ਸਿਵਲ ਸਰਜਨ ਦਫ਼ਤਰਾਂ ਵਿਖੇ ਮੰਗ-ਪੱਤਰ ਸੌਂਪ ਕੇ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ
ਗੁਰਦਾਸਪੁਰ, 16 ਜੁਲਾਈ (ਸਰਬਜੀਤ ਸਿੰਘ)– ਪੰਜਾਬ ਭਰ ਵਿੱਚ ਕਮਿਊਨਟੀ ਹੈਲਥ ਅਫ਼ਸਰਾਂ (CHO) ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਸਬੰਧੀ ਸਰਕਾਰ ਦੀ ਲਾਰੇਬਾਜ਼ ਨੀਤੀ ਦੇ ਵਿਰੋਧ ਵਿੱਚ ਜ਼ਿਲ੍ਹਾ ਪੱਧਰ ’ਤੇ ਸਿਵਲ ਸਰਜਨ ਦਫ਼ਤਰਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮਾਣਯੋਗ ਸਿਹਤ ਸਕੱਤਰ, ਪੰਜਾਬ ਦੇ ਨਾਮ ਮੰਗ-ਪੱਤਰ ਸੌਂਪੇ ਗਏ। CHO ਆਗੂਆਂ ਨੇ ਸਿਵਲ ਸਰਜਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਮੰਗ-ਪੱਤਰ ਆਪਣੀਆਂ ਸਿਫ਼ਾਰਸ਼ਾਂ ਸਮੇਤ ਤੁਰੰਤ ਉੱਚ ਅਧਿਕਾਰੀਆਂ ਨੂੰ ਭੇਜਣ ਤਾਂ ਜੋ ਮੰਗਾਂ ਦੇ ਨੋਟੀਫਿਕੇਸ਼ਨ ਬਿਨਾਂ ਹੋਰ ਦੇਰੀ ਜਾਰੀ ਕੀਤੇ ਜਾ ਸਕਣ।
ਇਸ ਮੌਕੇ ਡਾ ਤਰਗੋਤਰਾ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਦੌਰਾਨ ਵਿਭਾਗ ਅਤੇ ਪੰਜਾਬ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਮਿਤੀ 01 ਜੁਲਾਈ 2026 ਨੂੰ ਮਾਣਯੋਗ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਜੀ ਅਤੇ 14 ਜੁਲਾਈ 2026 ਨੂੰ ਮਾਣਯੋਗ ਵਿੱਤ ਮੰਤਰੀ, ਪੰਜਾਬ ਜੀ ਨਾਲ ਹੋਈਆਂ ਮੀਟਿੰਗਾਂ ਵਿੱਚ CHO ਦੀਆਂ ਵਿੱਤੀ ਅਤੇ ਸੇਵਾ ਸਬੰਧੀ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਹੋਈ ਅਤੇ ਉਨ੍ਹਾਂ ਦੇ ਸਮਾਂਬੱਧ ਹੱਲ ਦਾ ਭਰੋਸਾ ਦਿੱਤਾ ਗਿਆ ਸੀ। ਪਰੰਤੂ ਅੱਜ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਾਰਨ ਸਮੂਹ CHO ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ CHO ਦੀਆਂ ਮੁੱਖ ਮੰਗਾਂ ਵਿੱਚ ਕਮਿਊਨਟੀ ਹੈਲਥ ਅਫ਼ਸਰਾਂ ਦਾ ਰੈਗੂਲਰ ਗਰੁੱਪ-ਬੀ ਕੈਡਰ ਸੈਂਕਸ਼ਨ ਕਰਨਾ, ਹੋਰ ਸੂਬਿਆਂ ਦੇ ਮੁਕਾਬਲੇ ਮਿਲ ਰਹੀ ₹5,000 ਪ੍ਰਤੀ ਮਹੀਨਾ ਘੱਟ ਤਨਖਾਹ ਦੀ ਵਿਸੰਗਤੀ ਦੂਰ ਕਰਕੇ ਬਕਾਇਆ ਜਾਰੀ ਕਰਨਾ, ਸਾਲ 2018 ਤੋਂ ਬੰਦ ਕੀਤਾ ਗਿਆ ਲੌਇਲਟੀ ਬੋਨਸ ਮੁੜ ਜਾਰੀ ਕਰਨਾ, CHO ਦੀ ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ ਨਵੇਂ ਜਾਰੀ ਕੀਤੇ ਗਏ ਗੈਰ-ਵਾਜਬ ਇੰਸੈਂਟਿਵ ਪਰਫਾਰਮੇ ਨੂੰ ਵਾਪਸ ਲੈ ਕੇ ਇਸ ਦੀ ਯੋਗ ਤਰੀਕੇ ਨਾਲ ਸਮੀਖਿਆ (Revision) ਕਰਨੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਵਿਭਾਗ ਵੱਲੋਂ ਵੀ ਇਨ੍ਹਾਂ ’ਤੇ ਸਕਾਰਾਤਮਕ ਰਵੱਈਆ ਅਪਣਾਇਆ ਗਿਆ ਹੈ, ਪਰ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਵਾਰ ਭਰੋਸੇ ਤਾਂ ਦਿੱਤੇ ਜਾਂਦੇ ਹਨ ਪਰ ਉਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਜਾਂਦਾ। ਹੁਣ CHO ਸਿਰਫ਼ ਭਰੋਸਿਆਂ ਨਾਲ ਸੰਤੁਸ਼ਟ ਨਹੀਂ ਹੋਣਗੇ, ਸਗੋਂ ਮੰਗਾਂ ਦੇ ਲਿਖਤੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣਗੇ।
ਉਨ੍ਹਾਂ ਦੱਸਿਆ ਕਿ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ CHO ਆਪਣੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਖੇ OPD ਅਤੇ ਟੀ.ਬੀ. (TB) ਸਬੰਧੀ ਸੇਵਾਵਾਂ ਨਿਰੰਤਰ ਜਾਰੀ ਰੱਖਣਗੇ, ਜਦਕਿ ਬਾਕੀ ਸਾਰੀਆਂ ਗਤੀਵਿਧੀਆਂ ਸੰਘਰਸ਼ ਦੇ ਹਿੱਸੇ ਵਜੋਂ ਬੰਦ ਰਹਿਣਗੀਆਂ। ਇਸ ਦੇ ਨਾਲ ਹੀ ਸਮੂਹ CHO ਕਾਲੇ ਬਿੱਲੇ ਲਗਾ ਕੇ ਸਰਕਾਰ ਪ੍ਰਤੀ ਆਪਣਾ ਸ਼ਾਂਤਮਈ ਵਿਰੋਧ ਦਰਜ ਕਰਵਾਉਂਦੇ ਰਹਿਣਗੇ।
CHO ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਗਏ ਤਾਂ 20 ਜੁਲਾਈ 2026 ਨੂੰ ਪੰਜਾਬ ਭਰ ਦੇ ਮਾਣਯੋਗ ਵਿਧਾਇਕਾਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਹਲਕਾ ਇੰਚਾਰਜਾਂ ਨੂੰ ਮਾਣਯੋਗ ਵਿੱਤ ਮੰਤਰੀ ਪੰਜਾਬ ਜੀ ਦੇ ਨਾਮ ਮੈਮੋਰੰਡਮ ਸੌਂਪੇ ਜਾਣਗੇ। ਇਸ ਤੋਂ ਬਾਅਦ ਵੀ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 22 ਜੁਲਾਈ 2026 ਨੂੰ ਸੰਗਰੂਰ ਵਿਖੇ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਨੇੜੇ ਵਿਸ਼ਾਲ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।
ਆਗੂਆਂ ਨੇ ਕਿਹਾ ਕਿ CHO ਹਮੇਸ਼ਾ ਲੋਕ ਹਿੱਤਾਂ ਨੂੰ ਪਹਿਲ ਦਿੰਦੇ ਆਏ ਹਨ ਅਤੇ ਇਸੇ ਲਈ ਸੰਘਰਸ਼ ਦੌਰਾਨ ਵੀ ਜ਼ਰੂਰੀ ਸਿਹਤ ਸੇਵਾਵਾਂ ਜਾਰੀ ਰੱਖੀਆਂ ਜਾ ਰਹੀਆਂ ਹਨ। ਪਰ ਜੇਕਰ ਸਰਕਾਰ ਵੱਲੋਂ ਆਪਣੇ ਦਿੱਤੇ ਭਰੋਸਿਆਂ ਨੂੰ ਅਮਲੀ ਜਾਮਾ ਨਾ ਪਹਿਨਾਇਆ ਗਿਆ ਅਤੇ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਹੋਰ ਦੇਰੀ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਨਿਰੋਲ ਜ਼ਿੰਮੇਵਾਰੀ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਡਾ ਰਵਿੰਦਰ ਸਿੰਘ ਕਾਹਲੋਂ,ਵਿਕਾਸ ਜੌਇਲ,ਸੂਰਜ ਪ੍ਰਕਾਸ਼,ਨਵਜੋਤ ਕੌਰ,ਸਿਮਰਨਜੀਤ ਕੌਰ,ਅਮਨਦੀਪ ਕੌਰ,ਗੌਰਵ ਸ਼ਰਮਾ,ਹਨੀ ਮਹਾਜਨ,ਹਰਪ੍ਰੀਤ ਕੌਰ,ਡਾ ਆਰਤੀ,ਕਮਲਜੀਤ ਸਿੰਘ, ਵਰਿੰਦਰ ਕੌਰ, ਡਾ ਰੁਪਾਲੀ ਆਦਿ ਹਾਜ਼ਰ ਸਨ ।


