ਗੁਰਦਾਸਪੁਰ, 10 ਜੁਲਾਈ ( ਸਰਬਜੀਤ ਸਿੰਘ)– ਐਸ.ਆਈ.ਆਰ. ਤਹਿਤ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਮਕਸਦ ਨਾਲ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਨੁਕਤਿਆਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਬੀ.ਐੱਲ.ਓਜ਼ ਵੱਲੋਂ 100% ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਉਹ ਫਾਰਮਾਂ ਵਿਚਲੀਆਂ ਕਮੀਆਂ/ਤਰੁੱਟੀਆਂ ਨੂੰ ਦੂਰ ਕਰਨ ਵੱਲ ਧਿਆਨ ਦੇਣਗੇ। ਜਿਨ੍ਹਾਂ ਬੂਥਾਂ ‘ਤੇ ਫਾਰਮ ਵੱਡੀ ਗਿਣਤੀ ਵਿੱਚ ਇਕੱਠੇ ਹੋ ਚੁੱਕੇ ਹਨ ਪਰ ਡਿਜੀਟਾਈਜ਼ੇਸ਼ਨ ਦਾ ਕੰਮ ਬਾਕੀ ਹੈ, ਉੱਥੇ ਬਾਕੀ ਰਹਿੰਦੇ ਫਾਰਮ ਇਕੱਠੇ ਕਰਨ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਪ੍ਰਕਿਰਿਆ ਨੂੰ ਪਹਿਲ ਦਿੱਤੀ ਜਾਵੇਗੀ। ਇਸੇ ਤਰ੍ਹਾਂ ਘੱਟ ਫਾਰਮ ਇਕੱਠੇ ਕਰਨ ਵਾਲੇ ਬੀ.ਐੱਲ.ਓਜ਼ ਫਾਰਮ ਇਕੱਠੇ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਾਲ ਦੀ ਨਾਲ ਡਿਜੀਟਾਈਜ਼ ਵੀ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਪੈਸ਼ਲ ਕੈਂਪਾਂ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਅਤੇ ਬੀ.ਐੱਲ.ਓਜ਼, ਸੁਪਰਵਾਈਜ਼ਰ ਅਤੇ ਸਬੰਧਤ ਸਟਾਫ਼ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾਣ। ਇਨ੍ਹਾਂ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਸਬੰਧਤ ਸਕੂਲਾਂ ਦੇ ਸਟਾਫ਼, ਮਾਲ ਪਟਵਾਰੀਆਂ, ਆਂਗਣਵਾੜੀ ਵਰਕਰਾਂ ਅਤੇ ਨਗਰ ਕੌਂਸਲਾਂ/ਨਗਰ ਨਿਗਮ ਦੇ ਸਟਾਫ ਨੂੰ ਬੀ.ਐੱਲ.ਓਜ਼ ਨਾਲ ਲਗਾਇਆ ਜਾਵੇ, ਤਾਂ ਜੋ ਫਾਰਮ ਭਰਨ ਅਤੇ ਡਿਜੀਟਾਈਜ਼ੇਸ਼ਨ ਦਾ ਕੰਮ ਹੋਰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ।


