ਹਿੰਦ-ਪਾਕਿ ਬਾਰਡਰ ’ਤੇ ਸਥਿਤ ਕੰਡਿਆਲੀ ਤਾਰ ਤੋਂ ਪਾਰ ਖੇਤਾਂ ਵਿੱਚ ਕਿਸਾਨ 10 ਜੂਨ ਤੋਂ ਕਰ ਸਕਦੇ ਹਨ ਝੋਨੇ ਦੀ ਲਵਾਈ- ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ

ਬਾਕੀ ਜ਼ਿਲ੍ਹੇ ਵਿੱਚ 16 ਜੂਨ ਤੋਂ ਬਾਅਦ ਕੀਤੀ ਜਾ ਸਕੇਗੀ ਝੋਨੇ ਦੀ ਬਿਜਾਈ

ਪਿਛਲੇ ਸਾਲ ਵਾਂਗ ਇਸ ਵਾਰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਪ੍ਰਤੀ ਏਕੜ 1500 ਰੁਪਏ ਦੇਵੇਗੀ ਰਾਜ ਸਰਕਾਰ

ਗੁਰਦਾਸਪੁਰ, 25 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਹੈ ਜਿਸ ਤਹਿਤ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਨੂੰ ਝੋਨੇ ਦੀ ਬਿਜਾਈ ਸ਼ੁਰੂ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ `ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ 16 ਜੂਨ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਬਾਕੀ ਹਿੱਸਿਆਂ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਬਹੁਮੁੱਲੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ  ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਇਹ ਮੁਨਾਸਬ ਮੌਕਾ ਹੈ ਕਿ ਪੂਸਾ ਕਿਸਮ ਦੇ ਝੋਨੇ ਦੀ ਲੁਆਈ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵਾਤਾਤਵਰਣ ਪੱਖੀ ਅਤੇ ਆਰਥਿਕ ਤੌਰ ’ਤੇ ਵਿਵਹਾਰਕ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਉਤੇ ਅਪਣਾਇਆ ਜਾਵੇ ਜੋ ਕਿ ਧਰਤੀ ਹੇਠਲੇ ਪਾਣੀ ਨੂੰ 15-20 ਫੀਸਦੀ ਤੱਕ ਬਚਾਉਣ ਦੇ ਨਾਲ-ਨਾਲ 10-15 ਫੀਸਦੀ ਤੱਕ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ ’ਚ ਵੀ ਸਹਾਈ ਹੋਵੇਗਾ। ਇਸ ਤੋਂ ਇਲਾਵਾ ਮਜ਼ਦੂਰੀ ਸਮੇਤ ਖਰਚਾ ਲਾਗਤ ’ਤੇ 3000 ਪ੍ਰਤੀ ਏਕੜ ਦੀ ਬੱਚਤ ਵੀ ਹੋਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਡੀ.ਐਸ.ਆਰ. ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਪੀ.ਆਰ. ਕਿਸਮਾਂ ਨੂੰ ਹੀ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮਿੱਥੀਆਂ ਤਰੀਕਾਂ ਤੋਂ ਪਹਿਲਾਂ ਝੋਨਾ ਲਾਉਣ ਤੋਂ ਗੁਰੇਜ਼ ਕਰਨ।  

Leave a Reply

Your email address will not be published. Required fields are marked *