੈਣਗੇ।”
ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਲਈ ਇਹ ਆਖ਼ਰੀ ਮੌਕਾ ਹੈ ਕਿ ਉਹ ਕਾਂਗਰਸ ਨਾਲ ਇਕਜੁੱਟਤਾ ਨਾਲ ਖੜੇ ਹੋਣ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਰੁੱਧ ਸਖ਼ਤ ਵਿਰੋਧ ਦਰਜ ਕਰਵਾਉਣ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਲੋਕ ਸਭਾ ਵਿੱਚ 542 ਸੰਸਦ ਮੈਂਬਰ ਹਨ। ਚੋਣ ਹਲਫ਼ਨਾਮੇ ਅਨੁਸਾਰ 160 ਲੋਕ ਕਤਲ, ਅਗਵਾ ਅਤੇ ਫਿਰੌਤੀ ਸਮੇਤ ਘਿਣਾਉਣੇ ਅਪਰਾਧ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਫਿਰ ਵੀ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ ਬਦਲਾ ਲੈਣ ਵਾਲੀ ਕਾਰਵਾਈ ਸਿਰਫ਼ ਇਸ ਲਈ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਨੇ ਸੰਸਦ ਦੇ ਅੰਦਰ ਅਤੇ ਬਾਹਰ ਅਸਲ ਮੁੱਦੇ ਉਠਾਉਂਦੇ ਹਨ ਅਤੇ ਹਾਲ ਹੀ ਵਿੱਚ ਅਡਾਨੀ ਸਮੂਹ ‘ਤੇ ਹਿੰਡੇਨਬਰਗ ਰਿਪੋਰਟ ਜਾਰੀ ਹੋਣ ਤੋਂ ਬਾਅਦ ਕੇਂਦਰ ਵਿੱਚ ਭਾਜਪਾ ਸਰਕਾਰ ਨੂੰ ਕਟਹਿਰੇ ਵਿੱਚ ਖੜਾਂ ਕੀਤਾ ਸੀ।
“ਭਾਰਤ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਆਪਣੇ ਹੋਰ ਸਿਆਸੀ ਵਖਰੇਵੇਂ ਪਿੱਛੇ ਛੱਡ ਦੇਣੇ ਚਾਹੀਦੇ ਹਨ ਅਤੇ ਅਜਿਹੇ ਸਮੇਂ ਵਿੱਚ ਏਕਤਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ ਜਦੋਂ ਲੋਕਤੰਤਰ ਦੇ ਬੁਨਿਆਦੀ ਸਿਧਾਂਤ ਦਾਅ ‘ਤੇ ਲੱਗੇ ਹੋਏ ਹਨ। ਨਹੀਂ ਤਾਂ, 2024 ਦੀਆਂ ਚੋਣਾਂ ਤੋਂ ਬਾਅਦ ਉਨ੍ਹਾਂ ਕੋਲ ਉਹੀ ਭਾਰਤ ਨਹੀਂ ਹੋਵੇਗਾ। ਹਾਲਾਤ ਬਹੁਤ ਜ਼ਿਆਦਾ ਬਦਲ ਜਾਣਗੇ,”, ਬਾਜਵਾ ਨੇ ਅੱਗੇ ਕਿਹਾ।
ਵਿਰੋਧੀ ਧਿਰ ਦੇ ਆਗੂ ਨੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਹੁਣ ਤੱਕ ਕਾਂਗਰਸ ਨਾਲ ਇਕਜੁੱਟਤਾ ਜ਼ਾਹਿਰ ਕੀਤੀ ਹੈ।