ਰਮਨ ਬਹਿਲ ਨੇ ਪਿੰਡ ਜੋੜ੍ਹਾ ਛੱਤਰਾਂ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਪੰਜਾਬ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ

ਗੁਰਦਾਸਪੁਰ

ਗੁਰਦਾਸਪੁਰ, 7 ਜੁਲਾਈ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਜੋੜ੍ਹਾ ਛੱਤਰਾਂ ਵਿਖੇ ਪਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਨਿਸ਼ਾਨ ਸਿੰਘ, ਪਾਰਟੀ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਇਸ ਦੌਰਾਨ ਰਮਨ ਬਹਿਲ ਨੇ ਪੰਜਾਬ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਹਰ ਜਾਇਜ਼ ਮੰਗ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।

ਰਮਨ ਬਹਿਲ ਨੇ ਕਿਹਾ ਕਿ ਲੋਕਾ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ, ਕਿਉਂਕਿ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਲੋਕ-ਹਿੱਤ ਦੀਆਂ ਅਨੇਕਾਂ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਡਿਪੂਆਂ ਰਾਹੀਂ ਲਾਭਪਾਤਰੀਆਂ ਨੂੰ ਸਿਰਫ਼ ਅਨਾਜ ਹੀ ਮਿਲਦਾ ਸੀ, ਜਿਸ ਨਾਲ ਘਰ ਦੀ ਰਸੋਈ ਚਲਾਉਣਾ ਮੁਸ਼ਕਲ ਹੁੰਦਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਲੋੜ ਨੂੰ ਮਹਿਸੂਸ ਕਰਦਿਆਂ ‘ਆਪਣੀ ਰਸੋਈ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ, ਤਾਂ ਜੋ ਅਨਾਜ ਦੇ ਨਾਲ-ਨਾਲ ਰਸੋਈ ਲਈ ਲੋੜੀਂਦਾ ਸਮਾਨ ਵੀ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਸਕੇ।

ਰਮਨ ਬਹਿਲ ਨੇ ਦੱਸਿਆ ਕਿ ਇਸ ਰਾਸ਼ਨ ਕਿੱਟ ਦੀ ਬਾਜ਼ਾਰ ਵਿੱਚ ਕੀਮਤ ਲਗਭਗ ਇੱਕ ਹਜ਼ਾਰ ਰੁਪਏ ਤੋਂ ਵੱਧ ਬਣਦੀ ਹੈ। ਇਸ ਵਿੱਚ ਦੋ ਤਰ੍ਹਾਂ ਦੀਆਂ ਦਾਲਾਂ, ਸਰ੍ਹੋਂ ਦੇ ਤੇਲ ਦੀਆਂ ਦੋ ਬੋਤਲਾਂ, ਖੰਡ, ਲੂਣ, ਹਲਦੀ ਅਤੇ ਹੋਰ ਜ਼ਰੂਰੀ ਮਸਾਲੇ ਸ਼ਾਮਲ ਹਨ, ਤਾਂ ਜੋ ਪਰਿਵਾਰ ਦੀ ਰਸੋਈ 15 ਤੋਂ 20 ਦਿਨ ਤੱਕ ਸੁਚੱਜੇ ਢੰਗ ਨਾਲ ਚੱਲ ਸਕੇ।

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਅੱਜ ਪਿੰਡ ਜੋੜ੍ਹਾ ਛੱਤਰਾਂ ਵਿਖੇ ਲਗਭਗ 350 ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਅਨਾਜ ਵੰਡਿਆ ਜਾਵੇਗਾ, ਉਸ ਦੇ ਨਾਲ ਹਰ ਯੋਗ ਲਾਭਪਾਤਰੀ ਨੂੰ ਰਾਸ਼ਨ ਕਿੱਟ ਵੀ ਦਿੱਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਅਜੇ ਬਹਿਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਜੋਗਿੰਦਰ ਸਿੰਘ ਬਾਜਵਾ ਪਾਰਟੀ ਆਗੂ, ਨਿਸ਼ਾਨ ਸਿੰਘ ਸਰਪੰਚ ਜੋੜਾ ਛੱਤਰਾਂ, ਪ੍ਰਭਜੀਤ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ, ਸਾਜਨ ਮਹਾਜਨ ਅਤੇ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *