ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਸ਼ਨ ਅਬਾਦ ਕੈਂਪ ਜਰੀਏ ਸਰਹੱਦੀ ਖੇਤਰ ਦੇ ਲੋਕਾਂ ਨੂੰ ਦਿੱਤਾ ਜਾਵੇਗਾ ਭਲਾਈ ਯੋਜਨਾਵਾਂ ਦਾ ਲਾਭ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਤਿਆਲ ਵੱਲੋਂ ਤਿਆਰੀਆਂ ਦਾ ਜਾਇਜਾ
ਗੁਰਦਾਸਪੁਰ,7 ਜੂਨ (ਸਰਬਜੀਤ ਸਿੰਘ)– ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮਿਤੀ 7 ਜੂਨ 2023 ਨੂੰ ਡੇਰਾ ਬਾਬਾ ਨਾਨਕ ਨਜ਼ਦੀਕ ਪਿੰਡ ਧਰਮਕੋਟ ਰੰਧਾਵਾ ਵਿਖੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ।ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧਰਮਕੋਟ ਰੰਧਾਵਾ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ।
ਰਾਜਪਾਲ ਪੰਜਾਬ ਦੀ ਡੇਰਾ ਬਾਬਾ ਨਾਨਕ ਫੇਰੀ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਤਿਆਲ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਤਿਆਰੀਆਂ ਦਾ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਡੇਰਾ ਬਾਬਾ ਨਾਨਕ ਫੇਰੀ ਦੌਰਾਨ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣਗੇ ਅਤੇ ਨਾਲ ਹੀ ਸਰਹੱਦੀ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਵਿੱਚ ਬੀ.ਐੱਸ.ਐੱਫ. ਤੇ ਹੋਰ ਸੁਰੱਖਿਆ ਏਜੰਸੀਆਂ ਦਾ ਸਾਥ ਦੇਣ ਲਈ ਪ੍ਰੇਰਿਤ ਕਰਨਗੇ। ਇਸ ਦੌਰਾਨ ਰਾਜਪਾਲ ਪੰਜਾਬ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਰਾਜਪਾਲ ਦੀ ਫੇਰੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ਼, ਧਰਮਕੋਟ ਰੰਧਾਵਾ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਪੰਜਾਬ ਦੀ ਫੇਰੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਮੋਹਨ ਸਿੰਘ, ਐੱਸ.ਡੀ.ਐੱਮ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜਨਰਲ) ਸਚਿਨ ਪਾਠਕ, ਸਿਵਲ ਸਰਜਨ ਡਾ. ਹਰਭਜਨ ਰਾਮ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਡੀ.ਡੀ.ਪੀ.ਓ. ਸਤੀਸ਼ ਕੁਮਾਰ, ਐਕਸੀਅਨ ਪੀ.ਡਬਲਿਊ.ਡੀ. ਹਰਜੋਤ ਸਿੰਘ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ, ਤਹਿਸੀਲਦਾਰ ਜਗਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।