ਸਰਕਾਰ ਨੇ ਨਹੀਂ ਲਈ ਕੋਈ ਸਾਰ, ਸਿਹਤ ਸੇਵਾਵਾਂ ਹੋ ਰਹੀਆਂ ਪ੍ਰਭਾਵਿਤ
ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰਾਂ (CHO) ਅਤੇ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸ਼ੁਰੂ ਕੀਤੀ ਗਈ ਹੜਤਾਲ ਅੱਜ ਵੀ ਜਾਰੀ ਰਹੀ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਈ ਸਕਾਰਾਤਮਕ ਪਹਿਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂਸੂਬਾ ਪ੍ਰਧਾਨ ਡਾ ਸੁਨੀਲ ਤਰਗੋਤਰਾ ਨੇ ਕਿਹਾ ਕਿ ਕਮਿਊਨਟੀ ਹੈਲਥ ਅਫ਼ਸਰਾਂ ਅਤੇ ਐਨ.ਐਚ.ਐਮ. ਮੁਲਾਜ਼ਮਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਜਾਇਜ਼ ਮੰਗਾਂ ਦੇ ਹੱਲ ਲਈ ਸਰਕਾਰ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਅਨੇਕਾਂ ਮੰਗ ਪੱਤਰ ਦਿੱਤੇ ਗਏ ਅਤੇ ਵਾਰ-ਵਾਰ ਮੰਗਾਂ ਵੱਲ ਧਿਆਨ ਦਿਵਾਇਆ ਗਿਆ, ਪਰੰਤੂ ਅੱਜ ਤੱਕ ਕਿਸੇ ਵੀ ਮੰਗ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਬਰਾਬਰ ਕੰਮ ਬਰਾਬਰ ਤਨਖਾਹ (Equal Work Equal Pay), ਲੋਇਲਟੀ ਬੋਨਸ ਦੀ ਬਹਾਲੀ, ਨਵੇਂ ਇੰਸੈਂਟਿਵ ਪਰਫਾਰਮੇ ਨੂੰ ਵਾਪਸ ਲੈਣਾ, ਕਮਿਊਨਟੀ ਹੈਲਥ ਅਫ਼ਸਰਾਂ ਦੀਆਂ ਅਸਾਮੀਆਂ ਅਤੇ ਕੈਡਰ ਨੂੰ ਸੈਂਕਸ਼ਨ ਕਰਨਾ, ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ, BAMS ਯੋਗਤਾ ਵਾਲੇ CHO ਨੂੰ NPA ਦੇਣਾ, ਦੁਸ਼ਵਾਰ ਖੇਤਰ ਭੱਤਾ ਬਹਾਲ ਕਰਨਾ ਅਤੇ ਹੋਰ ਲੰਬਿਤ ਮੰਗਾਂ ਦਾ ਹੱਲ ਕਰਨਾ ਸ਼ਾਮਲ ਹੈ।
ਆਗੂਆਂ ਨੇ ਕਿਹਾ ਕਿ 22 ਜੂਨ ਤੋਂ ਸ਼ੁਰੂ ਕੀਤੀ ਗਈ ਹੜਤਾਲ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤੱਕ ਕੋਈ ਗੰਭੀਰਤਾ ਨਹੀਂ ਦਿਖਾਈ ਗਈ ਅਤੇ ਨਾ ਹੀ ਯੂਨੀਅਨਾਂ ਨਾਲ ਕੋਈ ਅਰਥਪੂਰਨ ਗੱਲਬਾਤ ਕੀਤੀ ਗਈ ਹੈ। ਇਸ ਕਾਰਨ ਪੰਜਾਬ ਭਰ ਵਿੱਚ ਆਯੁਸ਼ਮਾਨ ਅਰੋਗਿਆ ਕੇਂਦਰਾਂ, ਐਨ.ਸੀ.ਡੀ. ਸਕ੍ਰੀਨਿੰਗ, ਟੀ.ਬੀ. ਪ੍ਰੋਗਰਾਮ, ਓ.ਪੀ.ਡੀ. ਸੇਵਾਵਾਂ ਅਤੇ ਹੋਰ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ।
ਆਗੂਆਂ ਨੇ ਕਿਹਾ ਕਿ ਕਮਿਊਨਟੀ ਹੈਲਥ ਅਫ਼ਸਰ ਅਤੇ ਐਨ.ਐਚ.ਐਮ. ਮੁਲਾਜ਼ਮ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ 2 ਜੁਲਾਈ 2026 ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਧਰਨਾ ਦਿੱਤਾ ਜਾਵੇਗਾ, ਜਿਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਸ਼ਮੂਲੀਅਤ ਕਰਨਗੇ।
ਆਗੂਆਂ ਨੇ ਕਿਹਾ ਕਿ ਹੜਤਾਲ ਕਾਰਨ ਸਿਹਤ ਸੇਵਾਵਾਂ ’ਤੇ ਪੈ ਰਹੇ ਪ੍ਰਭਾਵ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੈ, ਕਿਉਂਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਮਸਲਿਆਂ ਦਾ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਵਿੱਚ ਆ ਰਹੀ ਮੁਸ਼ਕਲ ਤੋਂ ਰਾਹਤ ਮਿਲ ਸਕੇ।
ਇਸ ਮੌਕੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਕਮਿਊਨਟੀ ਹੈਲਥ ਅਫ਼ਸਰ ਅਤੇ ਐਨ.ਐਚ.ਐਮ. ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


