ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ
ਗੁਰਦਾਸਪੁਰ, 26 ਜੂਨ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਕੱਲ 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਮਸ਼ਾਲ ਜਾਗਰੂਕਤਾ ਰੈਲੀ ਕੱਢੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਅਸ਼ਵਨੀ ਅਰੋੜਾ, ਐੱਸ.ਡੀ.ਐੱਮ ਡੇਰਾ ਬਾਬਾ ਨਾਨਕ ਨੇ ਦੱਸਿਆ ਕਿ 26 ਜੂਨ ਨੂੰ ਸਵੇਰੇ 8 ਵਜੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ, ਡੇਰਾ ਬਾਬਾ ਨਾਨਕ ਤੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਮਸ਼ਾਲ ਜਾਗਰੂਕਤਾ ਰੈਲੀ ਕੱਢੀ ਜਾਵੇਗੀ, ਜੋ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਡੇਰਾ ਬਾਬਾ ਨਾਨਕ ਵਿਖੇ ਸਮਾਪਤ ਹੋਵੇਗੀ। ਇਸ ਜਾਗਰੂਕਤਾ ਰੈਲੀ ਵਿੱਚ ਵਿਦਿਆਰਥੀ, ਉਨ੍ਹਾਂ ਦੇ ਮਾਪੇ ਤੇ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ ਹਿੱਸਾ ਲੈਣਗੇ।
ਇਸ ਮੌਕੇ . ਅਮਰਜੀਤ ਸਿੰਘ ਭਾਟੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਨੇ ਦੱਸਿਆ ਕਿ ਦੁਪਹਿਰ 12 ਵਜੇ ਤੋਂ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਸਮਾਜ ਤੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਵਾਲੇ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ, ਤੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਗਦ ਇਨਾਮ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਸੰਸਥਾਵਾਂ ਦੇ ਮੁਖੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੇ ਵਿਸ਼ੇ `ਤੇ ਵਿਦਿਆਰਥੀਆਂ ਦੇ ਪੇਟਿੰਗ, ਪੋਸਟਰ ਤੇ ਸਲੋਗਨ ਆਦਿ ਮੁਕਾਬਲੇ ਕਰਵਾ ਕੇ ਆਨਲਾਈਨ ਲਿੰਕ ਤੇ ਸ਼ੇਅਰ ਕਰ ਸਕਦੇ ਹਨ ਅਤੇ ਇਸ ਤੋ ਇਲਾਵਾ ਪਿਛਲੇ ਸਮੇਂ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵਿਰੁੱਧ ਸਮਾਜ ਵਿੱਚ ਪਾਏ ਯੋਗਦਾਨ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਆਨਲਾਈਨ ਲਿੰਕ ਤੇ ਸ਼ੇਅਰ ਕਰ ਸਕਦੇ ਹਨ।