ਗੁਰਦਾਸਪੁਰ 25 ਮਈ (ਸਰਬਜੀਤ ਸਿੰਘ )–ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾ 96.91 ਰਹੀ ਅਤੇ ਜ਼ਿਲ੍ਹਾ ਗੁਰਦਾਸਪੁਰ ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚੋਂ ਅੱਵਲ ਰਿਹਾ। ਉਪਰੋਕਤ ਜਾਣਕਾਰੀ ਸਾਂਝਿਆਂ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 22439 ਵਿਦਿਆਰਥੀ ਅਪੀਅਰ ਹੋਏ ਸਨ , ਜ਼ਿਨ੍ਹਾ ਵਿੱਚੋਂ 21746 ਵਿਦਿਆਰਥੀ ਪਾਸ ਹੋਏ ਹਨ ਅਤੇ ਇਹ ਪਾਸ ਪ੍ਰਤੀਸ਼ਤਾ 96.91 ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਭ ਤੋ ਵੱਧ ਪਾਸ ਪ੍ਰਤੀਸ਼ਤਾ ਹੋਣ ਕਰਕੇ ਪੂਰੇ ਪੰਜਾਬ ਵਿੱਚੋਂ ਮੋਹਰਲਾ ਜ਼ਿਲ੍ਹਾ ਬਣਿਆ ਹੈ ਜੋ ਕਿ ਮਾਣ ਵਾਲੀ ਗੱਲ ਹੈ। ਇਸ ਦੌਰਾਨ ਉਨ੍ਹਾਂ ਅਧਿਆਪਕਾਂ , ਵਿਦਿਆਰਥੀਆ ਤੇ ਮਾਪਿਆ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਦੌਰਾਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ. ਲਖਵਿੰਦਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਕਰਵਾਈ ਸਖ਼ਤ ਮਿਹਨਤ ਨਾਲ ਇਹ ਸਭ ਸੰਭਵ ਹੋਇਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। *