ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਕੀਤੀ ਜਿਣਸ ਦੀ ਲਿਫਟਿੰਗ ’ਚ ਵੀ ਆਈ ਤੇਜੀ
ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਮੰਡੀਆਂ ਅੰਦਰ ਕਿਸਾਨਾਂ ਵੱਲੋਂ ਵੇਚਣ ਲਈ ਲਿਆਂਦੀ ਜਾ ਰਹੀ ਕਣਕ ਨੂੰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਨਾਲੋ-ਨਾਲ ਖਰੀਦਿਆ ਜਾ ਰਿਹਾ ਹੈ ਜਿਸ ਤੋਂ ਕਿਸਾਨ ਬਹੁਤ ਖੁਸ਼ ਹਨ।
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਅੰਦਰ 485330 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 477148 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਖਰੀਦ ਕੀਤੀ ਕਣਕ ਦੀ ਮਿੱਥੇ ਸਮੇਂ ਅੰਦਰ ਲਿਫਟਿੰਗ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 137399 ਮੀਟਰਕ ਟਨ, ਮਾਰਕਫੈੱਡ ਵੱਲੋਂ 115882 ਮੀਟਰਕ ਟਨ, ਪਨਸਪ ਵੱਲੋਂ 111744 ਮੀਟਰਕ ਟਨ, ਵੇਅਰ ਹਾਊਸ ਵੱਲੋਂ 99003 ਮੀਟਰਕ ਟਨ, ਐੱਫ.ਸੀ.ਆਈ ਵੱਲੋਂ 13120 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਖਰੀਦੀ ਗਈ ਕਣਕ ਵਿੱਚੋਂ 214917 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਵੇਖਦੇ ਹੋਏ ਜ਼ਿਲਾ ਪ੍ਰਸ਼ਾਸਨ ਵੱਲੋਂ ਮੰਡੀਆਂ ਅੰਦਰ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਆਉਣ ’ਤੇ ਉਸ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਡੀਆਂ ਅੰਦਰ ਲਿਆਂਦੀ ਕਣਕ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤੀ ਜਾ ਰਹੀ ਹੈ, ਜਿਸ ਲਈ ਸਮੂਹ ਅਧਿਕਾਰੀਆਂ ਵੱਲੋਂ ਦਿਨ ਰਾਤ ਨਿਗਰਾਨੀ ਕੀਤੀ ਜਾ ਰਹੀ ਹੈ।