ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾ ਸਦਕਾ 10 ਸਾਲ ਤੋਂ ਬੱਬੇਹਾਲੀ ਨਹਿਰ ਦੇ ਪੁਲ ਦੀ ਉਸਾਰੀ ਦਾ ਰੁਕਿਆ ਕੰਮ ਸ਼ੁਰੂ ਹੋਇਆ

ਗੁਰਦਾਸਪੁਰ

ਪਿੰਡ ਦੇ ਲੋਕ ਬੋੇਲੇ 75 ਸਾਲ ਦੇ ਬਾਅਦ ਰਮਨ ਬਹਿਲ ਦੀ ਮਿਹਨਤ ਸਦਕਾ ਇਹ ਪੁਲ ਦਾ ਮੁੜ ਹੋ ਰਿਹਾ ਨਿਰਮਾਣ

ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰ ਜਿਹੜਾ ਕੰਮ 10 ਸਾਲਾਂ ਵਿਚ ਨਾ ਕਰ ਸਕੀਆਂ ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ’ਚ ਹੀ ਕਰ ਦਿਖਾਇਆ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਬੱਬੇਹਾਲੀ ਸਮੇਤ ਸਮੁੱਚੇ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲਣ ਜਾ ਰਹੀ ਹੈ। ਸ੍ਰੀ ਬਹਿਲ ਵੱਲੋਂ ਨਿੱਜੀ ਦਿਲਚਸਪੀ ਲੈ ਕੇ ਕਰੀਬ ਇੱਕ ਦਹਾਕੇ ਤੋਂ ਰੁਕੇ ਨਹਿਰ ਦੇ ਪੁੱਲ ਦੇ ਕੰਮ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ ਜੋ ਕਿ ਜਲਦੀ ਹੀ ਮੁਕੰਮਲ ਹੋ ਜਾਵੇਗਾ। ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਪਿੰਡ ਬੱਬੇਹਾਲੀ ਦੇ ਵਸਨੀਕਾਂ ਨਾਲ ਉਸਾਰੀ ਅਧੀਨ ਪੁਲ ਦਾ ਨਿਰੀਖਣ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪੁਲ ਨੂੰ ਜਲਦ ਮੁਕੰਮਲ ਕੀਤਾ ਜਾਵੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਾਲ 2014 ਵਿੱਚ ਅਕਾਲੀ-ਭਾਜਪਾ ਦੀ ਗਠਜੋੜ ਸਰਕਾਰ ਵੱਲੋਂ ਬੱਬੇਹਾਲੀ ਪਿੰਡ ਵਿਖੇ ਅਪਰਬਾਰੀ ਦੁਆਬ ਨਹਿਰ ਉੱਪਰ 169.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁੱਲ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਿਰਫ ਨੀਂਹ ਪੱਥਰ ਰੱਖਣ ਤੱਕ ਹੀ ਸੀਮਤ ਰਹੀ ਅਤੇ ਪੁੱਲ ਦੀ ਉਸਾਰੀ ਵੱਲ ਕੋਈ ਧਿਆਨ ਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜਦੋਂ ਸਾਲ 2017 ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਵੱਲੋਂ ਵੀ ਇਸ ਪੁਲ ਵੱਲ ਕੋਈ ਧਿਆਨ ਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸਗੋਂ ਉਲਟਾ ਬੱਬੇਹਾਲੀ ਪੁਲ ਲਈ ਪਾਸ ਹੋਈ ਰਾਸ਼ੀ ਵੀ ਕਿਸੇ ਹੋਰ ਮਹਿਕਮੇ ਨੂੰ ਟਰਾਂਸਫਰ ਕਰ ਦਿੱਤੀ ਗਈ, ਜਿਸ ਕਾਰਨ ਕਾਂਗਰਸ ਰਾਜ ਦੇ ਪੰਜ ਸਾਲ ਵੀ ਇਸ ਪੁਲ ਦਾ ਕੰਮ ਪੂਰੀ ਤਰਾਂ ਠੱਪ ਰਿਹਾ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੁਲ ਦੀ ਉਸਾਰੀ ਨਾ ਹੋਣ ਕਾਰਨ ਪਿੰਡ ਬੱਬੇਹਾਲੀ ਅਤੇ ਇਲਾਕੇ ਦੇ ਲੋਕਾਂ ਨੂੰ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਉਹ ਇਸ ਪੁਲ ਦੀ ਉਸਾਰੀ ਮੁਕੰਮਲ ਕਰਵਾਉਣਗੇ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਅਤੇ ਉੱਚ ਅਧਿਕਾਰੀਆਂ ਨਾਲ ਮੁਲਾਕਾਤਾਂ ਕਰਕੇ ਇਸ ਪੁਲ ਲਈ ਦੁਬਾਰਾ ਰਾਸ਼ੀ ਮਨਜ਼ੂਰ ਕਰਵਾ ਕੇ ਕੰਮ ਸ਼ੁਰੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪੁਲ ਦੀ ਉਸਾਰੀ ਦਾ 40 ਫੀਸਦੀ ਕੰਮ ਮੁਕੰਮਲ ਹੋ ਗਿਆ ਹੈ ਜਦਕਿ ਰਹਿੰਦਾ ਕੰਮ ਵੀ ਜਲਦ ਮੁਕੰਮਲ ਕਰ ਲਿਆ ਜਾਵੇਗਾ।

ਬਹਿਲ ਨੇ ਕਿਹਾ ਕਿ ਲੋਕ ਹਿੱਤ ਦਾ ਜਿਹੜਾ ਕੰਮ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰ ਪਿਛਲੇ 10 ਸਾਲਾਂ ’ਚ ਨਹੀਂ ਕਰ ਸਕੀਆਂ ਉਹ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਹੀ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਨੂੰ ਆਮ ਲੋਕਾਂ ਦੇ ਦੁੱਖ ਤਕਲੀਫ਼ਾਂ ਦਾ ਪੂਰਾ ਅਹਿਸਾਸ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਬਹੁਤ ਜਲਦੀ ਬੱਬੇਹਾਲੀ ਨਹਿਰ ਦੇ ਪੁੱਲ ਦਾ ਕੰਮ ਮੁਕੰਮਲ ਹੋ ਜਾਵੇਗਾ ਜਿਸ ਨਾਲ ਪੂਰੇ ਇਲਾਕੇ ਦੇ ਵਸਨੀਕਾਂ ਨੂੰ ਲਾਭ ਪਹੁੰਚੇਗਾ। ਇਸ ਮੌਕੇ ਇਕੱਤਰ ਹੋਏ ਪਿੰਡ ਬੱਬੇਹਾਲੀ ਦੇ ਵਸਨੀਕਾਂ ਨੇ ਚੇਅਰਮੈਨ ਸ੍ਰੀ ਰਮਨ ਬਹਿਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

ਇਸ ਮੌਕੇ ਪਿੰਡ ਦੇ ਲੋਕਾਂ ਕਿਹਾ ਕਿ 75 ਸਾਲ ਦੇ ਬਾਅਦ ਰਮਨ ਬਹਿਲ ਦੀ ਮਿਹਨਤ ਸਦਕਾ ਹੀ ਇਹ ਪੁਲ ਦਾ ਮੁੜ ਨਿਰਮਾਣ ਹੋ ਰਿਹਾ ਹੈ।

Leave a Reply

Your email address will not be published. Required fields are marked *