ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਉਲੰਪੀਅਨ ਖਿਡਾਰੀਆਂ ਦੇ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਸਟੇਡੀਅਮ ਜਲਦ ਮੁਕੰਮਲ ਕਰਨ ਦੇ ਨਿਰਦੇਸ਼

ਗੁਰਦਾਸਪੁਰ

ਜ਼ਿਲ੍ਹੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੇ 13 ਉਲੰਪੀਅਨ ਖਿਡਾਰੀਆਂ ਦੇ ਪਿੰਡਾਂ-ਸ਼ਹਿਰਾਂ ਵਿੱਚ ਉਨ੍ਹਾਂ ਨੂੰ ਸਮਰਪਿਤ ਵਿਸ਼ੇਸ਼ ਖੇਡ ਮੈਦਾਨ ਅਤੇ ਸਟੇਡੀਅਮ ਬਣਾਉਣ ਦੇ ਕੰਮਾਂ ਨੂੰ ਪਹਿਲ ਦੇ ਅਧਾਰ `ਤੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਉਸ ਖੇਡ ਨੂੰ ਉਤਸ਼ਾਹਤ ਕੀਤਾ ਜਾਵੇ ਜਿਸ ਖੇਡ ਵਿੱਚ ਉਸ ਖਿਡਾਰੀ ਨੇ ਉਲਪਿੰਕਸ ਵਿੱਚ ਹਿੱਸਾ ਲਿਆ ਸੀ। ਡਿਪਟੀ ਕਮਿਸ਼ਨਰ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇਸ ਸਬੰਧੀ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਖਿਡਾਰੀਆਂ ਨੇ ਖੇਡਾਂ ਵਿੱਚ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਜ਼ਿਲ੍ਹੇ ਦੇ 13 ਖਿਡਾਰੀਆਂ ਨੇ ਉਲੰਪਿਕ ਤੱਕ ਮੱਲਾਂ ਮਾਰੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਉਲੰਪੀਅਨ ਖਿਡਾਰੀਆਂ ਵਿੱਚ ਪਿੰਡ ਮੀਕੇ ਨਾਲ ਸਬੰਧਤ ਹਾਕੀ ਖਿਡਾਰੀ ਸ੍ਰੀ ਰਮਨਦੀਪ ਸਿੰਘ, ਪਿੰਡ ਮਸਾਣੀਆਂ ਦੇ ਹਾਕੀ ਖਿਡਾਰੀ ਸ੍ਰੀ ਪ੍ਰਭਜੋਤ ਸਿੰਘ, ਪਿੰਡ ਚਾਹਲ ਕਲਾਂ ਦੇ ਹਾਕੀ ਖਿਡਾਰੀ ਸ੍ਰੀ ਸਿਮਰਨਜੀਤ ਸਿੰਘ, ਪਿੰਡ ਕੋਠੇ ਘੁਰਾਲਾ ਦੇ ਜੁਡੋ ਖਿਡਾਰੀ ਸ੍ਰੀ ਅਵਤਾਰ ਸਿੰਘ, ਪਿੰਡ ਹਵੇਲੀ ਚੋਬਦਾਰ ਦੀ ਅਥਲੀਟ ਸ੍ਰੀਮਤੀ ਮਨਜੀਤ ਕੌਰ, ਪਿੰਡ ਮਰੜ ਦੇ ਹਾਕੀ ਖਿਡਾਰੀ ਸ੍ਰੀ ਸਰਵਣਜੀਤ ਸਿੰਘ ਅਤੇ ਬ੍ਰਿਗੇਡੀਅਰ ਹਰਚਰਨ ਸਿੰਘ ਬੋਪਾਰਾਏ, ਪਿੰਡ ਦਾਖਲਾ ਦੇ ਹਾਕੀ ਖਿਡਾਰੀ ਸਵਰਗਵਾਸੀ ਸ੍ਰੀ ਸੁਰਜੀਤ ਸਿੰਘ ਰੰਧਾਵਾ, ਉਮਰਪੁਰਾ (ਬਟਾਲਾ) ਦੇ ਬਾਸਕਿਟਬਾਲ ਖਿਡਾਰੀ ਸ. ਪਰਮਦੀਪ ਸਿੰਘ ਤੇਜਾ, ਬਟਾਲਾ ਦੇ ਹਾਕੀ ਖਿਡਾਰੀ ਸ. ਸੁਖਜੀਤ ਸਿੰਘ ਚੀਮਾ, ਬਟਾਲਾ ਦੇ ਹਾਕੀ ਖਿਡਾਰੀ ਸ. ਮੁਖਬੈਨ ਸਿੰਘ, ਪਿੰਡ ਘੁਰਾਲਾ ਦੇ ਸ਼ਾਟਪੁੱਟ ਅਥਲੀਟ ਸ. ਬਲਵਿੰਦਰ ਸਿੰਘ ਧਾਲੀਵਾਲ ਅਤੇ ਪਿੰਡ ਕੰਡੀਲਾ ਦੇ ਹਾਈਜੰਪ ਅਥਲੀਟ ਸ. ਅਜੀਤ ਸਿੰਘ ਭੁੱਲਰ ਦੇ ਨਾਮ ਸ਼ਾਮਲ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਉਲੰਪੀਅਨ ਖਿਡਾਰੀਆਂ ਨੂੰ ਸਮਰਪਿਤ ਬਣਨ ਵਾਲੇ ਇਹ ਖੇਡ ਮੈਦਾਨ ਅਤੇ ਸਟੇਡੀਅਮ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪ੍ਰਫੂਲਤ ਕਰਨ ਦਾ ਸਬੱਬ ਬਣਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਦਾਨਾਂ ਅਤੇ ਸਟੇਡੀਅਮਾਂ ਵਿੱਚ ਵਿਸ਼ੇਸ਼ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਚਨਬੱਧ ਹੈ ਅਤੇ ਨੌਜਵਾਨ ਖਿਡਾਰੀ ਆਪਣੇ ਪਿੰਡ ਦੇ ਰਜਿਸਟਰਡ ਯੂਥ ਕਲੱਬ ਰਾਹੀਂ ਨਹਿਰੂ ਯੁਵਾ ਕੇਂਦਰ ਜਾਂ ਪੰਚਾਇਤਾਂ ਵੱਲੋਂ ਪਾਏ ਮਤੇ ਜਰੀਏ ਖੇਡ ਕਿੱਟਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਖੇਡ ਵਿਭਾਗ ਨੂੰ ਗੁਰਦਾਸਪੁਰ ਸ਼ਹਿਰ ਵਿੱਚ ਲਾਅਨ ਟੈਨਸ ਅਤੇ ਬਡਮਿੰਨਟ ਦੇ ਮੈਦਾਨ ਬਣਾਉਣ ਲਈ ਵੀ ਪ੍ਰੋਜੈਕਟ ਰੀਪੋਰਟ ਤਿਆਰ ਕਰਨ ਲਈ ਕਿਹਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਜ਼ਿਲ੍ਹਾ ਖੇਡ ਅਫ਼ਸਰ ਸੁਖਚੈਨ ਸਿੰਘ, ਐਕਸੀਅਨ ਜਤਿੰਦਰ ਮੋਹਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *