ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਯਤਨ ਅਰੰਭੇ

ਗੁਰਦਾਸਪੁਰ

ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੇ ਘੇਰਾ ਹੋਰ ਵਧਾਇਆ ਜਾਵੇਗਾ – ਡਿਪਟੀ ਕਮਿਸ਼ਨਰ

ਭਾਰਤ-ਪਾਕਿ ਸਰਹੱਦ ਨਾਲ ਲੱਗਦੇ 174 ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਖਿਲਾਫ ਮਤੇ ਪਾਉਣਗੀਆਂ

ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ, ਐੱਸ.ਐੱਸ.ਡੀ. ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ, ਐੱਸ.ਡੀ.ਐੱਮ. ਦੀਨਾਨਗਰ ਸ. ਪਰਮਪ੍ਰੀਤ ਸਿੰਘ ਗੁਰਾਇਆ ਤੋਂ ਇਲਾਵਾ ਹੋਰ ਜ਼ਿਲਾ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਜ਼ਿਲ੍ਹੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਵਿੱਚ  ਸਰਹੱਦੀ ਖੇਤਰ ਦੇ ਵਸਨੀਕਾਂ ਦਾ ਸਹਿਯੋਗ ਵੀ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਤੋਂ ਬਚਾਉਣ ਲਈ ਪੁਲਿਸ ਵਿਭਾਗ ਵੱਲੋਂ ਪਹਿਲਾਂ ਹੀ ਸਰਹੱਦੀ ਪਿੰਡਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਤੇ ਬੀ.ਐੱਸ.ਐੱਫ ਦੇ ਨਾਲ ਮਿਲ ਇਨ੍ਹਾਂ ਖੇਡ ਮੁਕਾਬਲਿਆਂ ਦਾ ਘੇਰਾ ਹੋਰ ਵਧਾਇਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਹੱਦ ਨਾਲ ਲੱਗਦੇ 174 ਪਿੰਡਾਂ ਦੀ ਪੰਚਾਇਤਾਂ ਵੱਲੋਂ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ 30 ਮਈ ਤੱਕ ਮਤੇ ਪਾਏ ਜਾਣਗੇ ਅਤੇ ਇੱਕ ਲੋਕ ਲਹਿਰ ਬਣਾ ਕੇ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਜ਼ਿਲੇ ਦੀਆਂ ਸਮੂਹ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵੀ ਆਪਣੇ ਪਿੰਡਾਂ ਵਿੱਚ ਨਸ਼ਿਆਂ ਖਿਲਾਫ ਮਤੇ ਪਾਉਣ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਦੇ 174 ਪਿੰਡਾਂ ਵਿੱਚ ਵਿਸ਼ੇਸ਼ ਵਿਲੇਜ ਡਿਫੈਂਸ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਜੋ ਸੁਰੱਖਿਆ ਏਜੰਸੀਆਂ ਦੇ ਨਾਲ ਖੁਦ ਵੀ ਸਰਹੱਦੀ ਖੇਤਰ ਵਿੱਚ ਡਰੋਨ ਸਮੇਤ ਹੁੰਦੀ ਹਰ ਗਤੀਵਿਧੀ ’ਤੇ ਨਜ਼ਰ ਰੱਖਦੀਆਂ ਹਨ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿੱਚ ਹੋਰ ਵੀ ਚੌਕਸੀ ਰੱਖਣ ਤਾਂ ਜੋ ਸਰਹੱਦ ਪਾਰੋਂ ਹੁੰਦੀਆਂ ਦੇਸ਼ ਵਿਰੋਧੀ ਕਾਰਵਾਈਆਂ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵਿਅਕਤੀ ਨਸ਼ੇ ਦੀ ਦਲ-ਦਲ ਵਿੱਚ ਫਸ ਗਏ ਹਨ ਉਨਾਂ ਨੂੰ ਇਲਾਜ ਲਈ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੱਲ ਰਹੇ ਓਟ ਕੇਂਦਰਾਂ ਵਿੱਚ ਇਲਾਜ ਲਈ ਲਿਜਾਇਆ ਜਾਵੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਓਟ ਕੇਂਦਰਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਦੀ ਸਮੇਂ-ਸਮੇਂ ਚੈਕਿੰਗ ਵੀ ਕਰਨ। ਇਸਦੇ ਨਾਲ ਹੀ ਉਨਾਂ ਨੇ ਓਟ ਕੇਂਦਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਮੀਆਂ ਦੀ ਛੁੱਟੀਆਂ ਦੌਰਾਨ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਖਿਲਾਫ ਵਿਸ਼ੇਸ਼ ਸਮਰ ਕੈਂਪ ਲਗਾਏ ਜਾਣ। ਇਸਦੇ ਨਾਲ ਹੀ ਸਕੂਲਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਤਹਿਤ ਹੋਰ ਵੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਸਮੱਸਿਆ ਹੈ ਅਤੇ ਇਸਨੂੰ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਖਤਮ ਕੀਤਾ ਜਾਵੇਗਾ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦਾ ਪੂਰਾ ਸਾਥ ਦੇਣ। 

Leave a Reply

Your email address will not be published. Required fields are marked *