ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪੌਦੇ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾ ਦਿੱਤਾ
ਗੁਰਦਾਸਪੁਰ, 14 ਅਪ੍ਰੈਲ (ਸਰਬਜੀਤ ਸਿੰਘ)–ਵਿਸਾਖੀ ਦੇ ਦਿਹਾੜੇ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੇ ਪਾਵਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਮਿਲਕ ਪਲਾਂਟ ਗੁਰਦਾਸਪੁਰ ਦੇ ਸਾਹਮਣੇ ਜੀ.ਟੀ. ਰੋਡ ਦੇ ਕਿਨਾਰੇ ਪੌਦੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪੌਦੇ ਲਗਾਉਣ ਦੀ ਮੁਹਿੰਮ ਦੇ ਪਹਿਲੇ ਦਿਨ ਅੱਜ 100 ਦੇ ਕਰੀਬ ਪੌਦੇ ਲਗਾਏ ਗਏ।
ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਸ਼ਹਿਰ ਤੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਜ਼ਿਲ੍ਹੇ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰੁੱਖਾਂ ਦੀ ਬੇਤਹਾਸ਼ਾ ਕਟਾਈ ਕਾਰਨ ਮੌਸਮ ਵਿੱਚ ਵਿਗਾੜ ਪੈਦਾ ਹੋਏ ਹਨ ਅਤੇ ਆਲਮੀ ਤਪਸ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਧਰਤੀ ਨੂੰ ਰਹਿਣ ਲਾਈਕ ਬਣਾਈ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਵਿੱਚ ਵੱਖ-ਵੱਖ ਕਿਸਮਾਂ ਦੇ ਛਾਂਦਾਰ ਅਤੇ ਫ਼ਲਦਾਰ ਬੂਟੇ ਤਿਆਰ ਕੀਤੇ ਗਏ ਹਨ ਅਤੇ ਜਿਹੜੇ ਵੀ ਵਿਅਕਤੀ ਜਾਂ ਸਮਾਜ ਸੇਵੀ ਸਮੂਹ ਪੌਦੇ ਲਗਾਉਣ ਦੇ ਚਾਹਵਾਨ ਹਨ ਉਹ ਓਥੋਂ ਪੌਦੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਆਓ ਹਰਿਆਲੀ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾ ਕੇ ਆਪਣੇ ਵਾਤਾਵਰਨ ਨੂੰ ਹਰ-ਭਰਾ ਬਣਾਈਏ।
ਇਸ ਮੌਕੇ ਜੰਗਲਾਤ ਵਿਭਾਗ ਦੇ ਅਧਿਕਾਰੀ ਅਟਲ ਮਹਾਜਨ, ਮੁੱਖ ਖੇਤੀਬਾੜੀ ਅਫ਼ਸਰ ਕ੍ਰਿਪਾਲ ਸਿੰਘ ਢਿਲੋਂ, ਡਿਪਟੀ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਬਾਜਵਾ, ਸਮਾਜ ਸੇਵੀ ਹਰਜਿੰਦਰ ਸਿੰਘ ਬਿੱਟਾ, ਸਤਨਾਮ ਸਿੰਘ ਬੋਪਾਰਾਏ, ਸੁੱਚਾ ਸਿੰਘ ਮੁਲਤਾਨੀ, ਕਮਲਦੀਪ ਸਿੰਘ, ਕੰਵਲਦੀਪ ਸਿੰਘ, ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਮੋਹਤਬਰ ਹਾਜ਼ਰ ਸਨ।