ਗੁਰਦਾਸਪੁਰ, 20 ਅਪ੍ਰੈਲ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪੂਰੇ ਜ਼ੋਰਾਂ `ਤੇ ਸ਼ੁਰੂ ਹੋ ਗਈ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 56805 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 44774 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਅਲਾਟ ਕੀਤੀਆਂ ਮੰਡੀਆਂ ਵਿੱਚ ਨਾਲ-ਨਾਲ ਹੀ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਿਣਸ ਦੀ ਅਦਾਇਗੀ ਨਾਲੋਂ-ਨਾਲ ਕਰਨ ਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਅਦਾਇਗੀ ਵੀ ਸਮੇਂ ਸਿਰ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਦਾ ਬਿਨਾਂ ਕੋਈ ਕੱਟ ਲਾਇਆਂ ਪੂਰਾ ਭਾਅ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪ੍ਰਤੀ ਕੁਇੰਟਲ ਦਾ ਘੱਟੋ-ਘੱਟ ਸਮਰਥਨ ਮੁੱਲ 2125 ਰੁਪਏ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਏਜੰਸੀਵਾਰ ਖਰੀਦ ਅੰਕੜਿਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਪਨਗ੍ਰੇਨ ਵੱਲੋਂ 18314 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 8152 ਮੀਟ੍ਰਿਕ ਟਨ, ਪਨਸਪ ਵੱਲੋਂ 8667 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 8231 ਮੀਟ੍ਰਿਕ ਟਨ ਅਤੇ ਭਾਰਤੀ ਖੁਰਾਕ ਨਿਗਮ ਵੱਲੋਂ 1410 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ ਜਿਸ ਤਹਿਤ 44189 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਕਰ ਲਈ ਗਈ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਪੂਰੇ ਤੋਲ ਅਤੇ ਭਾਅ ਉੱਪਰ ਖਰੀਦੀ ਜਾ ਰਹੀ ਹੈ।


