ਨਿਰਧਾਰਿਤ ਸਮੇਂ ਤੋਂ ਪਹਿਲਾਂ ਦਫਤਰ ਪੁੱਜੇ ਡੀ.ਸੀ

ਗੁਰਦਾਸਪੁਰ

ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ

ਲੇਟ ਲਤੀਫੀ ਬਿਲਕੁਲ ਬਰਦਾਸ਼ਤ ਨਹੀਂ-ਡੀ.ਸੀ

ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਦਫ਼ਤਰਾਂ ਵਿੱਚ ਦਸਤੀ ਤੌਰ ’ਤੇ ਜਾਂ ਈ-ਸੇਵਾ ਰਾਹੀਂ ਆਈਆਂ ਲੋਕਾਂ ਦੀਆਂ ਅਰਜ਼ੀਆਂ ਦਾ ਨਿਪਟਾਰਾ ਨਿਰਧਾਰਤ ਸਮੇਂ ਵਿੱਚ ਕਰਨ ਤਾਂ ਜੋ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮਿਲ ਸਕਣ। ਅੱਜ ਆਪਣੇ ਦਫ਼ਤਰ ਵਿਖੇ ਠੀਕ 7:30 ਵਜੇ ਈ-ਸੇਵਾ ਦਾ ਰੀਵਿਊ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਦਰਖਾਸਤ ਨੂੰ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਤੁਰੰਤ ਪੜਤਾਲ ਕਰਕੇ ਉੱਚ ਅਧਿਕਾਰੀਆਂ ਨੂੰ ਭੇਜਿਆ ਜਾਵੇ ਤਾਂ ਜੋ ਉਸ ਉੱਤੇ ਸਮੇਂ ਸਿਰ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਦਫ਼ਤਰੀ ਕੰਮ ਵਿੱਚ ਕਿਸੇ ਤਰਾਂ ਦੀ ਲਾਪਰਵਾਹੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰਾਂ ਅਤੇ ਪੁਲਿਸ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਰੀਵਿਊ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਦੇ ਸੂਚਨਾ ਤਕਨਾਲੌਜੀ ਦੇ ਸਮੇਂ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਆਨ-ਲਾਈਨ ਸੇਵਾਵਾਂ ਦਿੱਤੀਆਂ ਜਾਣ ਤਾਂ ਜੋ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਸਕੇ। ਉਨ੍ਹਾਂ ਕਿਹਾ ਕਿ ਈ-ਸੇਵਾ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀ ਕਾਰਗੁਜ਼ਾਰੀ ਬਹੁਤ ਵਧੀਆ ਹੈ ਅਤੇ ਜ਼ੀਰੋ ਪੈਡੈਨਸੀ ਦੇ ਟੀਚੇ ਨੂੰ ਹਾਸਲ ਕਰਕੇ ਇਸਨੂੰ ਬਰਕਰਾਰ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2 ਮਈ ਤੋਂ 15 ਜੁਲਾਈ 2023 ਤੱਕ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 2:00 ਵਜੇ ਤੱਕ ਕੀਤਾ ਗਿਆ ਹੈ ਅਤੇ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮੇਂ ਸਿਰ ਦਫ਼ਤਰਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਸੇਵਾਵਾਂ ਦੇਣ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲੇਟ-ਲਤੀਫੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਪੰਜਾਬ ਰੋਡਵੇਜ਼ ਦੇ ਜੀ.ਐੱਮ. ਨੂੰ ਹਦਾਇਤ ਕੀਤੀ ਕਿ ਸਵੇਰ ਸਮੇਂ ਬੱਸ ਸਰਵਿਸ ਨੂੰ ਵਧਾਇਆ ਜਾਵੇ ਤਾਂ ਜੋ  ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਸਵੇਰ ਸਮੇਂ ਦਫ਼ਤਰਾਂ ਵਿੱਚ ਪਹੁੰਚਣ ’ਚ ਕੋਈ ਪਰੇਸ਼ਾਨੀ ਨਾ ਆਵੇ।

   ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਸਹਾਇਕ ਕਮਿਸ਼ਨਰ (ਜ) ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਗੁਰਮੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਸ. ਕ੍ਰਿਪਾਲ ਸਿੰਘ ਢਿਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਅਮਰਜੀਤ ਸਿੰਘ ਭਾਟੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Leave a Reply

Your email address will not be published. Required fields are marked *