ਗੁਰਦਾਸਪੁਰ, 14 ਜੁਲਾਈ (ਸਰਬਜੀਤ ਸਿੰਘ)– ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪਿੰਡਾਂ ਵਿੱਚ ਵਿਸ਼ੇਸ਼ ਐਲ.ਈ.ਡੀ ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮ ਵਿਖਾਉਣ ਦਾ ਉੱਦਮ ਕੀਤਾ ਗਿਆ ਹੈ।
ਇਸੇ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡਾਂ ਲਈ ਐਲ ਈ ਡੀ ਵੈਨਾਂ ਰਾਹੀਂ ਦਸਤਾਵੇਜੀ ਫਿਲਮ ਦਿਖਾਈ ਜਾ ਰਹੀ ਹੈ। ਗੁਰਦਾਸਪੁਰ, ਬਟਾਲਾ, ਦੀਨਾਨਗਰ ਅਤੇ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ ਅਤੇ ਇਹ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਵਿਖਾਈ ਜਾਵੇਗੀ।
ਇਸ ਵੈਨ ‘ਤੇ 12 ਫੁੱਟ × 8 ਫੁੱਟ ਦੀ ਵੱਡੀ ਐਲ.ਈ.ਡੀ. ਸਕਰੀਨ ਲਗਾਈ ਗਈ ਹੈ। ਇਹ 30 ਮਿੰਟ ਦੀ ਦਸਤਾਵੇਜ਼ੀ ਸੰਖੇਪ, ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਏਗੀ।
ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਇਕ ਮਹੱਤਵਪੂਰਨ ਉਪਰਾਲਾ ਸਾਬਿਤ ਹੋਵੇਗੀ।
ਇਸ ਮੌਕੇ ਪਿੰਡ ਵਾਸੀਆਂ ਵਲੋਂ ਸਰਕਾਰ ਦੇ ਉਪਰਾਲੇ ਦੀ ਸਰਾਹਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਆਪਸੀ ਭਾਈਚਾਰੇ, ਸਮਾਨਤਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਸਿੱਧ ਹੋਣਗੇ।


