ਰੋਟਾਵੇਟਰ, ਸੁਪਰਸੀਡਰ ਤੇ ਹੈਪੀਸੀਡਰ ਨਾਲ ਕਰਦੇ ਹਨ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ
ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੱਲੋਪੁਰ ਦੇ ਅਗਾਂਹਵਧੂ ਕਿਸਾਨ ਗੁਰਦਿਆਲ ਸਿੰਘ ਸਾਲ 2015 ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਗੈਰ ਅਗਲੀ ਫਸਲ ਦੀ ਬਿਜਾਈ ਕਰ ਰਿਹਾ ਹੈ। ਅਜਿਹਾ ਕਰਨ ਨਾਲ ਜਿਥੇ ਇਸ ਅਗਾਂਹਵਧੂ ਕਿਸਾਨ ਨੇ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਵਿੱਚ ਆਪਣਾ ਯੋਗਦਾਨ ਪਾਇਆ ਹੈ ਓਥੇ ਇਸ ਨਾਲ ਉਸਦੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੀ ਹੈ।
ਕਿਸਾਨ ਗੁਰਦਿਆਲ ਸਿੰਘ ਦੱਸਦੇ ਹਨ ਕਿ ਉਹ ਸੁਪਰਸੀਡਰ, ਰੋਟਾਵੇਟਰ ਤੇ ਹੈਪੀਸੀਡਰ ਨਾਲ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਕੇ ਅਗਲੀ ਫਸਲ ਦੀ ਬਿਜਾਈ ਕਰਦੇ ਹਨ। ਉਸਨੇ ਦੱਸਿਆ ਕਿ ਉਸਦੀ 15 ਏਕੜ ਜ਼ਮੀਨ ਹੈ, ਜਿਸ ਵਿਚੋਂ 6 ਏਕੜ ਵਿਚ ਕਣਕ-ਝੋਨਾ ਤੇ ਬਾਕੀ ਰਕਬੇ ਵਿਚ ਹਲਦੀ ਦੀ ਕਾਸ਼ਤ ਕਰਦਾ ਹੈ। ਉਸਨੇ ਦੱਸਿਆ ਕਿ ਉਹ ਹਲਦੀ ਨੂੰ ਖੁਦ ਪ੍ਰੋਸੈਸ ਕਰਕੇ ਵੇਚਦਾ ਹੈ ਜਿਸ ਤੋਂ ਉਸ ਨੂੰ ਚੋਖੀ ਆਮਦਨ ਹੋ ਜਾਂਦੀ ਹੈ।
ਕਿਸਾਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਰਕੇ ਜਿਥੇ ਉਸਦੀਆਂ ਫਸਲਾਂ ਦਾ ਝਾੜ ਵਧਿਆ ਹੈ, ਓਥੇ ਆਪਣੇ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੂੰ ਪ੍ਰਦੂਸ਼ਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰਨ ਵਿਚ ਯੋਦਗਾਨ ਪਾ ਸਕਿਆ ਹੈ। ਉਸਨੇ ਅੱਗੇ ਦੱਸਿਆ ਕਿ ਉਹ ਨਾੜ ਨੂੰ ਅੱਗ ਲਗਾਉਣ ਦੀ ਬਜਾਇ, ਪਿਛਲੇ ਕਰੀਬ 06 ਸਾਲਾਂ ਤੋਂ ਖੇਤੀ ਦੇ ਅਤਿ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਪਣੀ ਜ਼ਮੀਨ ਵਿਚ ਮਿਲਾ ਕੇ ਅਗਲੀ ਫਸਲ ਦੀ ਬਿਜਾਈ ਕਰਦਾ ਹੈ। ਉਨਾਂ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਿਧੀ ਨਾਲ ਉਸ ਦੀ ਜ਼ਮੀਨ ਦੀ ਸਿਹਤ ਵਿਚ ਬਹੁਤ ਸੁਧਾਰ ਆਇਆ ਹੈ ਅਤੇ ਫਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੋਇਆ ਹੈ।
ਗੁਰਦਿਆਲ ਸਿੰਘ ਨੇ ਆਪਣੇ ਸਾਥੀ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ। ਅੱਜ ਦੇ ਸਮੇਂ ਦੀ ਲੋੜ ਹੈ ਕਿ ਆਧੁਨਿਕ ਤਰੀਕੇ ਨਾਲ ਖੇਤੀ ਕੀਤੀ ਜਾਵੇ ਤੇ ਦਿਨੋਂ ਦਿਨ ਹੋ ਰਹੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ, ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋ ਗੁਰੇਜ ਕੀਤਾ ਜਾਵੇ।