ਸਮੂਹ ਨਗਰ ਕੌਂਸਲਾਂ ਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਗਊ ਸੈੱਸ ਜਮਾਂ ਕਰਾਉਣ ਦੀਆਂ ਹਦਾਇਤਾਂ
ਜ਼ਿਲ੍ਹਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲੈਂਦਿਆਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਅਤੇ ਨਗਰ ਨਿਗਮ ਬਟਾਲਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿੱਚੋਂ ਗਊ ਸੈੱਸ ਨੂੰ ਇਕੱਠਾ ਕਰਕੇ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਗਊਸ਼ਾਲਾ ਵਿੱਚ ਗਊ ਵੰਸ਼ ਦੀ ਸੇਵਾ ਤੇ ਬਿਹਤਰੀ ਲਈ ਇਸਨੂੰ ਖਰਚ ਕੀਤਾ ਜਾ ਸਕੇ। ਉਨਾਂ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਪੈਟਰੋਲ ਪੰਪਾਂ, ਮੈਰਿਜ ਪੈਲੇਸਾਂ, ਸੀਮੈਂਟ ਦੀਆਂ ਦੁਕਾਨਾਂ, ਵਾਹਨ ਵੇਚਣ ਵਾਲੀਆਂ ਏਜੰਸੀਆਂ ਸਮੇਤ ਹੋਰ ਜਿਹੜੇ ਵੀ ਕਾਰੋਬਾਰੀ ਅਦਾਰਿਆਂ ਜਾਂ ਵਸਤਾਂ ਉੱਪਰ ਗਊ ਸੈੱਸ ਲਗਾਇਆ ਗਿਆ ਹੈ ਉਸਨੂੰ ਪੂਰੀ ਤਰਾਂ ਇਕੱਤਰ ਕੀਤਾ ਜਾਵੇ।
ਅੱਜ ਸਥਾਨਕ ਪੰਚਾਇਤ ਭਵਨ ਵਿਖੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੇ ਮੈਂਬਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਨੇ ਕਿਹਾ ਕਿ ਸਰਕਾਰੀ ਗਊਸ਼ਾਲਾ ਕਲਾਨੌਰ ਵਿੱਚ ਗਊ ਵੰਸ਼ ਦੀ ਸਹੂਲਤ ਲਈ ਬਣਾਏ ਗਏ ਨਵੇਂ ਸ਼ੈੱਡ ਵਿੱਚ ਫ਼ਰਸ਼ ਦਾ ਕੰਮ ਵੀ ਜਲਦ ਮੁਕੰਮਲ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਦੇ ਚਾਰੇ ਪਾਸੇ ਦਰਖੱਤਾਂ ਦੀ ਵਾੜ ਬਣਾਉਣ ਲਈ ਪੌਦੇ ਲਗਾਏ ਜਾਣ। ਉਨ੍ਹਾਂ ਕਿਹਾ ਕਿ ਇਸ ਮਾਨਸੂਨ ਸੀਜ਼ਨ ਦੌਰਾਨ ਪੌਦੇ ਲਗਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਗਊਸ਼ਾਲਾ ਵਿੱਚ ਗਊ ਵੰਸ਼ ਦੇ ਹਰੇ ਤੇ ਸੁੱਕੇ ਚਾਰੇ ਦਾ ਪੁਖਤਾ ਪ੍ਰਬੰਧ ਕੀਤਾ ਜਾਵੇ ਅਤੇ ਇਸ ਵਿੱਚ ਕੋਈ ਤੋਟ ਜਾਂ ਕਮੀਂ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮੇਂ-ਸਮੇਂ ਖੁਦ ਜਾ ਕੇ ਗਊਸ਼ਾਲਾ ਦੇ ਪ੍ਰਬੰਧਾਂ ਦਾ ਨਿਰੀਖਣ ਕਰਨ ਅਤੇ ਜੇਕਰ ਪ੍ਰਬੰਧਾਂ ਵਿੱਚ ਕੋਈ ਕਮੀ-ਪੇਸ਼ੀ ਹੈ ਤਾਂ ਉਸ ਨੂੰ ਦੂਰ ਕੀਤਾ ਜਾਵੇ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਗਊ ਵੰਸ਼ ਦੀ ਸੇਵਾ ਲਈ ਪੂਰੀ ਤਰਾਂ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਗਊ ਵੰਸ ਦੀ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਗਊ ਵੰਸ਼ ਦੀ ਕੀਤੀ ਜਾ ਰਹੀ ਸੇਵਾ ਵਿੱਚ ਆਪਣਾ ਸਹਿਯੋਗ ਕਰਨ। ਉਨਾਂ ਕਿਹਾ ਕਿ ਗਊ ਵੰਸ਼ ਦੀ ਸੇਵਾ ਕਰਨ ਵਿੱਚ ਸਹਿਯੋਗ ਦੇਣ ਅਤੇ ਸੇਵਾ ਕਰਨ ਵਾਲੀਆਂ ਅਜਿਹੀਆਂ ਸੰਸਥਾਵਾਂ ਤੇ ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਵਧੀਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ, ਡਾ. ਹਰਪ੍ਰੀਤ ਸਿੰਘ ਢਿਲੋਂ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਈ.ਓ. ਅਰੁਨ ਕੁਮਾਰ, ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨਿਰਮਲ ਸਿੰਘ, ਅਮਰਪਾਲ ਸਿੰਘ ਤੋਂ ਇਲਾਵਾ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।