ਜਾਅਲੀ ਫੋਰੈਂਸਿਕ ਰਿਪੋਰਟ ਨੇ ਮਾਨ ਸਰਕਾਰ ਦੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ; ਮੁੱਖ ਮੰਤਰੀ ਤੁਰੰਤ ਅਸਤੀਫਾ ਦੇਣ: ਬਾਜਵਾ

ਪੰਜਾਬ

ਚੰਡੀਗੜ੍ਹ, ਗੁਰਦਾਸਪੁਰ, 25 ਜੂਨ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਵਿਵਾਦਤ ਵੀਡੀਓ, ਜਿਸ ਵਿੱਚ ਕਥਿਤ ਤੌਰ ’ਤੇ ਮੁੱਖ ਮੰਤਰੀ ਧਾਰਮਿਕ ਬੇਅਦਬੀ ਕਰਦੇ ਨਜ਼ਰ ਆ ਰਹੇ ਹਨ, ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾ ਕੇ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ।

ਬਾਜਵਾ ਨੇ ਕਿਹਾ ਕਿ ਕਥਿਤ ਤੌਰ ’ਤੇ ਜਾਅਲੀ ਫੋਰੈਂਸਿਕ ਰਿਪੋਰਟ ਹਾਸਲ ਕਰਨ ਦੀ ਕੋਸ਼ਿਸ਼ ਨੇ ਸਰਕਾਰ ਦੇ ਬਚਾਅ ਦੇ ਸਾਰੇ ਦਾਅਵਿਆਂ ਨੂੰ ਢਾਹ ਦਿੱਤਾ ਹੈ ਅਤੇ ਲੋਕਾਂ ਦੇ ਇਸ ਸ਼ੱਕ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਦਰਅਸਲ ਭਗਵੰਤ ਮਾਨ ਹੀ ਸੀ। ਉਨ੍ਹਾਂ ਕਿਹਾ ਕਿ ਗੰਭੀਰ ਦੋਸ਼ਾਂ ਦਾ ਪਾਰਦਰਸ਼ੀ ਢੰਗ ਨਾਲ ਸਾਹਮਣਾ ਕਰਨ ਦੀ ਬਜਾਏ ਸਰਕਾਰ ਨੇ ਕਥਿਤ ਤੌਰ ’ਤੇ ਸਬੂਤਾਂ ਨਾਲ ਛੇੜਛਾੜ ਕਰਕੇ ਇੱਕ ਮਨਘੜਤ ਕਹਾਣੀ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਜੋ ਮੁੱਖ ਮੰਤਰੀ ਨੂੰ ਜਵਾਬਦੇਹੀ ਤੋਂ ਬਚਾਇਆ ਜਾ ਸਕੇ।

ਬਾਜਵਾ ਨੇ ਕਿਹਾ, “ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਕੋਸ਼ਿਸ਼ ਆਪਣੇ ਆਪ ਵਿੱਚ ਇਸ ਗੱਲ ਦਾ ਸਭ ਤੋਂ ਵੱਡਾ ਸਬੂਤ ਹੈ ਕਿ ਸਰਕਾਰ ਕੁਝ ਲੁਕਾਉਣਾ ਚਾਹੁੰਦੀ ਸੀ। ਜੇ ਭਗਵੰਤ ਮਾਨ ਬੇਕਸੂਰ ਸਨ ਤਾਂ ਫੋਰੈਂਸਿਕ ਜਾਂਚ ਨੂੰ ਪ੍ਰਭਾਵਿਤ ਕਰਨ ਜਾਂ ਉਸ ਵਿੱਚ ਹੇਰਾਫੇਰੀ ਕਰਨ ਦੀ ਲੋੜ ਹੀ ਕਿਉਂ ਪਈ? ਇਹ ਸਿਰਫ਼ ਧੋਖਾਧੜੀ ਦਾ ਮਾਮਲਾ ਨਹੀਂ, ਸਗੋਂ ਸੱਤਾ ਅਤੇ ਸਰਕਾਰੀ ਤੰਤਰ ਦੇ ਘੋਰ ਦੁਰਵਰਤੋਂ ਦੀ ਮਿਸਾਲ ਹੈ।”

ਉਨ੍ਹਾਂ ਕਿਹਾ ਕਿ ਇਹ ਵਿਵਾਦ ਹੁਣ ਕੇਵਲ ਵੀਡੀਓ ਤੱਕ ਸੀਮਿਤ ਨਹੀਂ ਰਿਹਾ। ਇਹ ਮਾਮਲਾ ਹੁਣ ਇਨਸਾਫ਼ ਦੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ, ਤੱਥਾਂ ਨੂੰ ਦਬਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਥਿਤ ਸਾਜ਼ਿਸ਼ ਵਿੱਚ ਤਬਦੀਲ ਹੋ ਚੁੱਕਾ ਹੈ।

ਮੁੱਖ ਮੰਤਰੀ ਦੇ ਤੁਰੰਤ ਅਸਤੀਫੇ ਦੀ ਮੰਗ ਕਰਦਿਆਂ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੇ ਕਥਿਤ ਤੌਰ ’ਤੇ ਦੁਨੀਆ ਭਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ, “ਇੰਨੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਰਾਜ ਦੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ ’ਤੇ ਬੈਠ ਕੇ ਨਿਰਪੱਖ ਜਾਂਚ ਯਕੀਨੀ ਨਹੀਂ ਬਣਾ ਸਕਦਾ। ਸੁਤੰਤਰ, ਪਾਰਦਰਸ਼ੀ ਅਤੇ ਨਿਰਪੱਖ ਜਾਂਚ ਲਈ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।”

ਬਾਜਵਾ ਨੇ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਅਤੇ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਕਿਸੇ ਮੌਜੂਦਾ ਜਾਂ ਸੇਵਾਮੁਕਤ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਉੱਚ ਪੱਧਰੀ ਨਿਆਂਇਕ ਜਾਂਚ ਦੀ ਮੰਗ ਕੀਤੀ।

ਹਰਿਆਣਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਗੁਰੂਗ੍ਰਾਮ ਪੁਲਿਸ ਨੇ ਜਸਪ੍ਰੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਪੰਜਾਬ ਪੁਲਿਸ ਦੇ ਦੋ ਸੀਨੀਅਰ ਅਧਿਕਾਰੀਆਂ ਨੇ ਵਿਵਾਦਤ ਵੀਡੀਓ ਸਬੰਧੀ ਜਾਅਲੀ ਫੋਰੈਂਸਿਕ ਰਿਪੋਰਟ ਦੇਣ ਲਈ 10 ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂਗ੍ਰਾਮ ਪੁਲਿਸ ਜਨਤਕ ਤੌਰ ’ਤੇ ਸਪੱਸ਼ਟ ਕਰ ਚੁੱਕੀ ਹੈ ਕਿ ਜੇਕਰ ਸ਼ਿਕਾਇਤ ਵਿੱਚ ਨਾਮਜ਼ਦ ਪੰਜਾਬ ਪੁਲਿਸ ਅਧਿਕਾਰੀਆਂ ਖ਼ਿਲਾਫ਼ ਠੋਸ ਸਬੂਤ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ।

ਬਾਜਵਾ ਨੇ ਕਿਹਾ, “ਇਹ ਮਾਮਲਾ ਹੁਣ ਕੇਵਲ ਵੀਡੀਓ ਦਾ ਨਹੀਂ ਰਿਹਾ। ਅਸਲ ਮੁੱਦਾ ਮੁੱਖ ਮੰਤਰੀ ਨੂੰ ਬਚਾਉਣ ਲਈ ਕਥਿਤ ਤੌਰ ’ਤੇ ਸਬੂਤਾਂ ਨਾਲ ਛੇੜਛਾੜ ਕਰਨ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਹੈ। ਪੰਜਾਬ ਦੇ ਲੋਕ, ਖ਼ਾਸ ਕਰਕੇ ਸਿੱਖ ਭਾਈਚਾਰਾ, ਆਪਣੀ ਆਸਥਾ ਅਤੇ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਨਾਲ ਕਿਸੇ ਵੀ ਤਰ੍ਹਾਂ ਦੀ ਧੋਖੇਬਾਜ਼ੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।”

ਬਾਜਵਾ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਪੰਜਾਬ ਪੁਲਿਸ ਅਧਿਕਾਰੀ ਦੀ ਭੂਮਿਕਾ ਕਿਸੇ ਵਿਅਕਤੀ ’ਤੇ ਦਬਾਅ ਬਣਾਉਣ, ਫੋਰੈਂਸਿਕ ਜਾਂਚ ਨੂੰ ਪ੍ਰਭਾਵਿਤ ਕਰਨ ਜਾਂ ਕਥਿਤ ਸਾਜ਼ਿਸ਼ ਵਿੱਚ ਸ਼ਾਮਲ ਹੋਣ ਵਿੱਚ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, “ਵਰਦੀ ਕਿਸੇ ਵੀ ਗਲਤ ਕੰਮ ਦੀ ਢਾਲ ਨਹੀਂ ਬਣ ਸਕਦੀ। ਜਿਨ੍ਹਾਂ ਨੇ ਆਪਣੇ ਅਹੁਦੇ ਦਾ ਦੁਰਵਰਤੋਂ ਕਰਕੇ ਆਪਣੇ ਸਿਆਸੀ ਆਕਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।”

Leave a Reply

Your email address will not be published. Required fields are marked *