ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਤਾ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇਗੀ – ਡੀ.ਸੀ ਡਾ. ਹਿਮਾਂਸ਼ੂ

ਗੁਰਦਾਸਪੁਰ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)—- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੁਟਿਆਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਐੱਸ.ਐੱਸ.ਡੀ. ਡੇਰਾ ਬਾਬਾ ਨਾਨਕ ਸ. ਬਲਵਿੰਦਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਪੰਚਾਇਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਿੰਡਾਂ ਵਿੱਚ ਨਸ਼ਿਆਂ ਖਿਲਾਫ ਮਤੇ ਪਾਉਣ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿੱਚੋਂ 100 ਫੀਸਦੀ ਨਸ਼ਾ ਖਤਮ ਹੋ ਜਾਵੇਗਾ ਉਨ੍ਹਾਂ ਨੂੰ ਸਰਕਾਰ ਵੱਲੋਂ ਨਸ਼ਾ ਮੁਕਤ ਪਿੰਡ ਘੋਸ਼ਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵਿਅਕਤੀ ਨਸ਼ੇ ਦੀ ਦਲ-ਦਲ ਵਿੱਚ ਫਸ ਗਏ ਹਨ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੱਲ ਰਹੇ ਓਟ ਕੇਂਦਰਾਂ ਵਿੱਚ ਇਲਾਜ ਲਈ ਲਿਜਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਓਟ ਕੇਂਦਰਾਂ ਦੀ ਸਮੇਂ-ਸਮੇਂ ਚੈਕਿੰਗ ਵੀ ਕਰਨ। ਇਸਦੇ ਨਾਲ ਹੀ ਉਨ੍ਹਾਂ ਨੇ ਓਟ ਕੇਂਦਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀਆਂ ਹਦਾਇਤਾਂ ਵੀ ਕੀਤੀਆਂ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਸੇ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ 10 ਤੋਂ 20 ਅਪ੍ਰੈਲ ਤੱਕ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ। ਇਸਦੇ ਨਾਲ ਹੀ ਯੁਵਕ ਸੇਵਾਵਾਂ ਵਿਭਾਗ ਅਤੇ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ਦੇ ਉਪਰਾਲੇ ਕਰਨ ਅਤੇ ਇਸ ਸਬੰਧੀ ਵਿਸ਼ੇਸ਼ ਖੇਡ ਟੂਰਨਾਮੈਂਟ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਸਮੱਸਿਆ ਹੈ ਅਤੇ ਇਸਨੂੰ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਖਤਮ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਆਪਣਾ ਮੋਹਰੀ ਰੋਲ ਅਦਾ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਸਰਹੱਦੀ ਪੱਟੀ ਦੇ 10 ਕਿਲੋਮੀਟਰ ਦੇ ਘੇਰੇ ਵਿਚਲੇ ਸਾਰੇ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਜੋ ਕਿ ਸਰਹੱਦ ਪਾਰੋਂ ਹੁੰਦੀਆਂ ਡਰੋਨ ਗਤੀਵਿਧੀਆਂ ਨੂੰ ਰੋਕਣ ਵਿੱਚ ਬੀ.ਐੱਸ.ਐੱਫ ਅਤੇ ਪੁਲਿਸ ਦਾ ਸਹਿਯੋਗ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦਾ ਘੇਰਾ ਹੋਰ ਵੀ ਵਧਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ ਸਿਵਲ ਤੇ ਪੁਲਿਸ ਵਿਭਾਗ ਵੱਲੋਂ ਸਾਂਝਾ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਹੈ ਕਿ ਅੰਤਰ ਜ਼ਿਲ੍ਹਾ ਨਾਕੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਬਾਹਰੋਂ ਨਸ਼ੇ ਤਸਕਰੀ ਨਾ ਹੋ ਸਕੇ। ਮੀਟਿੰਗ ਦੌਰਾਨ ਸ਼ਹਿਰਾਂ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਵੀ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।   

Leave a Reply

Your email address will not be published. Required fields are marked *