“ਪੰਜਾਬ ਕਿਰਤੀ ਸਹਾਇਕ” ਮੋਬਾਈਲ ਐਪ ਰਾਹੀਂ ਵੀ ਆਪਣਾ ਨਾਮ ਰਜਿਸਟਰਡ ਕਰ ਸਕਦੇ ਹਨ ਕਿਰਤੀ
ਗੁਰਦਾਸਪੁਰ, 17 ਮਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਉਸਾਰੀ ਕਿਰਤੀ ਜਿਵੇਂ ਮਿਸਤਰੀ, ਫਰਸ਼ ਰਗੜਾਈ ਕਰਨ ਵਾਲੇ ਕਾਮੇ, ਸ਼ੀਸ਼ੇ ਲਗਾਉਣ ਵਾਲੇ ਕਾਮੇ, ਤਰਖਾਣ, ਪਲੰਬਰ, ਵੈਲਡਰ, ਇਲੈਕਟ੍ਰੀਸ਼ੀਅਨ, ਪੇਂਟਰ, ਪੀ.ਓ.ਪੀ ਕਾਮੇ, ਸੜਕ ਬਣਾਉਣ ਵਾਲੇ ਕਾਮੇ, ਬਿਲਡਿੰਗ ਨਿਰਮਾਣ ਕਰਨ ਵਾਲੇ ਆਦਿ ਕਾਮੇ ਜੋ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਰਜਿਸਟਰਡ ਹੋਣ ਉਹ ਸੂਬਾ ਸਰਕਾਰ ਦੀ ਕਿਰਤੀ ਭਲਾਈ ਸਕੀਮਾਂ ਦੇ ਲਾਭਪਾਤਰੀ ਬਣ ਸਕਦੇ ਹਨ।
ਉਨਾਂ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਕਿਰਤ ਭਲਾਈ ਸਕੀਮਾਂ ਵਿੱਚ ਵਜ਼ੀਫਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਕੀਮਾਂ ਸ਼ਾਮਲ ਹਨ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਮੋਬਾਈਲ ਐਪ “ਪੰਜਾਬ ਕਿਰਤੀ ਸਹਾਇਕ” ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਈਲ ਐਪ ਨਾਲ ਉਸਾਰੀ ਕਿਰਤੀ ਨੂੰ ਸੁਵਿਧਾ ਕੇਂਦਰ ਵਿੱਚ ਜਾਣ ਦੀ ਵੀ ਲੋੜ ਨਹੀਂ ਹੈ, ਸਗੋਂ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ ਅਤੇ ਰਾਜ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਰਜਿਸਟਰਡ ਕਰਵਾ ਕੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਉਠਾਉਣ।