ਕੱਲ੍ਹ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਗਣਨਾ ਫਾਰਮ

ਗੁਰਦਾਸਪੁਰ

-ਐਸ.ਆਈ.ਆਰ ਦੌਰਾਨ ਬੀ.ਐਲ.ਓਜ਼ ਦਾ ਪੂਰਾ ਸਹਿਯੋਗ ਕਰਨ ਜ਼ਿਲ੍ਹਾ ਵਾਸੀ – ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ

ਗੁਰਦਾਸਪੁਰ, 24 ਜੂਨ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਤਹਿਤ ਕੱਲ੍ਹ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਨੇ ਅੱਜ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੀ ਐਸ.ਆਈ.ਆਰ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 1553 ਬੀ.ਐਲ.ਓਜ਼, 161 ਸੈਕਟਰ ਸੁਪਰਵਾਈਜ਼ਰ ਅਤੇ 7 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਐਸ.ਆਈ.ਆਰ ਅਧੀਨ ਗਣਨਾ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਇਸ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ।ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ। ਉਨ੍ਹਾਂ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐਸ.ਆਈ.ਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ। ਇਸ ਅਨੁਸਾਰ ਮੀਡੀਆ ਅਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ-ਸਮੇਂ ‘ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ ਐਸ.ਆਈ.ਆਰ ਨੂੰ ਮੁੱਖ ਰੱਖਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਦਫਤਰ ਜ਼ਿਲ੍ਹਾ ਮਾਲ ਅਫਸਰ,
ਕਮਰਾ ਨੰਬਰ 204, ਬੀ ਬਲਾਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਇਕ ਵਿਸ਼ੇਸ਼ ‘ਸੈੱਲ’ ਸ਼ਿਕਾਇਤਾਂ ਦੇ ਹੱਲ ਲਈ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐੱਸ ਆਈ ਆਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਹੈਲਪ ਲਾਈਨ ਨੰਬਰ 1950 ‘ਤੇ ਕਾਲ ਕਰਕੇ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਜਾਣਕਾਰੀ ਲਈ ਜਾ ਸਕਦੀ ਹੈ।

Leave a Reply

Your email address will not be published. Required fields are marked *