ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਅਬਾਦ ਕੈਂਪ ਦੌਰਾਨ 458 ਵਿਅਕਤੀਆਂ ਨੇ ਲਾਭ ਉਠਾਇਆ

ਗੁਰਦਾਸਪੁਰ

ਵਿਧਾਇਕ ਅਮਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਸੁਣੀਆਂ

ਡਿਪਟੀ ਕਮਿਸ਼ਨਰ ਨੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ

ਗੁਰਦਾਸਪੁਰ, 13 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵਿਧਾਨਕਾਰ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਡੀ.ਐੱਮ. ਬਟਾਲਾ ਸ਼ਾਇਰੀ ਭੰਡਾਰੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਅੱਜ ਦੇ ਅਬਾਦ ਕੈਂਪ ਵਿੱਚ 458 ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਦੌਰਾਨ 156 ਵਿਅਕਤੀਆਂ ਦੀ ਮੁੱਢਲੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ।

ਇਸ ਦੌਰਾਨ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਨਤਾ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾ ਕੇ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਸਦੀ ਸਹੂਲਤ ਮਿਲ ਸਕੇ। ਇਸਦੇ ਨਾਲ ਹੀ ਉਨ੍ਹਾਂ ਸ਼ਹਿਰ ਵਿੱਚ ਸਰਕਾਰੀ ਥਾਵਾਂ ਦੀ ਨਿਸ਼ਾਨਦੇਹੀ ਕਰਵਾ ਕੇ ਓਥੋਂ ਨਜ਼ਾਇਜ ਕਬਜ਼ੇ ਹਟਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।

ਇਸ ਮੌਕੇ ਹਲਕਾ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਤੁਹਾਡੇ ਦੁਆਰ ਦਾ ਜੋ ਨਾਅਰਾ ਦਿੱਤਾ ਗਿਆ ਹੈ ਉਸ ਨੂੰ ਅਮਲੀ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਦੌਰਾਨ ਵੀ ਲੋਕਾਂ ਦੇ ਕੰਮ ਏਥੇ ਹੀ ਹੋ ਗਏ ਹਨ ਜਿਸ ਨਾਲ ਉਨ੍ਹਾਂ ਦੇ ਸਮੇਂ ਤੇ ਪੈਸੇ ਦੀ ਬਚਤ ਹੋਈ ਹੈ। ਸ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕਰਨ ਲਈ ਵਚਨਬੱਧ ਹੈ।

ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹਜ਼ਾਰਾਂ ਲੋਕ ਅਜਿਹੇ ਕੈਂਪਾਂ ਦਾ ਲਾਭ ਉਠਾ ਚੁੱਕੇ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕੈਂਪਾਂ ਦੌਰਾਨ ਜਿਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ, ਲੋਕ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਓਥੇ ਲੋਕਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਖਿਲਾਫ ਵੀ ਲਾਮਬੱਧ ਕੀਤਾ ਜਾ ਰਿਹਾ ਹੈ।

ਇਸ ਮੌਕੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਸਵਾਮੀ ਪਾਲ ਖੋਸਲਾ, ਸੋਨੂੰ ਭੱਲਾ, ਨਰਿੰਦਰ ਸਿੰਘ ਨਿੰਦੀ ਘੁਮਾਣ, ਬਾਬਾ ਸੁਖਦੇਵ ਸਿੰਘ ਬੇਦੀ, ਠਾਕੁਰ ਸਿੰਘ ਊਧਨਵਾਲ, ਕੁਲਵੰਤ ਬੀਰ ਸਿੰਘ ਘੁਮਾਣ, ਪ੍ਰਿੰਸੀਪਲ ਰਜਨੀ ਬਾਲਾ, ਸੁਖਦੇਵ ਸਿੰਘ ਰੋਮੀ, ਪਰਮਬੀਰ ਸਿੰਘ ਰਾਣਾ ਤੋਂ ਇਲਾਵਾ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *