ਕਿਸੇ ਵੀ ਚੈਨਲ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ਲਈ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਜਾਣੇ ਚਾਹੀਦੇ: ਵਿਰੋਧੀ ਧਿਰ ਦੇ ਆਗੂ
ਚੰਡੀਗੜ੍ਹ, ਗੁਰਦਾਸਪੁਰ, 29 ਜੂਨ (ਸਰਬਜੀਤ ਸਿੰਘ)– ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਨਾਲ ਸਬੰਧਿਤ ਤਾਜ਼ਾ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸਿੱਖ ਮਾਮਲਿਆਂ ਵਿੱਚ ਦਖ਼ਲ ਅੰਦਾਜ਼ੀ ਕਰਨ ਤੋਂ ਆਪਣੇ ਆਪ ਨੂੰ ਰੋਕਣਾ ਚਾਹੀਦਾ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਇਹ ਵੀ ਰਾਏ ਹੈ ਕਿ ਕਿਸੇ ਵੀ ਇੱਕ ਚੈਨਲ ਨੂੰ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਕਰਨ ਦੇ ਵਿਸ਼ੇਸ਼ ਅਧਿਕਾਰ ਨਹੀਂ ਦਿੱਤੇ ਜਾਣੇ ਚਾਹੀਦੇ।
“ਅਸੀਂ ਜਾਣਦੇ ਹਾਂ ਕਿ ਪੀਟੀਸੀ ਚੈਨਲ ਨੂੰ ਕੌਣ ਕੰਟਰੋਲ ਕਰਦਾ ਹੈ, ਜੋ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਜ਼ਿੰਮੇਵਾਰ ਇੱਕੋ ਇੱਕ ਚੈਨਲ ਹੈ। ਇਸ ਲਈ, ਇਸ ਚੈਨਲ ਨੂੰ ਇਕੱਲੇ ਅਧਿਕਾਰ ਨਹੀਂ ਦਿੱਤੇ ਜਾਣੇ ਚਾਹੀਦੇ। ਇਸ ਦੀ ਬਜਾਏ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਜਾਂ ਤਾਂ ਗੁਰਬਾਣੀ ਦੇ ਪ੍ਰਸਾਰਣ ਲਈ ਆਪਣਾ ਪਲੇਟਫ਼ਾਰਮ ਸ਼ੁਰੂ ਕਰਨਾ ਚਾਹੀਦਾ ਹੈ ਜਾਂ ਫਿਰ ਇਹ ਹਰ ਚੈਨਲ ਲਈ ਖੁੱਲ੍ਹਾ ਹੋਣਾ ਚਾਹੀਦਾ ਹੈ”, ਬਾਜਵਾ ਨੇ ਅੱਗੇ ਕਿਹਾ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਜਿਸ ਤਰਾਂ ‘ਆਪ’ ਸਰਕਾਰ ਨੇ ਸਦਨ ਵਿੱਚ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਦੀ ਕੋਸ਼ਿਸ਼ ਕੀਤੀ ਸੀ, ਉਹ ਇੱਕ ਗ਼ਲਤ ਮਿਸਾਲ ਕਾਇਮ ਕਰਦੀ ਹੈ। ‘ਆਪ’ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਇਸ ਮਾਮਲੇ ਨੂੰ ਅੱਗੇ ਵਧਾਉਣਾ ਬੰਦ ਕਰੇ।
“ਸਰਕਾਰ ਨੂੰ ਸਿੱਖ ਗੁਰਦੁਆਰਾ ਐਕਟ 1925 ਵਿੱਚ ਸੋਧ ਕਰਨ ਤੋਂ ਪਹਿਲਾਂ ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਸ਼੍ਰੋਮਣੀ ਕਮੇਟੀ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਆਜ਼ਾਦੀ ਤੋਂ ਪਹਿਲਾਂ ਕਿਸੇ ਵੀ ਹਕੂਮਤ, ਨਾ ਤਾਂ ਅੰਗਰੇਜ਼ਾਂ ਦੇ ਰਾਜ ਨੇ ਅਤੇ ਨਾ ਹੀ ਆਜ਼ਾਦੀ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਖ ਬੁੱਧੀਜੀਵੀਆਂ ਅਤੇ ਐਸ.ਜੀ.ਪੀ.ਸੀ. ਦੀ ਸਲਾਹ ਤੋਂ ਬਿਨਾਂ ਕਦੇ ਵੀ ਸਿੱਖ ਗੁਰਦੁਆਰਾ ਐਕਟ 1925 ਨੂੰ ਤੋੜਨ ਦੀ ਹਿੰਮਤ ਨਹੀਂ ਕੀਤੀ। ‘ਆਪ’ ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ,”, ਬਾਜਵਾ ਨੇ ਅੱਗੇ ਕਿਹਾ।
ਬਾਜਵਾ ਨੇ ਕਿਹਾ ਕਿ ਜਿਸ ਤਰਾਂ ‘ਆਪ’ ਸਰਕਾਰ ਜਾਣਬੁੱਝ ਕੇ ਅਤੇ ਲਗਾਤਾਰ ਇਸ ਮਾਮਲੇ ਦੀ ਪੈਰਵੀ ਕਰ ਰਹੀ ਹੈ, ਉਸ ਤੋਂ ਲੱਗਦਾ ਹੈ ਕਿ ‘ਆਪ’ ਸਰਕਾਰ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਖ਼ਤਰਨਾਕ ਹੈ। ਬਾਰਡਰ ਸੂਬਾ ਹੋਣ ਕਰ ਕੇ ਪੰਜਾਬ ਵਿੱਚ ਟਕਰਾਅ ਦੀ ਸਥਿਤੀ ਸਹੀ ਨਹੀਂ ਹੋਵੇਗੀ। ਸਰਕਾਰ ਅਸਲ ਵਿੱਚ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣਾ ਚਾਹੁੰਦੀ ਹੈ ਕਿਉਂਕਿ ਇਹ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਚੰਗੀ ਕਾਰਗੁਜ਼ਾਰੀ ਵਿਖਾਉਣ ਵਿੱਚ ਅਸਫਲ ਰਹੀ ਹੈ।
ਬਾਜਵਾ ਨੇ ਅੱਗੇ ਕਿਹਾ, “ਇਸ ਦੀ ਬਜਾਏ, ਆਪ ਸਰਕਾਰ ਨੂੰ ਵਿਗੜੇ ਕਾਨੂੰਨ ਅਤੇ ਵਿਵਸਥਾ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਦੀ ਆਰਥਿਕਤਾ ਨੂੰ ਸੁਚਾਰੂ ਬਣਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ, ਜੋ ਕਿ ਢਹਿ ਢੇਰੀ ਹੋਣ ਦੀ ਕਗਾਰ ‘ਤੇ ਹੈ।”